ਪੰਜਾਬ ਵਿੱਚ ਗਲਤ ਈ-ਚਲਾਨਾਂ ਨੂੰ ਚੁਣੌਤੀ ਦੇਣ ਲਈ ਮਿਲੇਗਾ 45 ਦਿਨਾਂ ਦਾ ਸਮਾਂ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 22 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਬਣਾਉਣ ਲਈ ਨਵੇਂ ਕਦਮ ਚੁੱਕੇ ਹਨ। ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਹੁਣ ਗਲਤ ਢੰਗ ਨਾਲ ਜਾਰੀ ਕੀਤੇ ਗਏ ਈ-ਚਲਾਨਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ।


ਚੰਡੀਗੜ੍ਹ, 22 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਬਣਾਉਣ ਲਈ ਨਵੇਂ ਕਦਮ ਚੁੱਕੇ ਹਨ। ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਹੁਣ ਗਲਤ ਢੰਗ ਨਾਲ ਜਾਰੀ ਕੀਤੇ ਗਏ ਈ-ਚਲਾਨਾਂ ਨੂੰ ਚੁਣੌਤੀ ਦੇਣ ਲਈ ਨਾਗਰਿਕਾਂ ਨੂੰ 45 ਦਿਨਾਂ ਦਾ ਸਮਾਂ ਦਿੱਤਾ ਜਾਵੇਗਾ।ਟਰਾਂਸਪੋਰਟ ਵਿਭਾਗ ਵੱਲੋਂ ਸੂਬੇ ਭਰ ਵਿੱਚ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਸੈੱਲ ਸਥਾਪਤ ਕੀਤੇ ਗਏ ਹਨ। ਇਨ੍ਹਾਂ ਸੈੱਲਾਂ ਰਾਹੀਂ ਲੋਕ ਆਪਣੇ ਈ-ਚਲਾਨ ਸਬੰਧੀ ਸ਼ਿਕਾਇਤਾਂ ਦਰਜ ਕਰਵਾ ਸਕਣਗੇ। ਵਾਹਨ ਮਾਲਕ ਆਪਣਾ ਪੱਖ ਸਾਬਤ ਕਰਨ ਲਈ ਡੈਸ਼ਕੈਮ ਫੁਟੇਜ, ਤਸਵੀਰਾਂ, ਵੀਡੀਓ ਜਾਂ ਗਵਾਹਾਂ ਦੇ ਬਿਆਨ ਵਰਗੇ ਸਬੂਤ ਪੇਸ਼ ਕਰ ਸਕਣਗੇ।ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਾਹਨ ਰਜਿਸਟ੍ਰੇਸ਼ਨ ਨਾਲ ਜੁੜੇ ਰਿਕਾਰਡ ਨੂੰ ਸਹੀ ਰੱਖਣਾ ਵੀ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਵਾਹਨ ਮਾਲਕਾਂ ਨੂੰ ਪਤਾ ਬਦਲਣ ਦੀ ਜਾਣਕਾਰੀ 30 ਦਿਨਾਂ ਦੇ ਅੰਦਰ ਦੇਣੀ ਹੋਵੇਗੀ। ਇਸੇ ਤਰ੍ਹਾਂ ਵਾਹਨ ਮਲਕੀਅਤ ਦੇ ਤਬਾਦਲੇ ਲਈ ਪੰਜਾਬ ਅੰਦਰ 14 ਦਿਨ ਅਤੇ ਰਾਜ ਤੋਂ ਬਾਹਰ ਤਬਾਦਲੇ ਲਈ 45 ਦਿਨਾਂ ਵਿੱਚ ਜਾਣਕਾਰੀ ਦੇਣੀ ਲਾਜ਼ਮੀ ਹੋਵੇਗੀ। ਨਿਯਮਾਂ ਦੀ ਉਲੰਘਣਾ ਕਰਨ 'ਤੇ ਪਹਿਲੀ ਵਾਰ 500 ਰੁਪਏ ਅਤੇ ਦੁਬਾਰਾ ਉਲੰਘਣਾ 'ਤੇ 1500 ਰੁਪਏ ਜੁਰਮਾਨਾ ਲਗਾਇਆ ਜਾਵੇਗਾ।ਟਰਾਂਸਪੋਰਟ ਮੰਤਰੀ ਨੇ ਖਤਰਨਾਕ ਡਰਾਈਵਿੰਗ ਖ਼ਿਲਾਫ਼ ਸਖ਼ਤ ਰੁਖ ਅਪਣਾਉਂਦਿਆਂ ਕਿਹਾ ਕਿ ਲਾਲ ਬੱਤੀ ਜੰਪ ਕਰਨਾ, ਗਲਤ ਦਿਸ਼ਾ ਵਿੱਚ ਵਾਹਨ ਚਲਾਉਣਾ, ਸਟਾਪ ਚਿੰਨ੍ਹ ਦੀ ਉਲੰਘਣਾ ਅਤੇ ਨਸ਼ੇ ਦੀ ਹਾਲਤ ਵਿੱਚ ਡਰਾਈਵਿੰਗ ਵਰਗੇ ਅਪਰਾਧਾਂ 'ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਨਾਬਾਲਗਾਂ ਵੱਲੋਂ ਵਾਹਨ ਚਲਾਉਣ ਦੇ ਮਾਮਲਿਆਂ ਵਿੱਚ ਵੀ ਜ਼ੀਰੋ ਟਾਲਰੈਂਸ ਨੀਤੀ ਅਪਣਾਉਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਮਾਪਿਆਂ, ਸਰਪ੍ਰਸਤਾਂ ਜਾਂ ਵਾਹਨ ਮਾਲਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਇਸ ਤਹਿਤ ਭਾਰੀ ਜੁਰਮਾਨਾ, ਵਾਹਨ ਰਜਿਸਟ੍ਰੇਸ਼ਨ ਰੱਦ ਕਰਨ ਅਤੇ ਨਾਬਾਲਗ ਨੂੰ 25 ਸਾਲ ਦੀ ਉਮਰ ਤੱਕ ਡਰਾਈਵਿੰਗ ਲਾਇਸੈਂਸ ਲਈ ਅਯੋਗ ਕਰਨ ਦੀ ਕਾਰਵਾਈ ਕੀਤੀ ਜਾ ਸਕਦੀ ਹੈ। ਚੀਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ 'ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸੁਰੱਖਿਅਤ ਡਰਾਈਵਿੰਗ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵੇਂ ਨਿਯਮਾਂ ਦਾ ਮਕਸਦ ਪੰਜਾਬ ਵਿੱਚ ਸੜਕ ਹਾਦਸਿਆਂ ਨੂੰ ਘਟਾਉਣਾ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande