ਸਿਮਰਨਜੀਤ ਸਿੰਘ ਮਾਨ ਭੜਕਾਊ ਬਿਆਨਬਾਜ਼ੀ ਤੋਂ ਗੁਰੇਜ਼ ਕਰਨ: ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ, 20 ਜੁਲਾਈ (ਹਿੰ.ਸ.)| ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਬ੍ਰਿਟੇਨ ਦੌਰੇ ਦੌਰਾਨ ਦਿੱਤੇ ਗਏ ਬਿਆਨਾਂ ਦੀ ਸਖ਼ਤ ਨਿੰਦਾ ਕਰਦਿਆਂ ਉਨ੍ਹਾਂ ਨੂੰ ਭੜਕਾਊ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹ
ਪ੍ਰੋ. ਸਰਚਾਂਦ ਸਿੰਘ ਖਿਆਲਾ।


ਅੰਮ੍ਰਿਤਸਰ, 20 ਜੁਲਾਈ (ਹਿੰ.ਸ.)| ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਬ੍ਰਿਟੇਨ ਦੌਰੇ ਦੌਰਾਨ ਦਿੱਤੇ ਗਏ ਬਿਆਨਾਂ ਦੀ ਸਖ਼ਤ ਨਿੰਦਾ ਕਰਦਿਆਂ ਉਨ੍ਹਾਂ ਨੂੰ ਭੜਕਾਊ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਅਦਾਲਤੀ ਫ਼ੈਸਲੇ ਜਾਂ ਪ੍ਰਮਾਣਿਤ ਸਬੂਤ ਦੇ ਦੇਸ਼ ਦੇ ਪ੍ਰਧਾਨ ਮੰਤਰੀ, ਕੇਂਦਰੀ ਮੰਤਰੀਆਂ ਅਤੇ ਸੁਰੱਖਿਆ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ 'ਤੇ ਕਤਲ ਵਰਗੇ ਗੰਭੀਰ ਦੋਸ਼ ਲਗਾਉਣਾ ਲੋਕਤੰਤਰੀ ਮਰਿਆਦਾਵਾਂ ਅਤੇ ਸੰਵਿਧਾਨਕ ਸੰਸਥਾਵਾਂ ਦੀ ਭਰੋਸੇਯੋਗਤਾ ਨੂੰ ਠੇਸ ਪਹੁੰਚਾਉਣ ਵਾਲਾ ਹੈ।

ਪ੍ਰੋ. ਖਿਆਲਾ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਦੀ ਰਾਜਨੀਤੀ ਲੰਬੇ ਸਮੇਂ ਤੋਂ ਵਿਵਾਦ ਅਤੇ ਭਰਮ ਪੈਦਾ ਕਰਨ ਵਾਲੇ ਬਿਆਨਾਂ 'ਤੇ ਆਧਾਰਿਤ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਰੁਜ਼ਗਾਰ, ਨਸ਼ਿਆਂ, ਸਿੱਖਿਆ, ਖੇਤੀਬਾੜੀ ਅਤੇ ਉਦਯੋਗਿਕ ਵਿਕਾਸ ਵਰਗੀਆਂ ਗੰਭੀਰ ਚੁਣੌਤੀਆਂ ਨਾਲ ਜੂਝ ਰਹੇ ਹਨ, ਪਰ ਅਜਿਹੇ ਬਿਆਨ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਦਾ ਕੰਮ ਕਰਦੇ ਹਨ।

ਭਾਜਪਾ ਬੁਲਾਰੇ ਨੇ ਕਿਹਾ ਕਿ ਵਿਦੇਸ਼ੀ ਧਰਤੀ ਤੋਂ ਭਾਰਤ ਦੀਆਂ ਸੰਸਥਾਵਾਂ ਅਤੇ ਸੁਰੱਖਿਆ ਏਜੰਸੀਆਂ 'ਤੇ ਨਿਰਾਧਾਰ ਦੋਸ਼ ਲਗਾਉਣਾ ਦੇਸ਼ ਵਿਰੋਧੀ ਤਾਕਤਾਂ ਨੂੰ ਪ੍ਰਚਾਰ ਦਾ ਮੌਕਾ ਦੇਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿਮਰਨਜੀਤ ਸਿੰਘ ਮਾਨ ਕੋਲ ਕੋਈ ਠੋਸ ਸਬੂਤ ਹਨ ਤਾਂ ਉਹ ਉਨ੍ਹਾਂ ਨੂੰ ਅਦਾਲਤ ਜਾਂ ਸਬੰਧਤ ਜਾਂਚ ਏਜੰਸੀਆਂ ਅੱਗੇ ਪੇਸ਼ ਕਰਨ।

ਪ੍ਰੋ. ਖਿਆਲਾ ਨੇ ਕਿਹਾ ਕਿ ਸਿੱਖ ਧਰਮ ਦਾ ਮੁੱਖ ਸੰਦੇਸ਼ ਸੱਚ, ਨਿਆਂ, ਨਿਮਰਤਾ ਅਤੇ ‘ਸਰਬੱਤ ਦਾ ਭਲਾ’ ਹੈ। ਗੁਰੂ ਸਾਹਿਬਾਨ ਨੇ ਕਦੇ ਵੀ ਨਫ਼ਰਤ ਜਾਂ ਵੱਖਵਾਦ ਨੂੰ ਪ੍ਰੋਤਸਾਹਿਤ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਭਾਰਤ ਦੀ ਏਕਤਾ, ਮਨੁੱਖਤਾ ਦੀ ਰੱਖਿਆ ਅਤੇ ਧਾਰਮਿਕ ਆਜ਼ਾਦੀ ਲਈ ਦਿੱਤੀਆਂ ਮਹਾਨ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ ਅਤੇ ਇਸ ਵਿਰਾਸਤ ਨੂੰ ਭਾਰਤ ਵਿਰੋਧੀ ਬਿਰਤਾਂਤ ਨਾਲ ਜੋੜਨਾ ਸਿੱਖ ਪਰੰਪਰਾ ਦਾ ਅਪਮਾਨ ਹੈ।

ਉਨ੍ਹਾਂ ਸਿਮਰਨਜੀਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਉਹ ਭੜਕਾਊ ਅਤੇ ਬੇਬੁਨਿਆਦ ਬਿਆਨਬਾਜ਼ੀ ਤੋਂ ਗੁਰੇਜ਼ ਕਰਨ ਅਤੇ ਸਿੱਖ ਨੌਜਵਾਨਾਂ ਨੂੰ ਗੁਰਮਤ, ਸੰਵਿਧਾਨ, ਲੋਕਤੰਤਰ, ਰਾਸ਼ਟਰ ਨਿਰਮਾਣ ਅਤੇ ਸਮਾਜ ਸੇਵਾ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਦੇਸ਼ ਨੂੰ ਅੱਜ ਸ਼ਾਂਤੀ, ਵਿਕਾਸ, ਸਮਾਜਿਕ ਸਦਭਾਵਨਾ ਅਤੇ ਰਾਸ਼ਟਰੀ ਏਕਤਾ ਦੀ ਲੋੜ ਹੈ, ਨਾ ਕਿ ਅਜਿਹੀ ਰਾਜਨੀਤੀ ਦੀ ਜੋ ਸਮਾਜ ਵਿੱਚ ਵੰਡ ਅਤੇ ਅਵਿਸ਼ਵਾਸ ਪੈਦਾ ਕਰੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande