
ਕਪੂਰਥਲਾ, 25 ਜੁਲਾਈ (ਹਿੰ.ਸ.)| ਕਪੂਰਥਲਾ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਢਿੱਲਵਾਂ ਥਾਣਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇੱਕ ਫਾਰਚੂਨਰ ਕਾਰ ਵਿੱਚ ਸਵਾਰ ਦੋ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 225 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਥਾਣਾ ਢਿੱਲਵਾਂ ਦੇ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਐਸਆਈ ਕੁਲਦੀਪ ਸਿੰਘ ਪੁਲਿਸ ਪਾਰਟੀ ਨਾਲ ਹਾਈਟੈਕ ਨਾਕਾ ਢਿੱਲਵਾਂ 'ਤੇ ਤਾਇਨਾਤ ਸਨ। ਇਸ ਦੌਰਾਨ ਅੰਮ੍ਰਿਤਸਰ ਵੱਲੋਂ ਆ ਰਹੀ ਇੱਕ ਸ਼ੱਕੀ ਫਾਰਚੂਨਰ ਕਾਰ ਨੂੰ ਜਾਂਚ ਲਈ ਰੁਕਣ ਦਾ ਇਸ਼ਾਰਾ ਕੀਤਾ ਗਿਆ। ਪੁਲਿਸ ਨਾਕਾ ਦੇਖ ਕੇ ਕਾਰ ਚਾਲਕ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਤੁਰੰਤ ਘੇਰਾਬੰਦੀ ਕਰਕੇ ਵਾਹਨ ਨੂੰ ਰੋਕ ਲਿਆ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗੁਰਮੁਖ ਸਿੰਘ ਵਾਸੀ ਪਿੰਡ ਮੁੜੀ ਕਾਲੂ (ਥਾਣਾ ਲੋਹੀਆਂ, ਜ਼ਿਲ੍ਹਾ ਜਲੰਧਰ) ਅਤੇ ਰੇਸ਼ਮ ਸਿੰਘ ਵਾਸੀ ਪਿੰਡ ਖੋਆਸਪੁਰ (ਥਾਣਾ ਗੋਇੰਦਵਾਲ ਸਾਹਿਬ, ਜ਼ਿਲ੍ਹਾ ਤਰਨਤਾਰਨ) ਵਜੋਂ ਹੋਈ ਹੈ। ਕਾਰ ਦੀ ਤਲਾਸ਼ੀ ਦੌਰਾਨ 225 ਗ੍ਰਾਮ ਅਫੀਮ ਬਰਾਮਦ ਹੋਈ।
ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਇਆ ਜਾਵੇਗਾ ਕਿ ਅਫੀਮ ਦੀ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਅੱਗੇ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ। ਪੁਲਿਸ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH