
ਚੰਡੀਗੜ੍ਹ, 24 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਨੇ ਸਮਾਜਿਕ ਨਿਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2026-27 ਲਈ 2,769 ਯੋਗ ਲਾਭਪਾਤਰੀਆਂ ਨੂੰ 14.12 ਕਰੋੜ ਰੁਪਏ ਜਾਰੀ ਕੀਤੇ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਰਾਸ਼ੀ ਯੋਗ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਵਜੋਂ ਦਿੱਤੀ ਜਾ ਰਹੀ ਹੈ, ਤਾਂ ਜੋ ਆਰਥਿਕ ਤੰਗੀ ਉਨ੍ਹਾਂ ਦੇ ਜੀਵਨ ਦੇ ਇਸ ਅਹਿਮ ਮੌਕੇ ਵਿੱਚ ਰੁਕਾਵਟ ਨਾ ਬਣੇ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਅਸ਼ੀਰਵਾਦ ਪੋਰਟਲ ਰਾਹੀਂ 19 ਜ਼ਿਲ੍ਹਿਆਂ ਤੋਂ 2,769 ਯੋਗ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਸਰਕਾਰ ਨੇ ਸਾਰੀਆਂ ਯੋਗ ਅਰਜ਼ੀਆਂ ਨੂੰ ਮਨਜ਼ੂਰੀ ਦੇ ਕੇ ਰਾਸ਼ੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸਰਕਾਰ ਦੀ ਪਾਰਦਰਸ਼ੀ, ਜਵਾਬਦੇਹ ਅਤੇ ਸਮੇਂ ਸਿਰ ਭਲਾਈ ਸਕੀਮਾਂ ਲਾਗੂ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਸਭ ਤੋਂ ਵੱਧ ਲਾਭਪਾਤਰੀ ਪਟਿਆਲਾ (556), ਗੁਰਦਾਸਪੁਰ (401) ਅਤੇ ਫਾਜ਼ਿਲਕਾ (347) ਜ਼ਿਲ੍ਹਿਆਂ ਤੋਂ ਰਹੇ। ਇਸ ਤੋਂ ਇਲਾਵਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਠਾਨਕੋਟ, ਰੂਪਨਗਰ, ਐੱਸ.ਏ.ਐੱਸ. ਨਗਰ (ਮੁਹਾਲੀ), ਐੱਸ.ਬੀ.ਐੱਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਲਾਭਪਾਤਰੀਆਂ ਨੂੰ ਵੀ ਇਸ ਯੋਜਨਾ ਦਾ ਫਾਇਦਾ ਮਿਲਿਆ ਹੈ।ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਹਰ ਯੋਗ ਲੜਕੀ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ, ਗਰੀਬੀ ਰੇਖਾ ਤੋਂ ਹੇਠਾਂ (ਬੀਪੀਐੱਲ) ਪਰਿਵਾਰ ਨਾਲ ਸਬੰਧਤ ਹੋਣਾ ਅਤੇ ਅਨੁਸੂਚਿਤ ਜਾਤੀ, ਪੱਛੜੀ ਸ਼੍ਰੇਣੀ ਜਾਂ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਵਿੱਚ ਸ਼ਾਮਲ ਹੋਣਾ ਲਾਜ਼ਮੀ ਹੈ। ਪਰਿਵਾਰ ਦੀ ਸਾਲਾਨਾ ਆਮਦਨ 32,790 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਇੱਕ ਪਰਿਵਾਰ ਦੀਆਂ ਵੱਧ ਤੋਂ ਵੱਧ ਦੋ ਧੀਆਂ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ।ਉਨ੍ਹਾਂ ਕਿਹਾ ਕਿ ਸਾਰੀ ਰਾਸ਼ੀ ਡਾਇਰੈਕਟ ਬੈਨੇਫਿਟ ਟ੍ਰਾਂਸਫਰ (ਡੀਬੀਟੀ) ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਦਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਟੀਚਾ ਹਰ ਯੋਗ ਪਰਿਵਾਰ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਆਰਥਿਕ ਸੁਰੱਖਿਆ ਅਤੇ ਸਨਮਾਨ ਨਾਲ ਜੋੜਨਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH