ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਮਰਾਲਾ ਦੇ ਪਿੰਡ ਪੂਨੀਆ ’ਚ ਲਿਫਟ ਸਿੰਚਾਈ ਸਕੀਮ ਦਾ ਕੀਤਾ ਉਦਘਾਟਨ
ਲੁਧਿਆਣਾ, 21 ਜੁਲਾਈ (ਹਿੰ.ਸ.)| ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਸਮਰਾਲਾ ਦੇ ਪਿੰਡ ਪੂਨੀਆ ਵਿਖੇ 1.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ
ਉਦਘਾਟਨ ਕਰਦੇ ਹੋਏ ਸਰੋਤ, ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ।


ਲੁਧਿਆਣਾ, 21 ਜੁਲਾਈ (ਹਿੰ.ਸ.)| ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਸਮਰਾਲਾ ਦੇ ਪਿੰਡ ਪੂਨੀਆ ਵਿਖੇ 1.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਹਰ ਕਿਸਾਨ ਦੇ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ ਹੈ, ਤਾਂ ਜੋ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਾਈ ਜਾ ਸਕੇ ਅਤੇ ਖੇਤੀਬਾੜੀ ਨੂੰ ਲੰਬੇ ਸਮੇਂ ਲਈ ਟਿਕਾਊ ਬਣਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਪਿੰਡ ਪੂਨੀਆ ਲੰਬੇ ਸਮੇਂ ਤੋਂ ਨਹਿਰੀ ਪਾਣੀ ਦੀ ਸਹੂਲਤ ਤੋਂ ਵਾਂਝਾ ਸੀ। ਇਸ ਇਲਾਕੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਲਗਾਤਾਰ ਹੇਠਾਂ ਜਾ ਰਿਹਾ ਸੀ। ਨਵੀਂ ਲਿਫਟ ਸਿੰਚਾਈ ਯੋਜਨਾ ਤਹਿਤ 8 ਕਿਲੋਮੀਟਰ ਲੰਬੀ ਪਾਈਪਲਾਈਨ ਵਿਛਾਈ ਗਈ ਹੈ, ਜਿਸ ਨਾਲ 767 ਏਕੜ ਖੇਤੀਯੋਗ ਜ਼ਮੀਨ ਨੂੰ ਨਹਿਰੀ ਪਾਣੀ ਮਿਲੇਗਾ। ਇਸ ਪ੍ਰੋਜੈਕਟ ਨਾਲ ਕਰੀਬ 120 ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਉਨ੍ਹਾਂ ਦੇ ਸਿੰਚਾਈ ਖਰਚਿਆਂ ਵਿੱਚ ਕਮੀ ਆਵੇਗੀ।

ਗੋਇਲ ਨੇ ਕਿਹਾ ਕਿ ਸਰਹੰਦ ਨਹਿਰ ਦਾ ਨਿਰਮਾਣ ਸਾਲ 1985 ਵਿੱਚ ਹੋਇਆ ਸੀ, ਪਰ ਇਸ ਇਲਾਕੇ ਦੇ ਕਿਸਾਨਾਂ ਨੂੰ ਇਸ ਦਾ ਲਾਭ ਨਹੀਂ ਮਿਲ ਸਕਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਹੰਦ ਨਹਿਰ ਤੋਂ ਹੁਣ ਤੱਕ 7 ਲਿਫਟ ਸਿੰਚਾਈ ਯੋਜਨਾਵਾਂ ਰਾਹੀਂ 2,124 ਏਕੜ ਖੇਤਰ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਿਆ ਹੈ।

ਮੰਤਰੀ ਨੇ ਦੱਸਿਆ ਕਿ ਸਮਰਾਲਾ ਹਲਕੇ ਵਿੱਚ ਨਹਿਰਾਂ ਦੇ ਨਵੀਨੀਕਰਨ ਅਤੇ ਜ਼ਮੀਨਦੋਜ਼ ਪਾਈਪ ਲਾਈਨਾਂ ਲਈ 43.50 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜਿਸ ਨਾਲ 12,630 ਏਕੜ ਰਕਬੇ ਨੂੰ ਨਿਯਮਤ ਨਹਿਰੀ ਪਾਣੀ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਹਿਰੀ ਸਿੰਚਾਈ ਦੇ ਵਿਸਥਾਰ ਲਈ ਕਰੀਬ 7,200 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਨਾਲ ਧਰਤੀ ਹੇਠਲੇ ਪਾਣੀ ਦੀ ਸੰਭਾਲ, ਬਿਜਲੀ ਦੀ ਬਚਤ ਅਤੇ ਖੇਤੀ ਦੀ ਉਤਪਾਦਕਤਾ ਵਧਾਉਣ ਵਿੱਚ ਮਦਦ ਮਿਲ ਰਹੀ ਹੈ।

ਗੋਇਲ ਨੇ ਦੱਸਿਆ ਕਿ ਸਾਲ 2022 ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫੀਸਦੀ ਸੀ, ਜੋ ਹੁਣ ਵੱਧ ਕੇ 86 ਫੀਸਦੀ ਹੋ ਗਈ ਹੈ। ਸਰਕਾਰ ਦਾ ਟੀਚਾ ਇਸ ਨੂੰ 100 ਫੀਸਦੀ ਤੱਕ ਲੈ ਕੇ ਜਾਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 1,550 ਪਿੰਡਾਂ ਤੱਕ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਨਹਿਰੀ ਪਾਣੀ ਪਹੁੰਚਿਆ ਹੈ।

ਇਸ ਮੌਕੇ ਵਿਧਾਇਕ ਸਮਰਾਲਾ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਕਿਸਾਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ ਅਤੇ ਖੇਤੀ ਦੀ ਲਾਗਤ ਘਟੇਗੀ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧੇਗੀ ਅਤੇ ਖੇਤੀ ਹੋਰ ਟਿਕਾਊ ਬਣੇਗੀ।

ਇਸ ਮੌਕੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਐੱਮਡੀ ਮਨੋਜ ਕੁਮਾਰ ਬਾਂਸਲ, ਨਿਗਰਾਨ ਇੰਜੀਨੀਅਰ ਮਨਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਗੌਰਵ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਕਾਰੀ, ਕਿਸਾਨ ਅਤੇ ਇਲਾਕਾ ਨਿਵਾਸੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande