
ਪਠਾਨਕੋਟ ਵਿੱਚ ਮੀਂਹ ਨਾਲ ਮੌਸਮ ਸੁਹਾਵਣਾ, ਬਠਿੰਡਾ 40.8 ਡਿਗਰੀ ਨਾਲ ਸਭ ਤੋਂ ਗਰਮ; ਉਮਸ ਤੋਂ ਜਲਦ ਮਿਲ ਸਕਦੀ ਹੈ ਰਾਹਤਚੰਡੀਗੜ੍ਹ, 20 ਜੁਲਾਈ (ਹਿੰ.ਸ.)| ਚੰਡੀਗੜ੍ਹ ਅਤੇ ਪੰਜਾਬ ਵਿੱਚ ਪੈ ਰਹੀ ਭਾਰੀ ਗਰਮੀ ਅਤੇ ਉਮਸ ਤੋਂ ਲੋਕਾਂ ਨੂੰ ਜਲਦ ਰਾਹਤ ਮਿਲਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਅਗਲੇ 48 ਘੰਟਿਆਂ ਦੌਰਾਨ ਮਾਨਸੂਨ ਦੀ ਸਰਗਰਮੀ ਵਧੇਗੀ, ਜਿਸ ਕਾਰਨ ਚੰਡੀਗੜ੍ਹ, ਮੋਹਾਲੀ ਅਤੇ ਪੰਜਾਬ ਦੇ ਕਈ ਇਲਾਕਿਆਂ ਵਿੱਚ 21 ਤੋਂ 23 ਜੁਲਾਈ ਤੱਕ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ਵਿੱਚ 6.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਹਾਲਾਂਕਿ ਮੀਂਹ ਤੋਂ ਬਾਅਦ ਧੁੱਪ ਨਿਕਲਣ ਕਾਰਨ ਉਮਸ ਵਿੱਚ ਵਾਧਾ ਹੋ ਗਿਆ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2.7 ਡਿਗਰੀ ਵੱਧ ਰਿਹਾ। ਘੱਟੋ-ਘੱਟ ਤਾਪਮਾਨ 26.4 ਡਿਗਰੀ ਸੈਲਸੀਅਸ ਰਿਹਾ, ਜਦਕਿ ਹਵਾ ਵਿੱਚ ਵੱਧ ਤੋਂ ਵੱਧ ਨਮੀ 91 ਫੀਸਦੀ ਤੱਕ ਪਹੁੰਚ ਗਈ।ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ 1 ਜੂਨ ਤੋਂ ਹੁਣ ਤੱਕ ਚੰਡੀਗੜ੍ਹ ਵਿੱਚ 214.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ 30.6 ਫੀਸਦੀ ਘੱਟ ਹੈ। ਪੰਜਾਬ ਦੇ ਕੁਝ ਹਿੱਸਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਹਲਕੇ ਤੋਂ ਦਰਮਿਆਨੇ ਮੀਂਹ ਦੀ ਰਿਕਾਰਡਿੰਗ ਹੋਈ, ਪਰ ਇਸ ਦੇ ਬਾਵਜੂਦ ਕਈ ਜ਼ਿਲ੍ਹਿਆਂ ਵਿੱਚ ਗਰਮੀ ਦਾ ਅਸਰ ਜਾਰੀ ਰਿਹਾ। ਬਠਿੰਡਾ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 40.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਬਾਅਦ ਫਿਰੋਜ਼ਪੁਰ ਵਿੱਚ 37.3 ਡਿਗਰੀ ਅਤੇ ਬਰਨਾਲਾ ਵਿੱਚ 36.9 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ।ਦੂਜੇ ਪਾਸੇ ਪਠਾਨਕੋਟ ਵਿੱਚ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ ਅਤੇ ਉੱਥੇ ਸੂਬੇ ਦਾ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 25.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ ਇੱਕ ਡਿਗਰੀ ਸੈਲਸੀਅਸ ਘੱਟ ਰਿਹਾ ਅਤੇ ਆਮ ਦੇ ਆਸ-ਪਾਸ ਬਣਿਆ ਹੋਇਆ ਹੈ।ਮੌਸਮ ਵਿਭਾਗ ਦੇ ਸੱਤ ਦਿਨਾਂ ਦੇ ਪੂਰਵ ਅਨੁਮਾਨ ਅਨੁਸਾਰ ਅੱਜ ਉੱਤਰੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। 21 ਜੁਲਾਈ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵਿਆਪਕ ਮੀਂਹ ਹੋਣ ਦੀ ਸੰਭਾਵਨਾ ਹੈ, ਜਦਕਿ 21 ਤੋਂ 23 ਜੁਲਾਈ ਦਰਮਿਆਨ ਚੰਡੀਗੜ੍ਹ, ਮੋਹਾਲੀ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦਾ ਅਨੁਮਾਨ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH