ਡੇਰਾਬੱਸੀ ਵਿੱਚ ਵਿਧਾਇਕ ਨੇ ਰੋਜ਼ਗਾਰ ਗਾਰੰਟੀ ਸਕੀਮ ਸਬੰਧੀ ਸਰਪੰਚਾਂ ਨਾਲ ਕੀਤੀ ਮੀਟਿੰਗ
ਹਰ ਪਿੰਡ ਵਿੱਚ ਘੱਟੋ-ਘੱਟ ਦੋ ਕੰਮ ਅਤੇ 20 ਮਜ਼ਦੂਰਾਂ ਨੂੰ ਰੋਜ਼ਗਾਰ ਦੇਣ ਦੇ ਨਿਰਦੇਸ਼ ਗ੍ਰਾਮ ਸੇਵਕਾਂ ਦੀ ਹੜਤਾਲ ਦੇ ਬਾਵਜੂਦ ਰਜਿਸਟ੍ਰੇਸ਼ਨ ਜਾਰੀ ਰੱਖਣ ਲਈ ਬਦਲਵੇਂ ਪ੍ਰਬੰਧ ਡੇਰਾਬੱਸੀ, 20 ਜੁਲਾਈ (ਹਿੰ.ਸ.)| ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਬਲਾਕ ਡੇਰਾਬੱਸੀ ਦੇ ਬਲਾਕ ਸਮਿਤੀ ਮ
ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ।


