
ਅੰਮ੍ਰਿਤਸਰ, 22 ਜੁਲਾਈ (ਹਿੰ.ਸ.)| ਅੰਮ੍ਰਿਤਸਰ ਦੇਹਾਤੀ ਪੁਲਿਸ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ 'ਤੇ ਹਮਲੇ ਦੇ ਮਾਮਲੇ ਵਿੱਚ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ ਥਾਣਾ ਘਰਿੰਡਾ ਖੇਤਰ ਵਿੱਚ ਵਾਪਰੀ। ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਸ਼ਰਧਾਲੂਆਂ ਨਾਲ ਭਰੀ ਬੱਸ ਵਾਹਗਾ ਬਾਰਡਰ ਵੱਲ ਜਾ ਰਹੀ ਸੀ। ਇਸ ਦੌਰਾਨ ਰਸਤੇ ਵਿੱਚ ਇੱਕ ਕਾਰ ਸਵਾਰ ਦੋ ਨੌਜਵਾਨਾਂ ਨੇ ਆਪਣਾ ਵਾਹਨ ਬੱਸ ਅੱਗੇ ਲਗਾ ਕੇ ਉਸ ਦਾ ਰਸਤਾ ਰੋਕ ਲਿਆ। ਦੋਸ਼ ਹੈ ਕਿ ਦੋਵਾਂ ਨੇ ਬੱਸ ਵਿੱਚ ਸਵਾਰ ਸ਼ਰਧਾਲੂਆਂ ਨਾਲ ਗਾਲੀ-ਗਲੌਚ ਕੀਤੀ ਅਤੇ ਉਨ੍ਹਾਂ ਨਾਲ ਹੱਥੋਪਾਈ ਕਰਨ ਦੀ ਕੋਸ਼ਿਸ਼ ਕੀਤੀ।
ਸ਼ਿਕਾਇਤ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਦੋਵੇਂ ਨੌਜਵਾਨ ਆਪਣੀ ਕਾਰ ਵਿੱਚੋਂ ਬੇਸਬਾਲ ਬੈਟ ਅਤੇ ਗੰਡਾਸਾ ਲੈ ਕੇ ਬਾਹਰ ਆਏ ਅਤੇ ਬੱਸ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਘਟਨਾ ਵੇਲੇ ਬੱਸ ਵਿੱਚ ਕਰੀਬ 45 ਸ਼ਰਧਾਲੂ ਸਵਾਰ ਸਨ, ਜਿਨ੍ਹਾਂ ਵਿੱਚ ਲਗਭਗ 80 ਫ਼ੀਸਦੀ ਔਰਤਾਂ ਅਤੇ 20 ਫ਼ੀਸਦੀ ਬਜ਼ੁਰਗ ਸ਼ਾਮਲ ਸਨ।
ਦੋਸ਼ ਹੈ ਕਿ ਇਸ ਦੌਰਾਨ ਇੱਕ ਦਿਵਿਆਂਗ ਸ਼ਰਧਾਲੂ ਨੂੰ ਵੀ ਧੱਕਾ ਦੇ ਕੇ ਹੇਠਾਂ ਸੁੱਟ ਦਿੱਤਾ ਗਿਆ, ਜਿਸ ਕਾਰਨ ਬੱਸ ਵਿੱਚ ਸਵਾਰ ਯਾਤਰੀਆਂ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ।
ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਸਾਰੇ ਤੱਥ ਸਾਹਮਣੇ ਆ ਸਕਣ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਸਬੂਤਾਂ ਦੇ ਆਧਾਰ 'ਤੇ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH