
ਚੰਡੀਗੜ੍ਹ, 20 ਜੁਲਾਈ (ਹਿੰ.ਸ.)| ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ। ਇਸ ਗੱਲ ਦੀ ਪੁਸ਼ਟੀ ’ਵਾਰਿਸ ਪੰਜਾਬ ਦੇ’ ਦੇ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਅਯਾਲੀ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਵਿੱਚ ਰਹਿੰਦੇ ਹੋਏ ਵੀ ਲੋਕ ਸਭਾ ਚੋਣਾਂ ਵਿੱਚ ਵੱਡੇ ਫਰਕ ਨਾਲ ਜਿਤਾਇਆ ਸੀ, ਇਸ ਲਈ ਵਿਧਾਨ ਸਭਾ ਚੋਣਾਂ ਵਿੱਚ ਵੀ ਲੋਕਾਂ ਦਾ ਪੂਰਾ ਸਮਰਥਨ ਮਿਲੇਗਾ।
ਮਨਪ੍ਰੀਤ ਅਯਾਲੀ ਨੇ ਕਿਹਾ ਕਿ ਅਜੇ ਇਹ ਤੈਅ ਨਹੀਂ ਹੋਇਆ ਕਿ ਅੰਮ੍ਰਿਤਪਾਲ ਸਿੰਘ ਕਿਸ ਹਲਕੇ ਤੋਂ ਚੋਣ ਲੜਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ ਅਤੇ ਪਾਰਟੀ ਪਹਿਲਾਂ ਹੀ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨ ਚੁੱਕੀ ਹੈ।
ਮੌਜੂਦਾ ਸਮੇਂ ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਪੰਜਾਬ ਸਰਕਾਰ ਵੱਲੋਂ ਉਨ੍ਹਾਂ 'ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਕੀਤੀ ਗਈ ਹੈ, ਜਿਸ ਕਾਰਨ ਉਨ੍ਹਾਂ ਨੂੰ ਅਸਾਮ ਦੀ ਜੇਲ੍ਹ ਵਿੱਚ ਰੱਖਿਆ ਗਿਆ ਹੈ।
2024 ਦੀਆਂ ਲੋਕ ਸਭਾ ਚੋਣਾਂ ਵੀ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਵਿੱਚ ਰਹਿੰਦੇ ਹੋਏ ਲੜੀਆਂ ਸਨ ਅਤੇ ਖਡੂਰ ਸਾਹਿਬ ਹਲਕੇ ਤੋਂ ਸਭ ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਸੀ। ਹਾਲਾਂਕਿ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਉਹ ਇੱਕ ਵਾਰ ਵੀ ਲੋਕ ਸਭਾ ਦੀ ਕਾਰਵਾਈ ਵਿੱਚ ਸ਼ਾਮਲ ਨਹੀਂ ਹੋ ਸਕੇ। ਉਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਿਰਫ਼ ਸਹੁੰ ਚੁਕਵਾਉਣ ਲਈ ਸੰਸਦ ਲਿਆਂਦਾ ਗਿਆ ਸੀ।
ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਜੇਕਰ 2027 ਦੀਆਂ ਚੋਣਾਂ ਤੱਕ ਅੰਮ੍ਰਿਤਪਾਲ ਸਿੰਘ ਨੂੰ ਰਿਹਾਈ ਨਹੀਂ ਮਿਲਦੀ ਤਾਂ ਉਹ ਜੇਲ੍ਹ ਵਿੱਚੋਂ ਹੀ ਵਿਧਾਨ ਸਭਾ ਚੋਣ ਲੜਣਗੇ। ਇਸ ਐਲਾਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਚਰਚਾਵਾਂ ਦਾ ਦੌਰ ਤੇਜ਼ ਹੋ ਗਿਆ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH