
ਜ਼ੀਰਕਪੁਰ, 25 ਜੁਲਾਈ (ਹਿੰ.ਸ.)| ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਵਾਰਡ ਨੰਬਰ 23 ਅਤੇ ਵਾਰਡ ਨੰਬਰ 17 ਵਿੱਚ ਕਰੀਬ 83 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ ਕੀਤੇ ਗਏ ਅਤੇ ਨਵੇਂ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਤਹਿਤ ਵਾਰਡ ਨੰਬਰ 23 ਵਿੱਚ ਨਗਰ ਕੌਂਸਲ ਵੱਲੋਂ ਲਗਭਗ 38 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਪਾਰਕ ਦਾ ਉਦਘਾਟਨ ਕੀਤਾ ਗਿਆ।
ਇਸ ਪਾਰਕ ਵਿੱਚ ਬਾਊਂਡਰੀ ਵਾਲ, ਓਪਨ ਜਿਮ ਅਤੇ ਵਾਕਿੰਗ ਟਰੈਕ ਵਰਗੀਆਂ ਸਹੂਲਤਾਂ ਵਿਕਸਤ ਕੀਤੀਆਂ ਗਈਆਂ ਹਨ, ਜਿਸ ਨਾਲ ਇਲਾਕਾ ਵਾਸੀਆਂ ਨੂੰ ਸੈਰ-ਸਪਾਟੇ ਅਤੇ ਸਿਹਤਮੰਦ ਜੀਵਨ ਸ਼ੈਲੀ ਲਈ ਬਿਹਤਰ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ ਵਾਰਡ ਨੰਬਰ 17 ਅਧੀਨ ਪੈਂਦੀ ਗਾਜ਼ੀਪੁਰ ਬਾਜ਼ੀਗਰ ਬਸਤੀ ਵਿੱਚ ਲਗਭਗ 44.88 ਲੱਖ ਰੁਪਏ ਦੀ ਲਾਗਤ ਨਾਲ ਸੀਵਰ, ਸਟਾਰਮ ਵਾਟਰ ਡਰੇਨੇਜ ਅਤੇ ਟਾਈਲਾਂ ਵਿਛਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਕੰਮਾਂ ਦੇ ਮੁਕੰਮਲ ਹੋਣ ਨਾਲ ਇਲਾਕੇ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਸੀਵਰੇਜ ਦੀ ਸਮੱਸਿਆ ਦਾ ਹੱਲ ਹੋਵੇਗਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਾਪਤ ਹੋਣਗੀਆਂ।
ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ੀਰਕਪੁਰ ਦੇ ਹਰ ਵਾਰਡ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਵਿਕਾਸ ਦੀ ਇਹ ਲੜੀ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ, ਸਬੰਧਤ ਵਾਰਡਾਂ ਦੇ ਕੌਂਸਲਰ ਗੁਰਦੀਪ ਸਿੰਘ ਅਤੇ ਜਸਵਿੰਦਰ ਸਿੰਘ, ਹੋਰ ਕੌਂਸਲਰ ਸਾਹਿਬਾਨ, ਇਲਾਕਾ ਵਾਸੀ ਅਤੇ ਨਗਰ ਕੌਂਸਲ ਦੇ ਅਧਿਕਾਰੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH