
ਕੋਟਕਪੂਰਾ, 23 ਜੁਲਾਈ (ਹਿੰ.ਸ.)| ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਹਲਕਾ ਕੋਟਕਪੂਰਾ ਦੇ ਹੁਣ ਤੱਕ 26 ਪਿੰਡਾਂ ਵਿੱਚ ਦਸਤਾਵੇਜ਼ੀ ਫ਼ਿਲਮ ਦਿਖਾਈ ਜਾ ਚੁੱਕੀ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ।
ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਦਸਤਾਵੇਜ਼ੀ ਫ਼ਿਲਮ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਮਾਜਿਕ ਬਰਾਬਰੀ, ਸਦਭਾਵਨਾ, ਸੱਚ, ਮਿਹਨਤ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਅਤੇ ਪਿੰਡ-ਪਿੰਡ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਗੁਰੂ ਸਾਹਿਬ ਦੇ ਉੱਚ ਆਦਰਸ਼ਾਂ ਅਤੇ ਜੀਵਨੀ ਤੋਂ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ ਇਹ ਵਿਸ਼ੇਸ਼ ਉਪਰਾਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਮਾਜਿਕ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦੀ ਹੈ। ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਯਤਨ ਕਰਨੇ ਚਾਹੀਦੇ ਹਨ। ਗੁਰੂ ਸਾਹਿਬ ਨੇ ਦਇਆ, ਪ੍ਰੇਮ ਅਤੇ ਆਪਸੀ ਸਾਂਝ ਰਾਹੀਂ ਸਮਾਜ ਨੂੰ ਨਵੀਂ ਦਿਸ਼ਾ ਦਿੱਤੀ, ਜਿਸ ਤੋਂ ਹਰ ਵਰਗ ਨੂੰ ਪ੍ਰੇਰਣਾ ਲੈਣ ਦੀ ਲੋੜ ਹੈ।
ਸੰਧਵਾਂ ਨੇ ਦੱਸਿਆ ਕਿ ਇਹ ਦਸਤਾਵੇਜ਼ੀ ਫ਼ਿਲਮ ਹਲਕੇ ਦੇ ਪਿੰਡਾਂ ਵਿੱਚ ਹਰ ਰੋਜ਼ ਦੋ ਸ਼ੋਅ ਰਾਹੀਂ ਸ਼ਾਮ 6 ਵਜੇ ਅਤੇ 7:30 ਵਜੇ ਦਿਖਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਨੌਜਵਾਨਾਂ ਨੂੰ ਗੁਰੂ ਸਾਹਿਬ ਦੇ ਜੀਵਨ, ਵਿਚਾਰਾਂ ਅਤੇ ਮਨੁੱਖਤਾ ਦੇ ਸੰਦੇਸ਼ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਹਿੰਦੂਸਥਾਨ ਸਮਾਚਾਰ / GURSHARAN SINGH