
ਸੁੱਚੀ ਪਿੰਡ ਨੇੜੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਚਾਲਕ ਮੌਕੇ ਤੋਂ ਫ਼ਰਾਰਜਲੰਧਰ, 21 ਜੁਲਾਈ (ਹਿੰ.ਸ.)| ਜਲੰਧਰ ਵਿੱਚ ਦੇਰ ਰਾਤ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪੰਜਾਬ ਆਰਮਡ ਪੁਲਿਸ (ਪੀਏਪੀ) ਦੇ ਮੁਲਾਜ਼ਮ ਦੀ ਮੌਤ ਹੋ ਗਈ। ਇਹ ਹਾਦਸਾ ਸੁੱਚੀ ਪਿੰਡ ਨੇੜੇ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਜਵਾਨ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ।ਮ੍ਰਿਤਕ ਦੀ ਪਛਾਣ ਰਾਜ ਕੁਮਾਰ ਵਜੋਂ ਹੋਈ ਹੈ, ਜੋ ਪੰਜਾਬ ਆਰਮਡ ਪੁਲਿਸ (ਪੀਏਪੀ) ਦੀ 27ਵੀਂ ਬਟਾਲੀਅਨ ਵਿੱਚ ਤਾਇਨਾਤ ਸਨ। ਜਾਣਕਾਰੀ ਅਨੁਸਾਰ ਉਹ ਦੇਰ ਰਾਤ ਕਿਸੇ ਜ਼ਰੂਰੀ ਕੰਮ ਲਈ ਆਪਣੇ ਮੋਟਰਸਾਈਕਲ 'ਤੇ ਜਾ ਰਹੇ ਸਨ। ਜਿਵੇਂ ਹੀ ਉਹ ਸੁੱਚੀ ਪਿੰਡ ਨੇੜੇ ਪਹੁੰਚੇ ਤਾਂ ਇੱਕ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਸਿੱਧੀ ਟੱਕਰ ਮਾਰ ਦਿੱਤੀ।ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਥਾਨਕ ਲੋਕਾਂ ਅਤੇ ਰਾਹਗੀਰਾਂ ਨੇ ਤੁਰੰਤ ਪੁਲਿਸ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਸੂਚਨਾ ਦਿੱਤੀ, ਪਰ ਗੰਭੀਰ ਸੱਟਾਂ ਅਤੇ ਜ਼ਿਆਦਾ ਖੂਨ ਵਹਿ ਜਾਣ ਕਾਰਨ ਰਾਜ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਚੁੱਕੀ ਸੀ।ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ (ਐੱਸਐੱਸਐੱਫ) ਅਤੇ ਥਾਣਾ ਰਾਮਾਮੰਡੀ ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ। ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ, ਆਵਾਜਾਈ ਨੂੰ ਸੁਚਾਰੂ ਬਣਾਇਆ ਅਤੇ ਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੀਏਪੀ ਜਵਾਨ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ਅਤੇ ਪੁਲਿਸ ਮਹਿਕਮੇ ਵਿੱਚ ਸੋਗ ਦੀ ਲਹਿਰ ਦੌੜ ਗਈ।ਥਾਣਾ ਰਾਮਾਮੰਡੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਸੁੱਚੀ ਪਿੰਡ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ, ਤਾਂ ਜੋ ਹਾਦਸੇ ਵਾਲੇ ਵਾਹਨ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਵਾਹਨ ਅਤੇ ਚਾਲਕ ਦੀ ਪਛਾਣ ਕਰਕੇ ਜਲਦ ਹੀ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH