
ਹੁਸ਼ਿਆਰਪੁਰ, 23 ਜੁਲਾਈ (ਹਿੰ.ਸ.)| ਦਸੂਹਾ ਵਿੱਚ ਦੋ ਦਿਨ ਪਹਿਲਾਂ ਗੰਨ ਪੁਆਇੰਟ 'ਤੇ ਮੋਟਰਸਾਈਕਲ ਲੁੱਟਣ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬਲਰਾਜ ਸਿੰਘ ਉਰਫ਼ ਬੱਲੋ ਅਤੇ ਗਗਨਦੀਪ ਸਿੰਘ ਵਜੋਂ ਹੋਈ ਹੈ, ਜਦਕਿ ਇਸ ਵਾਰਦਾਤ ਵਿੱਚ ਸ਼ਾਮਲ ਦੋ ਹੋਰ ਮੁਲਜ਼ਮ ਸੁਖਬੀਰ ਸਿੰਘ ਉਰਫ਼ ਸੁੱਖਾ ਵਾਸੀ ਬਟਾਲਾ ਅਤੇ ਵਿਕਰਮਜੀਤ ਸਿੰਘ ਵਾਸੀ ਅੰਮ੍ਰਿਤਸਰ ਅਜੇ ਵੀ ਫਰਾਰ ਹਨ।ਜਾਣਕਾਰੀ ਅਨੁਸਾਰ ਇਹ ਘਟਨਾ ਮੰਗਲਵਾਰ ਦੁਪਹਿਰ ਵਾਪਰੀ ਸੀ, ਜਦੋਂ ਕੁਝ ਹਥਿਆਰਬੰਦ ਬਦਮਾਸ਼ਾਂ ਨੇ ਪਿਸਤੌਲ ਦੀ ਨੋਕ 'ਤੇ ਪਰਮਜੀਤ ਸਿੰਘ ਵਾਸੀ ਦੁਲਮੀਵਾਲ ਤੋਂ ਉਸ ਦਾ ਮੋਟਰਸਾਈਕਲ ਲੁੱਟ ਲਿਆ ਸੀ। ਪੀੜਤ ਦੀ ਸ਼ਿਕਾਇਤ ਦੇ ਆਧਾਰ 'ਤੇ ਦਸੂਹਾ ਪੁਲਿਸ ਨੇ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ।ਥਾਣਾ ਮੁਖੀ ਦਲਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਬਲਰਾਜ ਸਿੰਘ ਉਰਫ਼ ਬੱਲੋ ਨੂੰ ਨਾਮਜ਼ਦ ਕੀਤਾ ਗਿਆ ਸੀ, ਜਦਕਿ ਹੋਰ ਮੁਲਜ਼ਮਾਂ ਦੀ ਪਛਾਣ ਨਹੀਂ ਹੋਈ ਸੀ। ਬਲਰਾਜ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ ਲਗਾਤਾਰ ਛਾਪੇਮਾਰੀ ਕਰਕੇ ਉਸ ਨੂੰ ਅਤੇ ਗਗਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਦੋਵੇਂ ਗ੍ਰਿਫ਼ਤਾਰ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਵਾਰਦਾਤ ਵਿੱਚ ਸੁਖਬੀਰ ਸਿੰਘ ਉਰਫ਼ ਸੁੱਖਾ ਅਤੇ ਵਿਕਰਮਜੀਤ ਸਿੰਘ ਵੀ ਉਨ੍ਹਾਂ ਦੇ ਨਾਲ ਸ਼ਾਮਲ ਸਨ। ਪੁਲਿਸ ਦਾ ਕਹਿਣਾ ਹੈ ਕਿ ਫਰਾਰ ਮੁਲਜ਼ਮਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਵਾਰਦਾਤ ਵਿੱਚ ਵਰਤਿਆ ਗਿਆ ਪਿਸਤੌਲ ਅਤੇ ਲੁੱਟਿਆ ਗਿਆ ਮੋਟਰਸਾਈਕਲ ਬਰਾਮਦ ਕੀਤਾ ਜਾ ਸਕੇ।
ਹਿੰਦੂਸਥਾਨ ਸਮਾਚਾਰ / GURSHARAN SINGH