
ਬਾਬਾ ਬਕਾਲਾ ਸਾਹਿਬ, 23 ਜੁਲਾਈ (ਹਿੰ.ਸ.)| ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਅਨੁਸੂਚਿਤ ਜਾਤੀ (ਐੱਸ.ਸੀ.) ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ 15 ਅਗਸਤ 2026 ਤੱਕ ਆਪਣੇ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਲਾਜ਼ਮੀ ਤੌਰ 'ਤੇ ਮੁਕੰਮਲ ਕਰਵਾਉਣ। ਉਨ੍ਹਾਂ ਕਿਹਾ ਕਿ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਡਾਇਰੈਕਟ ਬੈਨਿਫਿਟ ਟਰਾਂਸਫਰ (ਡੀ.ਬੀ.ਟੀ.) ਰਾਹੀਂ ਸਿੱਧੀ ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇਗੀ।
ਵਿਧਾਇਕ ਟੌਂਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰ ਯੋਗ ਵਿਦਿਆਰਥੀ ਨੂੰ ਸਕਾਲਰਸ਼ਿਪ ਦਾ ਲਾਭ ਪਾਰਦਰਸ਼ੀ ਅਤੇ ਸਮੇਂ ਸਿਰ ਮਿਲੇ। ਉਨ੍ਹਾਂ ਦੱਸਿਆ ਕਿ ਸਕਾਲਰਸ਼ਿਪ ਦੀ ਰਾਸ਼ੀ ਸਿਰਫ਼ ਉਹਨਾਂ ਬੈਂਕ ਖਾਤਿਆਂ ਵਿੱਚ ਹੀ ਭੇਜੀ ਜਾਵੇਗੀ ਜੋ ਆਧਾਰ ਨਾਲ ਲਿੰਕ ਹੋਣਗੇ। ਇਸ ਲਈ ਜਿਨ੍ਹਾਂ ਵਿਦਿਆਰਥੀਆਂ ਦੇ ਖਾਤੇ ਆਧਾਰ ਨਾਲ ਸੀਡ ਨਹੀਂ ਹਨ, ਉਹ ਯੋਗ ਹੋਣ ਦੇ ਬਾਵਜੂਦ ਵੀ ਰਾਸ਼ੀ ਪ੍ਰਾਪਤ ਨਹੀਂ ਕਰ ਸਕਣਗੇ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਅਕਾਦਮਿਕ ਸਾਲ 2022-23 ਤੋਂ 2025-26 ਤੱਕ ਦੇ ਉਹਨਾਂ ਵਿਦਿਆਰਥੀਆਂ ਦੀਆਂ ਸੂਚੀਆਂ, ਜਿਨ੍ਹਾਂ ਦੀ ਸਕਾਲਰਸ਼ਿਪ ਸਿਰਫ਼ ਆਧਾਰ ਸੀਡਿੰਗ ਨਾ ਹੋਣ ਕਾਰਨ ਰੁਕੀ ਹੋਈ ਹੈ, ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਅਤੇ ਪੰਜਾਬ ਸਰਕਾਰ ਦੀ ਅਧਿਕਾਰਤ ਵੈੱਬਸਾਈਟ 'ਤੇ ਉਪਲਬਧ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਮ ਸੂਚੀ ਵਿੱਚ ਚੈੱਕ ਕਰਨ ਅਤੇ ਆਪਣੇ ਬੈਂਕ ਨਾਲ ਸੰਪਰਕ ਕਰਕੇ ਜਲਦ ਤੋਂ ਜਲਦ ਆਧਾਰ ਸੀਡਿੰਗ ਦੀ ਪ੍ਰਕਿਰਿਆ ਪੂਰੀ ਕਰਨ।
ਵਿਧਾਇਕ ਟੌਂਗ ਨੇ ਕਿਹਾ ਕਿ ਸਿੱਖਿਆ ਸਮਾਜਿਕ ਸਸ਼ਕਤੀਕਰਨ ਦਾ ਸਭ ਤੋਂ ਮਜ਼ਬੂਤ ਆਧਾਰ ਹੈ ਅਤੇ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਲੋੜਵੰਦ ਵਿਦਿਆਰਥੀ ਸਿਰਫ਼ ਤਕਨੀਕੀ ਜਾਂ ਦਫ਼ਤਰੀ ਕਮੀ ਕਾਰਨ ਸਕਾਲਰਸ਼ਿਪ ਤੋਂ ਵਾਂਝਾ ਨਾ ਰਹੇ। ਉਨ੍ਹਾਂ ਸਾਰੇ ਯੋਗ ਐੱਸ.ਸੀ. ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ 15 ਅਗਸਤ ਤੋਂ ਪਹਿਲਾਂ ਆਪਣੇ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਵਾ ਕੇ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਸਮੇਂ ਸਿਰ ਪ੍ਰਾਪਤ ਕਰਨਾ ਯਕੀਨੀ ਬਣਾਉਣ।
ਹਿੰਦੂਸਥਾਨ ਸਮਾਚਾਰ / GURSHARAN SINGH