
ਚੰਡੀਗੜ੍ਹ, 21 ਜੁਲਾਈ (ਹਿੰ.ਸ.)| ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਨੂਰਪੁਰ ਬੇਦੀ ਬਲਾਕ ਦੇ ਪਿੰਡਾਂ ਨੂੰ ਪਹਿਲੀ ਵਾਰ ਪੜਾਅਵਾਰ ਢੰਗ ਨਾਲ ਸਿੰਚਾਈ ਦੀ ਪੱਕੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਰੀਬ 650 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਇਸ ਮਹੱਤਵਪੂਰਨ ਯੋਜਨਾ ਤਹਿਤ ਸਤਲੁਜ ਦਰਿਆ ਅਤੇ ਸਵਾਂ ਨਦੀ ਦੇ ਪਾਣੀ ਦੀ ਵਰਤੋਂ ਕਰਕੇ ਕਿਸਾਨਾਂ ਤੱਕ ਸਿੰਚਾਈ ਲਈ ਪਾਣੀ ਪਹੁੰਚਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਨੂਰਪੁਰ ਬੇਦੀ ਦੇ ਪਿੰਡ ਆਜ਼ਾਦੀ ਤੋਂ ਬਾਅਦ ਵੀ ਸਿੰਚਾਈ ਸਹੂਲਤਾਂ ਤੋਂ ਵਾਂਝੇ ਰਹੇ ਹਨ। ਇਸ ਸਮੱਸਿਆ ਦੇ ਸਥਾਈ ਹੱਲ ਲਈ ਵੱਖ-ਵੱਖ ਵਿਕਲਪਾਂ ਦਾ ਅਧਿਐਨ ਕਰਨ ਤੋਂ ਬਾਅਦ ਲਿਫਟ ਸਿੰਚਾਈ ਯੋਜਨਾਵਾਂ ਅਤੇ ਸਵਾਂ ਨਦੀ 'ਤੇ ਪਾਣੀ ਸਟੋਰ ਕਰਨ ਦੀ ਯੋਜਨਾ ਤਿਆਰ ਕੀਤੀ ਗਈ ਹੈ।
ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ 2,785 ਏਕੜ ਰਕਬੇ ਨੂੰ ਕਵਰ ਕਰਨ ਵਾਲੇ 9 ਪਿੰਡਾਂ ਲਈ ਲਿਫਟ ਸਿੰਚਾਈ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ, ਜਦਕਿ ਅਗਲੇ ਪੜਾਵਾਂ ਵਿੱਚ 102 ਪਿੰਡਾਂ ਤੱਕ ਇਸ ਸਹੂਲਤ ਦਾ ਵਿਸਥਾਰ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਸਵਾਂ ਨਦੀ ਨੂੰ ਚੈਨਲਾਈਜ਼ ਕਰਕੇ ਹੜ੍ਹਾਂ ਤੋਂ ਬਚਾਅ, ਮੀਂਹ ਦੇ ਪਾਣੀ ਦੀ ਸੰਭਾਲ ਅਤੇ ਭੂ-ਜਲ 'ਤੇ ਨਿਰਭਰਤਾ ਘਟਾਉਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਹ ਯੋਜਨਾ ਨੂਰਪੁਰ ਬੇਦੀ ਖੇਤਰ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗੀ ਅਤੇ ਖੇਤੀ ਉਤਪਾਦਨ ਵਿੱਚ ਵੱਡਾ ਵਾਧਾ ਕਰੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH