
ਸਮਾਣਾ, 25 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਸਮਾਣਾ ਬਲਾਕ ਦੇ ਪਿੰਡ ਬੰਮਣਾ ਅਤੇ ਬਸਤੀ ਬੰਮਣਾ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਪਦੇਸ਼ਾਂ 'ਤੇ ਆਧਾਰਿਤ 30 ਮਿੰਟ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਦਸਤਾਵੇਜ਼ੀ ਦੇਖੀ।
ਇਹ ਦਸਤਾਵੇਜ਼ੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਹੈ, ਜਿਸ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਇਸ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਹਰ ਪਿੰਡ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ, ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾ ਸਕੇ।
ਦਸਤਾਵੇਜ਼ੀ ਦੇਖਣ ਤੋਂ ਬਾਅਦ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH