ਫਾਜ਼ਿਲਕਾ 'ਚ ਹੈਰੋਇਨ ਤੇ ਹਥਿਆਰ ਤਸਕਰੀ ਮਾਮਲੇ 'ਚ ਗ੍ਰਿਫ਼ਤਾਰ ਵਿਅਕਤੀ ਦੀ ਹਸਪਤਾਲ 'ਚ ਮੌਤ
ਫਾਜ਼ਿਲਕਾ, 23 ਜੁਲਾਈ (ਹਿੰ.ਸ.)| ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਉਪਮੰਡਲ ਦੇ ਪਿੰਡ ਮੁਹੰਮਦੇ ਵਾਲਾ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। 17 ਜੁਲਾਈ ਨੂੰ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪਰਮਜੀਤ ਸਿੰਘ ਦੀ ਏਮਜ਼ ਬਠਿੰਡਾ ਵਿੱਚ ਇਲਾਜ ਦੌਰਾਨ ਮੌਤ ਹੋ
ਫਾਜ਼ਿਲਕਾ 'ਚ ਹੈਰੋਇਨ ਤੇ ਹਥਿਆਰ ਤਸਕਰੀ ਮਾਮਲੇ 'ਚ ਗ੍ਰਿਫ਼ਤਾਰ ਵਿਅਕਤੀ ਦੀ ਹਸਪਤਾਲ 'ਚ ਮੌਤ


ਫਾਜ਼ਿਲਕਾ, 23 ਜੁਲਾਈ (ਹਿੰ.ਸ.)| ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਉਪਮੰਡਲ ਦੇ ਪਿੰਡ ਮੁਹੰਮਦੇ ਵਾਲਾ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। 17 ਜੁਲਾਈ ਨੂੰ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪਰਮਜੀਤ ਸਿੰਘ ਦੀ ਏਮਜ਼ ਬਠਿੰਡਾ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਇੱਕ ਪਾਸੇ ਮ੍ਰਿਤਕ ਦੇ ਪਰਿਵਾਰ ਨੇ ਪੁਲਿਸ 'ਤੇ ਘਰ ਵਿੱਚ ਦਾਖਲ ਹੋ ਕੇ ਬੇਰਹਿਮੀ ਨਾਲ ਕੁੱਟਮਾਰ ਅਤੇ ਤਸ਼ੱਦਦ ਕਰਨ ਦੇ ਗੰਭੀਰ ਦੋਸ਼ ਲਗਾਏ ਹਨ, ਜਦਕਿ ਦੂਜੇ ਪਾਸੇ ਪੁਲਿਸ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਕਿਹਾ ਹੈ ਕਿ ਪਰਮਜੀਤ ਸਿੰਘ ਦੀ ਮੌਤ ਸਿਹਤ ਵਿਗੜਨ ਕਾਰਨ ਹੋਈ ਹੈ। ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਅਤੇ ਨਿਆਂਇਕ ਜਾਂਚ ਵਿੱਚ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।ਮ੍ਰਿਤਕ ਦੇ ਪਿਤਾ ਕਰਨੈਲ ਸਿੰਘ ਨੇ ਪੁਲਿਸ ਦੀ ਕਾਰਵਾਈ 'ਤੇ ਸਵਾਲ ਖੜ੍ਹੇ ਕਰਦਿਆਂ ਦੋਸ਼ ਲਗਾਇਆ ਕਿ 17 ਜੁਲਾਈ ਨੂੰ ਜਲਾਲਾਬਾਦ ਸਿਟੀ ਪੁਲਿਸ ਉਨ੍ਹਾਂ ਦੇ ਘਰ ਪਹੁੰਚੀ ਸੀ। ਉਨ੍ਹਾਂ ਮੁਤਾਬਕ ਪੁਲਿਸ ਕਰਮਚਾਰੀਆਂ ਨੇ ਪਰਿਵਾਰਕ ਮੈਂਬਰਾਂ ਅਤੇ ਬੱਚਿਆਂ ਨੂੰ ਬਾਹਰ ਕੱਢ ਦਿੱਤਾ ਅਤੇ ਪਰਮਜੀਤ ਸਿੰਘ ਨੂੰ ਕਮਰੇ ਵਿੱਚ ਬੰਦ ਕਰਕੇ ਉਸ ਨਾਲ ਕੁੱਟਮਾਰ ਕੀਤੀ। ਕਰਨੈਲ ਸਿੰਘ ਨੇ ਦੱਸਿਆ ਕਿ ਪਰਮਜੀਤ ਸਿੰਘ ਦਿਵਿਆਂਗ ਸੀ ਅਤੇ ਪਿੰਡ ਵਿੱਚ ਫੋਟੋਗ੍ਰਾਫੀ ਤੇ ਵੀਡੀਓ ਸਟੂਡੀਓ ਚਲਾਉਂਦਾ ਸੀ। ਪੁਲਿਸ ਵੱਲੋਂ ਪਰਮਜੀਤ ਸਿੰਘ ਕੋਲੋਂ 2.5 ਲੱਖ ਰੁਪਏ ਡਰੱਗ ਮਨੀ ਬਰਾਮਦ ਕਰਨ ਦੇ ਦਾਅਵੇ 'ਤੇ ਪਿਤਾ ਨੇ ਕਿਹਾ ਕਿ ਪਰਿਵਾਰ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਬਰਾਮਦਗੀ ਹੋਈ ਸੀ ਤਾਂ ਪਰਿਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਸੀ।ਉਨ੍ਹਾਂ ਇਹ ਵੀ ਮੰਨਿਆ ਕਿ ਪਰਮਜੀਤ ਦਾ ਪੁੱਤਰ ਸਾਜਨ ਇਸ ਸਮੇਂ ਫਰੀਦਕੋਟ ਜੇਲ੍ਹ ਵਿੱਚ ਬੰਦ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਉਹ ਉਸ ਨੂੰ ਮਿਲਣ ਵੀ ਨਹੀਂ ਜਾਂਦੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਜੇਲ੍ਹ ਅੰਦਰੋਂ ਨੈੱਟਵਰਕ ਚਲਾ ਰਿਹਾ ਹੈ ਤਾਂ ਇਹ ਪੁਲਿਸ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ, ਇਸ ਲਈ ਬੇਕਸੂਰ ਪਰਿਵਾਰਕ ਮੈਂਬਰਾਂ ਨੂੰ ਪਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ।ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਡੀਐਸਪੀ ਲਵਦੀਪ ਸਿੰਘ ਗਿੱਲ ਨੇ ਪੁਲਿਸ ਦਾ ਪੱਖ ਰੱਖਿਆ ਅਤੇ ਸਾਰੇ ਦੋਸ਼ਾਂ ਨੂੰ ਖਾਰਜ ਕੀਤਾ। ਡੀਐਸਪੀ ਨੇ ਦੱਸਿਆ ਕਿ 17 ਜੁਲਾਈ ਨੂੰ ਕੀਤੀ ਗਈ ਰੇਡ ਦੌਰਾਨ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਮੁਤਾਬਕ ਉਨ੍ਹਾਂ ਕੋਲੋਂ ਗੈਰ-ਕਾਨੂੰਨੀ ਹਥਿਆਰ, 750 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ ਸੀ। ਇਸ ਵਿੱਚੋਂ ਪਰਮਜੀਤ ਸਿੰਘ ਕੋਲੋਂ 2.5 ਲੱਖ ਰੁਪਏ ਮਿਲਣ ਦਾ ਦਾਅਵਾ ਕੀਤਾ ਗਿਆ।ਪੁਲਿਸ ਅਧਿਕਾਰੀਆਂ ਮੁਤਾਬਕ ਗ੍ਰਿਫ਼ਤਾਰੀ ਦੌਰਾਨ ਹੀ ਪਰਮਜੀਤ ਸਿੰਘ ਦੀ ਅਚਾਨਕ ਤਬੀਅਤ ਖਰਾਬ ਹੋ ਗਈ ਸੀ। ਉਸ ਨੂੰ ਤੁਰੰਤ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਹਾਲਤ ਗੰਭੀਰ ਹੋਣ 'ਤੇ ਉਸ ਨੂੰ ਏਮਜ਼ ਬਠਿੰਡਾ ਰੈਫਰ ਕੀਤਾ ਗਿਆ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮਾਮਲੇ ਦੀ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਿੰਨ ਡਾਕਟਰਾਂ ਦੇ ਵਿਸ਼ੇਸ਼ ਮੈਡੀਕਲ ਬੋਰਡ ਵੱਲੋਂ ਲਾਸ਼ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮਾਮਲੇ ਦੀ ਨਿਆਂਇਕ ਜਾਂਚ ਲਈ ਸਬੰਧਤ ਜੱਜ ਵੀ ਹਸਪਤਾਲ ਪਹੁੰਚੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande