
ਫਰੀਦਕੋਟ, 25 ਜੁਲਾਈ (ਹਿੰ.ਸ.)| ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਅਤੇ ਹੋਰ ਪਾਬੰਦੀਸ਼ੁਦਾ ਸਮਾਨ ਮਿਲਣ ਦਾ ਸਿਲਸਿਲਾ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਏ ਗਏ ਤਾਜ਼ਾ ਤਲਾਸ਼ੀ ਅਭਿਆਨ ਦੌਰਾਨ ਪੰਜ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਚਾਰ ਹਵਾਲਾਤੀਆਂ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਜੇਲ੍ਹ ਸੁਪਰਡੈਂਟ ਦੇ ਨਿਰਦੇਸ਼ਾਂ 'ਤੇ ਸਮੇਂ-ਸਮੇਂ ਸਿਰ ਬੈਰਕਾਂ ਅਤੇ ਜੇਲ੍ਹ ਕੰਪਲੈਕਸ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾਂਦੀ ਹੈ। ਇਸੇ ਤਹਿਤ ਸ਼ੁੱਕਰਵਾਰ ਰਾਤ ਵੱਖ-ਵੱਖ ਬੈਰਕਾਂ ਦੀ ਜਾਂਚ ਦੌਰਾਨ ਫਾਜ਼ਿਲਕਾ ਦੇ ਰਿੰਕੂ ਉਰਫ਼ ਕਾਲੀ, ਕੋਟਕਪੂਰਾ ਦੇ ਧਰਮਿੰਦਰ ਸਿੰਘ, ਅੰਮ੍ਰਿਤਸਰ ਦੇ ਆਕਾਸ਼ਦੀਪ ਸਿੰਘ ਅਤੇ ਫਾਜ਼ਿਲਕਾ ਦੇ ਕਵਲ ਸਿੰਘ ਦੇ ਕਬਜ਼ੇ ਵਿੱਚੋਂ ਪੰਜ ਮੋਬਾਈਲ ਫੋਨ ਬਰਾਮਦ ਹੋਏ।
ਸ਼ਿਕਾਇਤ ਦੇ ਆਧਾਰ 'ਤੇ ਥਾਣਾ ਸਿਟੀ ਫਰੀਦਕੋਟ ਪੁਲਿਸ ਨੇ ਚਾਰਾਂ ਹਵਾਲਾਤੀਆਂ ਖ਼ਿਲਾਫ਼ ਜੇਲ੍ਹ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਕਰ ਰਹੇ ਜੇਲ੍ਹ ਇਨਵੈਸਟੀਗੇਸ਼ਨ ਸੈੱਲ ਦੇ ਇੰਚਾਰਜ ਏਐਸਆਈ ਗੁਰਪਾਲ ਸਿੰਘ ਨੇ ਦੱਸਿਆ ਕਿ ਨਾਮਜ਼ਦ ਹਵਾਲਾਤੀਆਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ। ਜਾਂਚ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਮੋਬਾਈਲ ਫੋਨ ਜੇਲ੍ਹ ਦੇ ਅੰਦਰ ਕਿਸ ਤਰੀਕੇ ਨਾਲ ਪਹੁੰਚੇ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਕਿਸੇ ਜੇਲ੍ਹ ਅਧਿਕਾਰੀ ਜਾਂ ਕਰਮਚਾਰੀ ਦੀ ਮਿਲੀਭੁਗਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕਰਕੇ ਮਾਮਲੇ ਵਿੱਚ ਨਾਮਜ਼ਦ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH