
ਜਲੰਧਰ, 24 ਜੁਲਾਈ (ਹਿੰ.ਸ.)| ਸੀਨੀਅਰ ਪੁਲਿਸ ਕਪਤਾਨ (ਐੱਸਐੱਸਪੀ) ਹਰਵਿੰਦਰ ਸਿੰਘ ਵਿਰਕ (ਪੀ.ਪੀ.ਐੱਸ.) ਦੀ ਅਗਵਾਈ ਹੇਠ ਜਲੰਧਰ ਦਿਹਾਤੀ ਪੁਲਿਸ ਵੱਲੋਂ ਜ਼ਿਲ੍ਹੇ ਦੇ ਸਾਰੇ ਥਾਣਿਆਂ ਵਿੱਚ ‘ਸਮਾਧਾਨ ਕੈਂਪ’ ਲਗਾਏ ਗਏ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਸ਼ਿਕਾਇਤਾਂ ਅਤੇ ਦਰਖ਼ਾਸਤਾਂ ਦਾ ਤੁਰੰਤ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕਰਨਾ ਸੀ। ਇਸ ਪਹਿਲ ਤਹਿਤ ਇੱਕ ਹੀ ਦਿਨ ਵਿੱਚ 550 ਤੋਂ ਵੱਧ ਲੰਬਿਤ ਮਾਮਲਿਆਂ ਦਾ ਸਫ਼ਲ ਨਿਪਟਾਰਾ ਕੀਤਾ ਗਿਆ।ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਗਾਏ ਗਏ ਇਨ੍ਹਾਂ ਕੈਂਪਾਂ ਦੌਰਾਨ ਪੁਲਿਸ ਅਧਿਕਾਰੀਆਂ ਨੇ ਲੰਬਿਤ ਦਰਖ਼ਾਸਤਾਂ ਦੀ ਗੰਭੀਰਤਾ ਨਾਲ ਸੁਣਵਾਈ ਕੀਤੀ। ਉਨ੍ਹਾਂ ਦਾ ਮਕਸਦ ਇਹ ਯਕੀਨੀ ਬਣਾਉਣਾ ਸੀ ਕਿ ਕਿਸੇ ਵੀ ਨਾਗਰਿਕ ਨੂੰ ਆਪਣੀ ਜਾਇਜ਼ ਸ਼ਿਕਾਇਤ ਦੇ ਹੱਲ ਲਈ ਵਾਰ-ਵਾਰ ਥਾਣਿਆਂ ਦੇ ਚੱਕਰ ਨਾ ਲਗਾਉਣੇ ਪੈਣ।ਸੁਣਵਾਈ ਦੌਰਾਨ ਸ਼ਿਕਾਇਤਕਰਤਾ ਅਤੇ ਦੂਜੇ ਪੱਖ ਨੂੰ ਆਪਣਾ-ਆਪਣਾ ਪੱਖ ਰੱਖਣ ਦਾ ਬਰਾਬਰ ਮੌਕਾ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਅਤੇ ਉਪਲਬਧ ਸਬੂਤਾਂ ਦੇ ਆਧਾਰ 'ਤੇ ਕਾਨੂੰਨ ਅਨੁਸਾਰ ਫ਼ੈਸਲੇ ਕੀਤੇ।ਕੈਂਪਾਂ ਦੌਰਾਨ ਕਈ ਗੁੰਝਲਦਾਰ ਅਤੇ ਆਪਸੀ ਵਿਵਾਦਾਂ ਨਾਲ ਜੁੜੇ ਮਾਮਲੇ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਮੌਕੇ 'ਤੇ ਹੀ ਸੁਲਝਾ ਦਿੱਤੇ ਗਏ। ਜਿਨ੍ਹਾਂ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਲੋੜੀਂਦੀ ਸੀ, ਉਨ੍ਹਾਂ ਵਿੱਚ ਤੁਰੰਤ ਕਾਰਵਾਈ ਕੀਤੀ ਗਈ, ਜਦਕਿ ਹੋਰ ਪ੍ਰਕਿਰਿਆ ਅਧੀਨ ਮਾਮਲਿਆਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਉਣ ਲਈ ਸਬੰਧਤ ਥਾਣਾ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ।ਇਸ ਮੌਕੇ ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਨੂੰ ਤੁਰੰਤ, ਨਿਰਪੱਖ ਅਤੇ ਪਾਰਦਰਸ਼ੀ ਇਨਸਾਫ਼ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਸਮਾਧਾਨ ਕੈਂਪਾਂ’ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ, ਲੋਕ-ਕੇਂਦਰਿਤ ਪੁਲਿਸਿੰਗ ਨੂੰ ਮਜ਼ਬੂਤ ਕਰਨਾ ਅਤੇ ਪੁਲਿਸ ਪ੍ਰਤੀ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਬਣਾਉਣਾ ਹੈ।ਐੱਸਐੱਸਪੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਿਸ ਦਾ ਸਹਿਯੋਗ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਹਰ ਨਾਗਰਿਕ ਦੀ ਜਾਇਜ਼ ਸ਼ਿਕਾਇਤ 'ਤੇ ਪਹਿਲ ਦੇ ਆਧਾਰ 'ਤੇ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH