
ਬਾਪੂ ਲਾਲ ਬਾਦਸ਼ਾਹ ਜੀ ਦੀਆਂ ਸਿੱਖਿਆਵਾਂ ਨੂੰ ਦੱਸਿਆ ਸਮਾਜ ਲਈ ਪ੍ਰੇਰਣਾ
ਨਕੋਦਰ, 20 ਜੁਲਾਈ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜਲੰਧਰ ਦੇ ਨਕੋਦਰ ਵਿਖੇ ਸਥਿਤ ਦਰਬਾਰ ਬਾਪੂ ਲਾਲ ਬਾਦਸ਼ਾਹ ਜੀ ਵਿੱਚ ਮਨਾਏ ਜਾ ਰਹੇ 43ਵੇਂ ਤਿੰਨ ਰੋਜ਼ਾ ਮੇਲੇ ਵਿੱਚ ਸ਼ਿਰਕਤ ਕਰਦਿਆਂ ਕਿਹਾ ਕਿ ਬਾਪੂ ਲਾਲ ਬਾਦਸ਼ਾਹ ਜੀ ਦਾ ਜੀਵਨ ਪਿਆਰ, ਭਾਈਚਾਰੇ, ਮਨੁੱਖਤਾ ਅਤੇ ਸਮਾਜਿਕ ਏਕਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਬਾਪੂ ਲਾਲ ਬਾਦਸ਼ਾਹ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਗਰੀਬ, ਲੋੜਵੰਦ ਅਤੇ ਵਾਂਝੇ ਵਰਗ ਦੀ ਭਲਾਈ ਲਈ ਲੋਕ-ਹਿਤੈਸ਼ੀ ਯੋਜਨਾਵਾਂ ਚਲਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਕੋਦਰ ਦੀ ਇਸ ਪਵਿੱਤਰ ਧਰਤੀ 'ਤੇ ਮੱਥਾ ਟੇਕਣਾ ਉਨ੍ਹਾਂ ਲਈ ਮਾਣ ਅਤੇ ਸੁਭਾਗ ਦੀ ਗੱਲ ਹੈ। ਉਨ੍ਹਾਂ ਸਮਾਗਮ ਦੇ ਆਯੋਜਕਾਂ ਅਤੇ ਦਰਬਾਰ ਦੇ ਗੱਦੀਨਸ਼ੀਨ ਅਤੇ ਸਾਬਕਾ ਸੰਸਦ ਮੈਂਬਰ ਹੰਸਰਾਜ ਹੰਸ ਦਾ ਸੱਦਾ ਦੇਣ ਅਤੇ ਨਿੱਘਾ ਸਵਾਗਤ ਕਰਨ ਲਈ ਧੰਨਵਾਦ ਕੀਤਾ।
ਆਪਣੇ ਸੰਬੋਧਨ ਦੌਰਾਨ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਭਾਵੇਂ ਵੱਖ-ਵੱਖ ਰਾਜ ਹਨ, ਪਰ ਦੋਵਾਂ ਦੀ ਸੱਭਿਆਚਾਰਕ ਵਿਰਾਸਤ, ਗੁਰੂ ਪਰੰਪਰਾ ਅਤੇ ਆਪਸੀ ਰਿਸ਼ਤੇ ਇੱਕੋ ਜਿਹੇ ਹਨ। ਉਨ੍ਹਾਂ ਦੋਵਾਂ ਸੂਬਿਆਂ ਨੂੰ ਇੱਕੋ ਪਰਿਵਾਰ ਦੇ ਦੋ ਭਰਾਵਾਂ ਵਾਂਗ ਦੱਸਦਿਆਂ ਕਿਹਾ ਕਿ ਦੋਵੇਂ ਰਾਜ ਪਿਆਰ, ਸਦਭਾਵਨਾ ਅਤੇ ਵਿਕਾਸ ਦੇ ਰਾਹ 'ਤੇ ਮਿਲ ਕੇ ਅੱਗੇ ਵਧਣਗੇ। ਉਨ੍ਹਾਂ ਪੰਜਾਬ ਦੀ ਤਰੱਕੀ ਅਤੇ ਦੋਵਾਂ ਰਾਜਾਂ ਦੀ ਖੁਸ਼ਹਾਲੀ ਲਈ ਵੀ ਅਰਦਾਸ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਟੀਚਾ ਸਮਾਜ ਦੇ ਆਖਰੀ ਵਿਅਕਤੀ ਤੱਕ ਵਿਕਾਸ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਅੰਤੋਦਯਾ ਦੇ ਸਿਧਾਂਤ ਨੂੰ ਅਮਲ ਵਿੱਚ ਲਿਆਉਂਦੇ ਹੋਏ ਸਰਕਾਰ ਗਰੀਬ ਅਤੇ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ।
ਇਸ ਮੌਕੇ ਸਾਬਕਾ ਸੰਸਦ ਮੈਂਬਰ ਹੰਸਰਾਜ ਹੰਸ ਨੇ ਕਿਹਾ ਕਿ ਬਾਪੂ ਲਾਲ ਬਾਦਸ਼ਾਹ ਜੀ ਦਾ ਦਰਬਾਰ ਪਿਆਰ, ਇਨਸਾਨੀਅਤ ਅਤੇ ਸੂਫੀ ਪਰੰਪਰਾ ਦਾ ਕੇਂਦਰ ਹੈ। ਉਨ੍ਹਾਂ ਕਿਹਾ ਕਿ ਬਾਪੂ ਲਾਲ ਬਾਦਸ਼ਾਹ ਜੀ ਦਾ ਸੰਦੇਸ਼ ਜਾਤ-ਪਾਤ, ਧਰਮ ਅਤੇ ਵਿਤਕਰੇ ਤੋਂ ਉੱਪਰ ਉੱਠ ਕੇ ਮਨੁੱਖਤਾ ਨੂੰ ਅਪਣਾਉਣ ਦਾ ਹੈ। ਉਨ੍ਹਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਸਾਦਗੀ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਰੁਝੇਵਿਆਂ ਦੇ ਬਾਵਜੂਦ ਉਨ੍ਹਾਂ ਦਾ ਦਰਬਾਰ ਵਿੱਚ ਪਹੁੰਚਣਾ ਸ਼ਰਧਾ ਅਤੇ ਸਤਿਕਾਰ ਦਾ ਪ੍ਰਤੀਕ ਹੈ। ਸਮਾਗਮ ਵਿੱਚ ਸਾਬਕਾ ਸੰਸਦ ਮੈਂਬਰ ਸੁਨੀਤਾ ਦੁੱਗਲ, ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਮੰਤਰੀ ਅਸੀਮ ਗੋਇਲ, ਜਗਬੀਰ ਸਿੰਘ ਬਰਾੜ, ਗੁਲਾਬ ਸਿੰਘ ਸੰਧੂ ਸਮੇਤ ਕਈ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH