
ਮੋਗਾ, 24 ਜੁਲਾਈ (ਹਿੰ.ਸ.)| ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਸੰਭਵ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਵਚਨਬੱਧ ਹੈ। ਇਸੇ ਉਦੇਸ਼ ਤਹਿਤ ਨਿਹਾਲ ਸਿੰਘ ਵਾਲਾ ਹਲਕੇ ਵਿੱਚ 83.64 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਸਿੰਚਾਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 316 ਕਿਲੋਮੀਟਰ ਲੰਬੇ ਖਾਲਿਆਂ ਅਤੇ ਪਾਈਪਲਾਈਨ ਨੈੱਟਵਰਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਨਾਲ 56 ਪਿੰਡਾਂ ਦੀ ਲਗਭਗ 25,872 ਏਕੜ ਖੇਤੀਯੋਗ ਜ਼ਮੀਨ ਨਹਿਰੀ ਸਿੰਚਾਈ ਹੇਠ ਆਵੇਗੀ। ਇਸ ਨਾਲ ਕਿਸਾਨਾਂ ਨੂੰ ਸਸਤੀ ਅਤੇ ਭਰੋਸੇਯੋਗ ਸਿੰਚਾਈ ਦੀ ਸਹੂਲਤ ਮਿਲੇਗੀ, ਟਿਊਬਵੈੱਲਾਂ 'ਤੇ ਨਿਰਭਰਤਾ ਘਟੇਗੀ ਅਤੇ ਭੂ-ਜਲ ਦੀ ਸੰਭਾਲ ਵਿੱਚ ਮਦਦ ਮਿਲੇਗੀ।
ਜਲ ਸਰੋਤ ਮੰਤਰੀ ਨੇ ਦੱਸਿਆ ਕਿ ਰਾਊਕੇ ਕਲਾਂ ਵਿਖੇ 36.84 ਕਰੋੜ ਰੁਪਏ ਦੀ ਲਾਗਤ ਨਾਲ 20 ਖਾਲਿਆਂ ਅਤੇ ਪਾਈਪਲਾਈਨਾਂ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ ਤਹਿਤ 42.27 ਕਿਲੋਮੀਟਰ ਪਾਈਪਲਾਈਨ ਅਤੇ 95.85 ਕਿਲੋਮੀਟਰ ਖਾਲੇ ਬਣਾਏ ਜਾਣਗੇ, ਜਿਸ ਨਾਲ 22 ਪਿੰਡਾਂ ਦੀ 10,340 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਮਿਲੇਗਾ।
ਇਸ ਤੋਂ ਇਲਾਵਾ 2.2 ਕਰੋੜ ਰੁਪਏ ਦੀ ਲਾਗਤ ਨਾਲ ਬਿਲਾਸਪੁਰ ਮਾਈਨਰ ਨੂੰ ਪੱਕਾ ਕਰਨ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ ਗਈ। ਇਸ ਪ੍ਰੋਜੈਕਟ ਨਾਲ 7 ਪਿੰਡਾਂ ਦੀ 2,320 ਏਕੜ ਜ਼ਮੀਨ ਨੂੰ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ 44.64 ਕਰੋੜ ਰੁਪਏ ਦੀ ਲਾਗਤ ਨਾਲ 168.12 ਕਿਲੋਮੀਟਰ ਲੰਬੇ 5 ਨੰਬਰ ਖਾਲਿਆਂ ਦਾ ਨਵੀਨੀਕਰਨ ਵੀ ਕੀਤਾ ਜਾਵੇਗਾ, ਜਿਸ ਨਾਲ 27 ਪਿੰਡਾਂ ਦੀ 13,212 ਏਕੜ ਜ਼ਮੀਨ ਨਹਿਰੀ ਸਿੰਚਾਈ ਨਾਲ ਜੁੜੇਗੀ।
ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਨੂੰ ਟਿਕਾਊ ਅਤੇ ਲਾਭਕਾਰੀ ਬਣਾਉਣ ਲਈ ਨਹਿਰੀ ਸਿੰਚਾਈ ਦੇ ਵਿਸਥਾਰ ਨੂੰ ਪਹਿਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਜੈਕਟਾਂ ਨਾਲ ਕਿਸਾਨਾਂ ਦੇ ਸਿੰਚਾਈ ਖਰਚੇ ਘਟਣਗੇ, ਬਿਜਲੀ ਦੀ ਬਚਤ ਹੋਵੇਗੀ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਸੰਭਾਲਣ ਵਿੱਚ ਵੀ ਮਦਦ ਮਿਲੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH