
ਫਾਜ਼ਿਲਕਾ, 25 ਜੁਲਾਈ (ਹਿੰ.ਸ.)| ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ। ਇਸ ਮੌਕੇ ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਫਾਜ਼ਿਲਕਾ, ਪੀ.ਐਮ. ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਲੋਵਾਲੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਧੂਕਾ ਦੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।
ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ, ਸਮਾਰਟ ਕਲਾਸਰੂਮ ਅਤੇ ਡਿਜ਼ੀਟਲ ਸਿੱਖਿਆ ਦੇ ਪ੍ਰਬੰਧਾਂ ਕਾਰਨ ਵਿਦਿਆਰਥੀ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬਦਲਾਅ ਦੀ ਨਵੀਂ ਲਹਿਰ ਆਈ ਹੈ ਅਤੇ ਆਧੁਨਿਕ ਕਲਾਸਰੂਮ ਵਿਦਿਆਰਥੀਆਂ ਨੂੰ ਇੰਟਰਐਕਟਿਵ ਅਤੇ ਡਿਜ਼ੀਟਲ ਢੰਗ ਨਾਲ ਸਿੱਖਿਆ ਪ੍ਰਾਪਤ ਕਰਨ ਵਿੱਚ ਮਦਦ ਕਰ ਰਹੇ ਹਨ। ਵਿਧਾਇਕ ਨੇ ਵਿਦਿਆਰਥੀਆਂ ਨੂੰ ਪੜ੍ਹਾਈ 'ਤੇ ਪੂਰਾ ਧਿਆਨ ਕੇਂਦਰਿਤ ਕਰਨ ਅਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਿੱਖਿਆ ਹੀ ਸਮਾਜ ਦੀ ਤਰੱਕੀ ਦਾ ਆਧਾਰ ਹੈ ਅਤੇ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH