
ਪਟਿਆਲਾ, 21 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਹੁਣ ਤੱਕ ਪਟਿਆਲਾ ਜ਼ਿਲ੍ਹੇ ਦੇ 86 ਪਿੰਡਾਂ ਵਿੱਚ ਦਿਖਾਈ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦਿੰਦਿਆਂ ਦੱਸਿਆ ਕਿ ਰੋਜ਼ਾਨਾ ਅੱਠ ਪਿੰਡਾਂ ਵਿੱਚ ਲੋਕ ਵੱਡੇ ਉਤਸ਼ਾਹ ਨਾਲ ਇਸ ਦਸਤਾਵੇਜ਼ੀ ਫ਼ਿਲਮ ਨੂੰ ਦੇਖ ਰਹੇ ਹਨ ਅਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈ ਰਹੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਰੂਰ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀਆਂ ਵਿਸ਼ੇਸ਼ ਵੈਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ 'ਤੇ ਆਧਾਰਿਤ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਨਾਭਾ, ਸਮਾਣਾ, ਸਨੌਰ ਅਤੇ ਰਾਜਪੁਰਾ ਬਲਾਕ ਦੇ ਪਿੰਡਾਂ ਵਿੱਚ ਦਿਖਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਲੰਘੀ ਰਾਤ ਸਮਾਣਾ ਬਲਾਕ ਦੇ ਜੋਗਿੰਦਰ ਨਗਰ ਅਤੇ ਬਕਰਾਹਾ, ਨਾਭਾ ਬਲਾਕ ਦੇ ਛੀਟਾਂਵਾਲਾ ਅਤੇ ਹਿੰਮਤਵਾਲਾ, ਸਨੌਰ ਬਲਾਕ ਦੇ ਖੁੱਡਾ ਅਤੇ ਰਾਜਪੁਰਾ ਬਲਾਕ ਦੇ ਨਲਾਸ ਖੁਰਦ ਅਤੇ ਕੋਟਲਾ ਪਿੰਡ ਵਿੱਚ ਇਹ ਡਾਕੂਮੈਂਟਰੀ ਦਿਖਾਈ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਫ਼ਿਲਮ ਦੇਖੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਪ੍ਰੇਰਣਾ ਹਾਸਲ ਕੀਤੀ।ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾ ਰਹੀ ਹੈ। ਇਸੇ ਤਹਿਤ ਤਿਆਰ ਕੀਤੀ ਗਈ ਇਹ ਵਿਸ਼ੇਸ਼ ਡਾਕੂਮੈਂਟਰੀ ਸੂਬੇ ਦੇ ਹਰ ਕੋਨੇ ਤੱਕ ਗੁਰੂ ਸਾਹਿਬ ਦਾ ਸਦੀਵੀ ਸੰਦੇਸ਼ ਪਹੁੰਚਾਉਣ ਦਾ ਕੰਮ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪਟਿਆਲਾ ਜ਼ਿਲ੍ਹੇ ਦੇ ਹਰ ਪਿੰਡ ਵਿੱਚ ਇਹ ਡਾਕੂਮੈਂਟਰੀ ਦਿਖਾਈ ਜਾਵੇਗੀ, ਤਾਂ ਜੋ ਹਰ ਵਰਗ ਦੇ ਲੋਕ, ਖ਼ਾਸ ਕਰਕੇ ਨੌਜਵਾਨ ਪੀੜ੍ਹੀ, ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀ ਵਿਚਾਰਧਾਰਾ ਅਤੇ ਬਰਾਬਰੀ ਵਾਲੇ ਸਮਾਜ ਦੇ ਸੰਦੇਸ਼ ਤੋਂ ਜਾਣੂ ਹੋ ਸਕੇ।ਇਸ ਮੌਕੇ ਡਾਕੂਮੈਂਟਰੀ ਦੇਖਣ ਵਾਲੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਦਸਤਾਵੇਜ਼ੀ ਫ਼ਿਲਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ ਅਤੇ ਅਜਿਹੇ ਯਤਨ ਸਮਾਜ ਵਿੱਚ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ ਅਤੇ ਆਦਰਸ਼ਾਂ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH