
ਚੰਡੀਗੜ੍ਹ, 25 ਜੁਲਾਈ (ਹਿੰ.ਸ.)| ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਖ਼ਿਲਾਫ਼ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ। 'ਥਾਲੀ ਬਜਾਓ, ਤਾਨਾਸ਼ਾਹ ਭਗਾਓ' ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੜਕਾਂ 'ਤੇ ਉਤਰ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।ਪਾਰਟੀ ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਕਾਰਨ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੋ ਰਿਹਾ ਹੈ। 'ਆਪ' ਦਾ ਕਹਿਣਾ ਹੈ ਕਿ ਨੀਟ ਪੇਪਰ ਲੀਕ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਆਮ ਆਦਮੀ ਪਾਰਟੀ ਵੱਲੋਂ ਕੇਂਦਰ ਦੀ ਭਾਜਪਾ ਵੱਲੋਂ ਪੇਪਰ ਲੀਕ ਕਰਵਾ ਕੇ ਵਿਦਿਆਰਥੀਆਂ ਦੇ ਭਵਿੱਖ ਨਾਲ਼ ਖਿਲਵਾੜ ਕਰਨ ਖ਼ਿਲਾਫ਼ ਸ਼ਹੀਦ ਭਗਤ ਸਿੰਘ ਨਗਰ, ਸ੍ਰੀ ਮੁਕਤਸਰ ਸਾਹਿਬ ਅਤੇ ਹੁਸ਼ਿਆਰਪੁਰ ਵਿਖੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਆਮ ਆਦਮੀ ਪਾਰਟੀ ਵਿਦਿਆਰਥੀਆਂ ਦਾ ਭਵਿੱਖ ਕਦੇ ਖ਼ਰਾਬ ਨਹੀਂ ਹੋਣ ਦੇਵੇਗੀ ਅਤੇ ਭਾਜਪਾ ਦੀਆਂ ਤਾਨਾਸ਼ਾਹੀ ਨੀਤੀਆਂ ਦਾ ਡਟ ਕੇ ਵਿਰੋਧ ਕਰੇਗੀ।ਇਸ ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਸਟੀਲ ਦੀਆਂ ਥਾਲੀਆਂ ਵਜਾ ਕੇ ਆਪਣਾ ਵਿਰੋਧ ਦਰਜ ਕਰਵਾਇਆ। ਪਾਰਟੀ ਮੁਤਾਬਕ ਇਹ ਪ੍ਰਦਰਸ਼ਨ ਵਿਦਿਆਰਥੀਆਂ ਦੇ ਹੱਕ ਵਿੱਚ ਅਤੇ ਕੇਂਦਰ ਸਰਕਾਰ ਦੀਆਂ ਕਥਿਤ ਵਿਦਿਆਰਥੀ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਕੀਤਾ ਗਿਆ ਹੈ।ਫਿਰੋਜ਼ਪੁਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਨੀਟ ਪੇਪਰ ਲੀਕ ਮਾਮਲੇ ਅਤੇ ਦਿੱਲੀ ਵਿੱਚ ਵਿਦਿਆਰਥੀਆਂ 'ਤੇ ਹੋਈ ਕਾਰਵਾਈ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵਰਕਰਾਂ ਨੇ ਥਾਲੀਆਂ ਵਜਾ ਕੇ ਰੋਸ ਪ੍ਰਗਟਾਇਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ ਅਤੇ ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਤੋਂ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ੇ ਦੀ ਮੰਗ ਵੀ ਕੀਤੀ।ਮਾਨਸਾ ਵਿੱਚ ਵੀ ਆਮ ਆਦਮੀ ਪਾਰਟੀ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਦਿੱਲੀ ਦੇ ਜੰਤਰ-ਮੰਤਰ 'ਤੇ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਕੀਤਾ ਗਿਆ। ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ ਅਤੇ ਚਰਨਜੀਤ ਸਿੰਘ ਅੱਕਾਂਵਾਲੀ ਨੇ ਦੋਸ਼ ਲਗਾਇਆ ਕਿ ਪਿਛਲੇ ਪੇਪਰ ਲੀਕ ਮਾਮਲਿਆਂ ਵਿੱਚ ਕੇਂਦਰ ਸਰਕਾਰ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਆਗੂਆਂ ਨੇ ਕਿਹਾ ਕਿ ਮਿਹਨਤ ਨਾਲ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਹੋਇਆ ਹੈ, ਜਦਕਿ ਪੇਪਰ ਲੀਕ ਹੋਣ ਨਾਲ ਕੁਝ ਲੋਕਾਂ ਨੂੰ ਗਲਤ ਫਾਇਦਾ ਮਿਲਿਆ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਹਿੰਦੂਸਥਾਨ ਸਮਾਚਾਰ / GURSHARAN SINGH