ਨੀਟ ਮੁੱਦੇ 'ਤੇ ਕਾਂਗਰਸ ਖ਼ਿਲਾਫ਼ ਭਾਜਪਾ ਦਾ ਪ੍ਰਦਰਸ਼ਨ, ਕੇਵਲ ਸਿੰਘ ਢਿੱਲੋਂ ਸਮੇਤ ਸੈਂਕੜੇ ਵਰਕਰ ਹਿਰਾਸਤ ’ਚ
ਚੰਡੀਗੜ੍ਹ, 22 ਜੁਲਾਈ (ਹਿੰ.ਸ.)| ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਨੀਟ ਪ੍ਰੀਖਿਆ ਦੇ ਮੁੱਦੇ ''ਤੇ ਕਾਂਗਰਸ ਵੱਲੋਂ ਕੀਤੀ ਜਾ ਰਹੀ ਸਿਆਸਤ ਦੇ ਵਿਰੋਧ ਵਿੱਚ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਦੇ ਮੁੱਖ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ। ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾ
ਪੰਜਾਬ ਕਾਂਗਰਸ ਦੇ ਮੁੱਖ ਦਫ਼ਤਰ ਅੱਗੇ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਭਾਜਪਾ ਪ੍ਰਧਾਨ ਤੇ ਸੀਨੀਅਰ ਆਗੂ।


ਚੰਡੀਗੜ੍ਹ, 22 ਜੁਲਾਈ (ਹਿੰ.ਸ.)| ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਨੀਟ ਪ੍ਰੀਖਿਆ ਦੇ ਮੁੱਦੇ 'ਤੇ ਕਾਂਗਰਸ ਵੱਲੋਂ ਕੀਤੀ ਜਾ ਰਹੀ ਸਿਆਸਤ ਦੇ ਵਿਰੋਧ ਵਿੱਚ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਦੇ ਮੁੱਖ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ। ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਸ਼ਾਮਲ ਹੋਏ। ਜਦੋਂ ਪ੍ਰਦਰਸ਼ਨਕਾਰੀਆਂ ਨੇ ਕਾਂਗਰਸ ਦਫ਼ਤਰ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ। ਇਸ ਤੋਂ ਬਾਅਦ ਪੁਲਿਸ ਨੇ ਕੇਵਲ ਸਿੰਘ ਢਿੱਲੋਂ ਸਮੇਤ ਕਈ ਸੀਨੀਅਰ ਆਗੂਆਂ ਅਤੇ ਸੈਂਕੜੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਬਾਅਦ ਵਿੱਚ ਸਾਰਿਆਂ ਨੂੰ ਰਿਹਾ ਕਰ ਦਿੱਤਾ ਗਿਆ।

ਹਿਰਾਸਤ ਵਿੱਚ ਲਏ ਜਾਣ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਦੋਸ਼ ਲਗਾਇਆ ਕਿ ਕਾਂਗਰਸ ਨੀਟ ਦੇ ਮੁੱਦੇ ਨੂੰ ਵਿਦਿਆਰਥੀਆਂ ਦੇ ਹਿੱਤਾਂ ਦੀ ਬਜਾਏ ਆਪਣੀ ਡੁੱਬਦੀ ਸਿਆਸਤ ਨੂੰ ਜ਼ਿੰਦਾ ਰੱਖਣ ਲਈ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਚੋਣੀ ਹਾਰਾਂ ਤੋਂ ਬਾਅਦ ਕਾਂਗਰਸ ਲੋਕਾਂ ਦੇ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਅੰਦੋਲਨਾਂ ਦੀ ਰਾਜਨੀਤੀ ਕਰ ਰਹੀ ਹੈ ਅਤੇ ਵਿਦਿਆਰਥੀਆਂ ਨੂੰ ਸਿਆਸੀ ਮੋਹਰਾ ਬਣਾਇਆ ਜਾ ਰਿਹਾ ਹੈ।