ਹਰ ਪਿੰਡ ਵਿੱਚ ਘੱਟੋ-ਘੱਟ ਦੋ ਕੰਮ ਅਤੇ 20 ਮਜ਼ਦੂਰਾਂ ਨੂੰ ਰੋਜ਼ਗਾਰ ਦੇਣ ਦੇ ਨਿਰਦੇਸ਼

ਗ੍ਰਾਮ ਸੇਵਕਾਂ ਦੀ ਹੜਤਾਲ ਦੇ ਬਾਵਜੂਦ ਰਜਿਸਟ੍ਰੇਸ਼ਨ ਜਾਰੀ ਰੱਖਣ ਲਈ ਬਦਲਵੇਂ ਪ੍ਰਬੰਧ

ਡੇਰਾਬੱਸੀ, 20 ਜੁਲਾਈ (ਹਿੰ.ਸ.)| ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਬਲਾਕ ਡੇਰਾਬੱਸੀ ਦੇ ਬਲਾਕ ਸਮਿਤੀ ਮੈਂਬਰਾਂ, ਸਰਪੰਚਾਂ ਅਤੇ ਪੰਚਾਂ ਨਾਲ ਵਿਕਸਿਤ ਭਾਰਤ-ਗਰੰਟੀ ਫਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) ਸਕੀਮ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਮਜ਼ਦੂਰਾਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਇਸ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ ਅਤੇ ਬੇਰੁਜ਼ਗਾਰ ਪੇਂਡੂ ਮਜ਼ਦੂਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਵਿਧਾਇਕ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਇਸ ਸਕੀਮ ਸਬੰਧੀ ਭਾਰਤ ਸਰਕਾਰ ਕੋਲ ਆਪਣਾ ਵਿਰੋਧ ਦਰਜ ਕਰਵਾਇਆ ਹੈ, ਪਰ ਕਾਨੂੰਨ ਅਨੁਸਾਰ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਪੇਂਡੂ ਬੇਰੁਜ਼ਗਾਰ ਮਜ਼ਦੂਰਾਂ ਨੂੰ ਰੋਜ਼ਗਾਰ ਦਿੱਤਾ ਜਾਵੇ। ਇਸੇ ਲਈ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨਾ ਲਾਜ਼ਮੀ ਹੈ।ਉਨ੍ਹਾਂ ਦੱਸਿਆ ਕਿ ਗ੍ਰਾਮ ਰੋਜ਼ਗਾਰ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਕੁਝ ਲੋਕਾਂ ਵੱਲੋਂ ਇਹ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸਰਕਾਰ ਇਸ ਸਕੀਮ ਨੂੰ ਲੈ ਕੇ ਗੰਭੀਰ ਨਹੀਂ ਹੈ, ਜਦਕਿ ਅਸਲ ਵਿੱਚ ਸਰਕਾਰ ਨੇ ਰਜਿਸਟ੍ਰੇਸ਼ਨ ਅਤੇ ਹੋਰ ਕਾਰਵਾਈ ਪ੍ਰਭਾਵਿਤ ਨਾ ਹੋਵੇ, ਇਸ ਲਈ ਹੋਰ ਸਕੀਮਾਂ ਦੇ ਸਟਾਫ਼ ਦੀਆਂ ਡਿਊਟੀਆਂ ਲਗਾ ਕੇ ਬਦਲਵੇਂ ਪ੍ਰਬੰਧ ਕੀਤੇ ਹਨ। ਨਵੇਂ ਜੌਬ ਕਾਰਡ ਬਣਾਉਣ, ਮਸਟਰ ਰੋਲ ਜਾਰੀ ਕਰਨ ਅਤੇ ਹੋਰ ਕਾਰਵਾਈ ਲਗਾਤਾਰ ਜਾਰੀ ਹੈ।ਕੁਲਜੀਤ ਸਿੰਘ ਰੰਧਾਵਾ ਨੇ ਸਰਪੰਚਾਂ ਨੂੰ ਹਦਾਇਤ ਕੀਤੀ ਕਿ ਉਹ ਮੇਟਾਂ ਅਤੇ ਮਨਰੇਗਾ ਮਜ਼ਦੂਰਾਂ ਨੂੰ ਤੁਰੰਤ ਕੰਮ ਸ਼ੁਰੂ ਕਰਵਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਮਸਟਰ ਰੋਲ ਤੁਰੰਤ ਜਾਰੀ ਕੀਤੇ ਜਾਣ ਅਤੇ ਮਜ਼ਦੂਰਾਂ ਦੀ ਹਾਜ਼ਰੀ ਦੀ ਸਹੀ ਤਸਦੀਕ ਕਰਕੇ ਦਰਜ ਕੀਤੀ ਜਾਵੇ।ਉਨ੍ਹਾਂ ਅਪੀਲ ਕੀਤੀ ਕਿ ਹਰ ਪਿੰਡ ਵਿੱਚ ਸ਼ੁਰੂਆਤੀ ਪੜਾਅ ਵਿੱਚ ਘੱਟੋ-ਘੱਟ ਦੋ ਵਿਕਾਸ ਕਾਰਜ ਸ਼ੁਰੂ ਕੀਤੇ ਜਾਣ ਅਤੇ ਘੱਟੋ-ਘੱਟ 20 ਮਜ਼ਦੂਰਾਂ ਨੂੰ ਰੋਜ਼ਗਾਰ ਦਿੱਤਾ ਜਾਵੇ। ਲੋੜ ਅਨੁਸਾਰ ਅਗਲੇ ਦਿਨਾਂ ਵਿੱਚ ਮਜ਼ਦੂਰਾਂ ਦੀ ਗਿਣਤੀ ਅਤੇ ਕੰਮਾਂ ਵਿੱਚ ਵਾਧਾ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਮਿਲ ਸਕੇ।ਵਿਧਾਇਕ ਨੇ ਦੱਸਿਆ ਕਿ ਹੁਣ ਇਸ ਸਕੀਮ ਤਹਿਤ ਸ਼ੁਰੂ ਹੋਣ ਵਾਲੇ ਕੰਮਾਂ ਲਈ ਮਟੀਰੀਅਲ ਦੀ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾਵੇਗੀ, ਕਿਉਂਕਿ ਭਾਰਤ ਸਰਕਾਰ ਵੱਲੋਂ ਇਸ ਲਈ ਪਹਿਲਾਂ ਹੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਚੱਲ ਰਹੇ ਅਧੂਰੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਪੀਐਮਏਵਾਈ ਅਧੀਨ ਮਕਾਨਾਂ ਦੇ ਕੰਮ, ਪੌਦੇ ਲਗਾਉਣ, ਸਿੰਚਾਈ ਚੈਨਲਾਂ ਅਤੇ ਖਾਲਿਆਂ ਦੀ ਉਸਾਰੀ, ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਪੰਚਾਇਤ ਭਵਨਾਂ ਨਾਲ ਸਬੰਧਤ ਮਨਜ਼ੂਰਸ਼ੁਦਾ ਕੰਮਾਂ ਨੂੰ ਪਹਿਲ ਦਿੱਤੀ ਜਾਵੇ।ਉਨ੍ਹਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਸਕੀਮ ਨੂੰ ਸਫ਼ਲ ਬਣਾਉਣ ਲਈ ਸਰਗਰਮ ਸਹਿਯੋਗ ਦੇਣ, ਰਜਿਸਟ੍ਰੇਸ਼ਨ ਮੁਹਿੰਮ ਨੂੰ ਕਾਮਯਾਬ ਬਣਾਉਣ ਅਤੇ ਪਿੰਡਾਂ ਵਿੱਚ ਰੋਜ਼ਗਾਰ ਪੈਦਾ ਕਰਨ ਵਾਲੇ ਕੰਮਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਸ਼ੁਰੂ ਕਰਵਾਉਣ, ਤਾਂ ਜੋ ਰਜਿਸਟਰਡ ਮਜ਼ਦੂਰਾਂ ਦੇ ਹਿੱਤ ਕਿਸੇ ਵੀ ਤਰ੍ਹਾਂ ਪ੍ਰਭਾਵਿਤ ਨਾ ਹੋਣ। ਇਸ ਮੌਕੇ ਐਸਡੀਐਮ ਡੇਰਾਬੱਸੀ ਅਮਿਤ ਗੁਪਤਾ, ਬੀਡੀਪੀਓ ਬਲਜੀਤ ਸਿੰਘ ਸੋਹੀ ਸਮੇਤ ਵੱਡੀ ਗਿਣਤੀ ਵਿੱਚ ਸਰਪੰਚ, ਪੰਚ ਅਤੇ ਹੋਰ ਪਿੰਡਾਂ ਦੇ ਨੁਮਾਇੰਦੇ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande