
ਫਾਜ਼ਿਲਕਾ, 22 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਫਾਜ਼ਿਲਕਾ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਲਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧੀ ਵਿਭਾਗ ਵੱਲੋਂ ਅਧਿਕਾਰਕ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।ਜਾਣਕਾਰੀ ਅਨੁਸਾਰ, ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਬੁਲਾਈ ਗਈ ਇੱਕ ਅਹਿਮ ਮੀਟਿੰਗ ਵਿੱਚ ਬੀਡੀਪੀਓ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ। ਇਸ ਦੇ ਬਾਵਜੂਦ ਲਾਲ ਸਿੰਘ ਮੀਟਿੰਗ ਵਿੱਚ ਹਾਜ਼ਰ ਨਹੀਂ ਹੋਏ, ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਦੀ ਸਿਫ਼ਾਰਸ਼ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਲਾਲ ਸਿੰਘ ਖ਼ਿਲਾਫ਼ ਇਸ ਤੋਂ ਪਹਿਲਾਂ ਵੀ ਚਾਰ ਵਾਰ ਵਿਭਾਗੀ ਕਾਰਵਾਈ ਲਈ ਲਿਖਿਆ ਜਾ ਚੁੱਕਾ ਸੀ। ਇਸ ਵਾਰ ਵਿਭਾਗ ਨੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ, ਮੁਅੱਤਲੀ ਦੌਰਾਨ ਲਾਲ ਸਿੰਘ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਵਲੀ (ਜਿਲਦ-1, ਭਾਗ-1) ਦੇ ਨਿਯਮ 7.2 ਤਹਿਤ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ। ਇਸ ਲਈ ਉਨ੍ਹਾਂ ਨੂੰ ਆਪਣੇ ਨਿਰਧਾਰਤ ਹੈੱਡਕੁਆਰਟਰ ਤੋਂ ਇਹ ਪ੍ਰਮਾਣਿਤ ਕਰਨਾ ਹੋਵੇਗਾ ਕਿ ਉਹ ਮੁਅੱਤਲੀ ਦੌਰਾਨ ਕਿਸੇ ਹੋਰ ਨੌਕਰੀ ਜਾਂ ਕਾਰੋਬਾਰ ਵਿੱਚ ਸ਼ਾਮਲ ਨਹੀਂ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH