
ਹਰ ਪਿੰਡ ਵਿੱਚ ਘੱਟੋ-ਘੱਟ ਦੋ ਕੰਮ ਸ਼ੁਰੂ ਕਰਕੇ 20 ਮਜ਼ਦੂਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ: ਏਡੀਸੀ ਸੋਨਮ ਚੌਧਰੀ
ਮੋਹਾਲੀ, 20 ਜੁਲਾਈ (ਹਿੰ.ਸ.)| ਵਿਕਸਿਤ ਭਾਰਤ-ਗਰੰਟੀ ਫਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) ਸਕੀਮ ਦੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਦਾ ਆਯੋਜਨ ਕੀਤਾ ਗਿਆ। ਗ੍ਰਾਮ ਸਭਾਵਾਂ ਦੌਰਾਨ ਗ੍ਰਾਮ ਪੰਚਾਇਤਾਂ ਨੂੰ ਵੱਧ ਤੋਂ ਵੱਧ ਬੇਰੁਜ਼ਗਾਰ ਪੇਂਡੂ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਉਨ੍ਹਾਂ ਨੂੰ ਤੁਰੰਤ ਰੁਜ਼ਗਾਰ ਨਾਲ ਜੋੜਨ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਗਈ।
ਪਿੰਡ ਮੌਜਪੁਰ ਵਿੱਚ ਗ੍ਰਾਮ ਸਭਾ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਕਿਹਾ ਕਿ ਗ੍ਰਾਮ ਰੋਜ਼ਗਾਰ ਸੇਵਕਾਂ ਦੀ ਚੱਲ ਰਹੀ ਹੜਤਾਲ ਦੇ ਮੱਦੇਨਜ਼ਰ ਸਰਕਾਰ ਵੱਲੋਂ ਨਵੇਂ ਜੌਬ ਕਾਰਡ ਬਣਾਉਣ, ਮਸਟਰ ਰੋਲ ਜਾਰੀ ਕਰਨ ਅਤੇ ਸਕੀਮ ਨਾਲ ਸਬੰਧਤ ਸਾਰੀਆਂ ਕਾਰਵਾਈਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹੋਰ ਸਕੀਮਾਂ ਦੇ ਸਟਾਫ਼ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਤਾਂ ਜੋ ਰਜਿਸਟ੍ਰੇਸ਼ਨ ਅਤੇ ਰੁਜ਼ਗਾਰ ਪ੍ਰਕਿਰਿਆ ਪ੍ਰਭਾਵਿਤ ਨਾ ਹੋਵੇ।
ਉਨ੍ਹਾਂ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਮੇਟਾਂ ਅਤੇ ਮਨਰੇਗਾ ਮਜ਼ਦੂਰਾਂ ਨੂੰ ਤੁਰੰਤ ਕੰਮ ਸ਼ੁਰੂ ਕਰਵਾਉਣ ਲਈ ਪ੍ਰੇਰਿਤ ਕਰਨ ਅਤੇ ਮਸਟਰ ਰੋਲ ਬਿਨਾਂ ਕਿਸੇ ਦੇਰੀ ਦੇ ਜਾਰੀ ਕਰਵਾਉਣ ਨਾਲ ਹੀ ਮੇਟਾਂ ਰਾਹੀਂ ਮਜ਼ਦੂਰਾਂ ਦੀ ਹਾਜ਼ਰੀ ਦੀ ਸਹੀ ਤਸਦੀਕ ਯਕੀਨੀ ਬਣਾਈ ਜਾਵੇ।
ਏਡੀਸੀ ਨੇ ਕਿਹਾ ਕਿ ਸ਼ੁਰੂਆਤੀ ਪੜਾਅ ਵਿੱਚ ਹਰ ਪਿੰਡ ਵਿੱਚ ਘੱਟੋ-ਘੱਟ ਦੋ ਵਿਕਾਸ ਕਾਰਜ ਸ਼ੁਰੂ ਕਰਕੇ ਘੱਟੋ-ਘੱਟ 20 ਮਜ਼ਦੂਰਾਂ ਨੂੰ ਰੁਜ਼ਗਾਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਥਾਨਕ ਲੋੜ ਅਤੇ ਕੰਮਾਂ ਦੀ ਉਪਲਬਧਤਾ ਅਨੁਸਾਰ ਇਸ ਗਿਣਤੀ ਨੂੰ ਅੱਗੇ ਹੋਰ ਵਧਾਇਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਪੇਂਡੂ ਪਰਿਵਾਰਾਂ ਨੂੰ ਰੁਜ਼ਗਾਰ ਦੇ ਮੌਕੇ ਮਿਲ ਸਕਣ।
ਸੋਨਮ ਚੌਧਰੀ ਨੇ ਦੱਸਿਆ ਕਿ ਸਕੀਮ ਤਹਿਤ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ ਲਈ ਮਟੀਰੀਅਲ ਦੀ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾਵੇਗੀ, ਕਿਉਂਕਿ ਇਸ ਲਈ ਭਾਰਤ ਸਰਕਾਰ ਵੱਲੋਂ ਪਹਿਲਾਂ ਹੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀਐਮਏਵਾਈ), ਪੌਦੇ ਲਗਾਉਣ, ਸਿੰਚਾਈ ਚੈਨਲਾਂ ਅਤੇ ਖਾਲਿਆਂ ਦੀ ਉਸਾਰੀ, ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਪੰਚਾਇਤ ਭਵਨਾਂ ਨਾਲ ਸਬੰਧਤ ਮਨਜ਼ੂਰਸ਼ੁਦਾ ਕੰਮਾਂ ਨੂੰ ਤਰਜੀਹ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਸਕੀਮ ਨੂੰ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਸਮੇਂਬੱਧ ਢੰਗ ਨਾਲ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਗ੍ਰਾਮ ਪੰਚਾਇਤਾਂ, ਸਬੰਧਤ ਵਿਭਾਗਾਂ ਅਤੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਯੋਗ ਪੇਂਡੂ ਪਰਿਵਾਰਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਪਰਮਬੀਰ ਕੌਰ ਬਰਾੜ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਧਨਵੰਤ ਸਿੰਘ, ਪਿੰਡ ਮੌਜਪੁਰ ਦੀ ਸਰਪੰਚ ਸੰਦੀਪ ਕੌਰ, ਪੰਚਾਇਤ ਮੈਂਬਰ, ਸਕੀਮ ਅਧੀਨ ਕੰਮ ਕਰ ਰਹੇ ਮਜ਼ਦੂਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਗ੍ਰਾਮ ਸਭਾ ਦੌਰਾਨ ਪਿੰਡ ਦੇ ਵਿਕਾਸ ਨਾਲ ਸਬੰਧਤ ਸੁਝਾਅ ਵੀ ਲਏ ਗਏ ਅਤੇ ਉਨ੍ਹਾਂ ਨੂੰ ਤਰਜੀਹੀ ਆਧਾਰ 'ਤੇ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ।
ਹਿੰਦੂਸਥਾਨ ਸਮਾਚਾਰ / GURSHARAN SINGH