ਭਾਜਪਾ ਪ੍ਰਧਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੀਟ ਮਾਮਲੇ ਵਿੱਚ ਪਹਿਲੇ ਦਿਨ ਹੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਤੱਕ ਕਈ ਦੋਸ਼ੀਆਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਅਤੇ ਕੇਂਦਰ ਸਰਕਾਰ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਣ ਦੇ ਮੂਡ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ।

ਕੇਵਲ ਸਿੰਘ ਢਿੱਲੋਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ 'ਤੇ ਦੋਹਰੇ ਮਾਪਦੰਡ ਅਪਣਾਉਣ ਦੇ ਦੋਸ਼ ਵੀ ਲਗਾਏ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿੱਚ ਕਥਿਤ ਪ੍ਰੀਖਿਆ ਘਪਲੇ ਜਾਂ ਨਕਲ ਦੇ ਮਾਮਲੇ ਸਾਹਮਣੇ ਆਉਂਦੇ ਹਨ ਤਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਵੇਂ ਚੁੱਪ ਰਹਿੰਦੀਆਂ ਹਨ, ਪਰ ਨੀਟ ਦੇ ਮੁੱਦੇ 'ਤੇ ਸਿਆਸੀ ਲਾਭ ਲਈ ਹੰਗਾਮਾ ਕੀਤਾ ਜਾ ਰਿਹਾ ਹੈ। ਉਨ੍ਹਾਂ ਫਰੀਦਕੋਟ ਵਿੱਚ ਸਾਹਮਣੇ ਆਏ ਕਥਿਤ ਫਾਰਮੇਸੀ ਪ੍ਰੀਖਿਆ ਨਕਲ ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸ ਮਾਮਲੇ ਵਿੱਚ ਵਿਰੋਧੀ ਧਿਰ ਦੀ ਚੁੱਪੀ ਕਈ ਸਵਾਲ ਖੜ੍ਹੇ ਕਰਦੀ ਹੈ।

ਉਨ੍ਹਾਂ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਦੋਸ਼ ਲਗਾਇਆ ਕਿ ਉਸ ਸਮੇਂ ਕਈ ਪ੍ਰਸ਼ਨ ਪੱਤਰ ਲੀਕ ਹੋਏ ਸਨ, ਪਰ ਕੋਈ ਪ੍ਰਭਾਵਸ਼ਾਲੀ ਜਾਂਚ ਨਹੀਂ ਹੋਈ। ਇਸ ਦੇ ਉਲਟ, ਉਨ੍ਹਾਂ ਕਿਹਾ ਕਿ ਮੌਜੂਦਾ ਕੇਂਦਰ ਸਰਕਾਰ ਨੇ ਨੀਟ ਮਾਮਲੇ ਵਿੱਚ ਤੁਰੰਤ ਜਾਂਚ, ਪਾਰਦਰਸ਼ੀ ਕਾਰਵਾਈ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਯਕੀਨੀ ਬਣਾਈ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੁਲਿਸ ਦੀ ਕਾਰਵਾਈ ਜਾਂ ਹਿਰਾਸਤਾਂ ਨਾਲ ਭਾਜਪਾ ਵਰਕਰਾਂ ਦਾ ਮਨੋਬਲ ਨਹੀਂ ਟੁੱਟੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇਸ਼ ਭਰ ਵਿੱਚ ਕਾਂਗਰਸ ਦੇ ਕਥਿਤ ਦੋਹਰੇ ਮਾਪਦੰਡਾਂ ਨੂੰ ਲੋਕਾਂ ਸਾਹਮਣੇ ਲਿਆਉਂਦੀ ਰਹੇਗੀ ਅਤੇ ਵਿਦਿਆਰਥੀਆਂ ਦੇ ਹਿੱਤਾਂ ਅਤੇ ਪਾਰਦਰਸ਼ੀ ਪ੍ਰੀਖਿਆ ਪ੍ਰਣਾਲੀ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande