
ਚੰਡੀਗੜ੍ਹ, 26 ਜੁਲਾਈ (ਹਿੰ.ਸ.)| ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਪੰਜਾਬ ਸਰਕਾਰ ਨੇ ਵੱਡਾ ਉਪਰਾਲਾ ਕੀਤਾ ਹੈ। ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ ‘ਅਸ਼ੀਰਵਾਦ ਸਕੀਮ’ ਤਹਿਤ ਅਨੁਸੂਚਿਤ ਜਾਤੀ ਵਰਗ ਦੇ 5,492 ਯੋਗ ਲਾਭਪਾਤਰੀਆਂ ਲਈ ₹28.01 ਕਰੋੜ ਦੀ ਰਾਸ਼ੀ ਜਾਰੀ ਕੀਤੀ ਹੈ। ਇਹ ਰਕਮ ਡੀ.ਬੀ.ਟੀ. ਪ੍ਰਣਾਲੀ ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ।
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿੱਤੀ ਸਹਾਇਤਾ ਦਾ ਉਦੇਸ਼ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਦੇ ਖਰਚੇ ਪੂਰੇ ਕਰਨ ਵਿੱਚ ਮਦਦ ਕਰਨਾ ਹੈ, ਤਾਂ ਜੋ ਉਹ ਬਿਨਾਂ ਕਿਸੇ ਆਰਥਿਕ ਦਬਾਅ ਦੇ ਸਨਮਾਨ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਸਕਣ।
ਉਨ੍ਹਾਂ ਦੱਸਿਆ ਕਿ ਅਸ਼ੀਰਵਾਦ ਪੋਰਟਲ ’ਤੇ ਪ੍ਰਾਪਤ ਹੋਈਆਂ ਦਰਖਾਸਤਾਂ ਦੇ ਆਧਾਰ ’ਤੇ ਸੂਬੇ ਦੇ 19 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਵਿੱਚ ਫਾਜ਼ਿਲਕਾ, ਪਟਿਆਲਾ, ਫਿਰੋਜ਼ਪੁਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਗੁਰਦਾਸਪੁਰ, ਬਰਨਾਲਾ, ਐਸ.ਬੀ.ਐਸ. ਨਗਰ ਸਮੇਤ ਹੋਰ ਜ਼ਿਲ੍ਹੇ ਸ਼ਾਮਲ ਹਨ।
ਜ਼ਿਲ੍ਹਾ ਪੱਧਰ ’ਤੇ ਫਾਜ਼ਿਲਕਾ ਦੇ 882, ਪਟਿਆਲਾ ਦੇ 611, ਫਿਰੋਜ਼ਪੁਰ ਦੇ 604 ਅਤੇ ਲੁਧਿਆਣਾ ਦੇ 403 ਲਾਭਪਾਤਰੀਆਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਇਸ ਤੋਂ ਇਲਾਵਾ ਮੋਗਾ ਦੇ 400, ਸ੍ਰੀ ਮੁਕਤਸਰ ਸਾਹਿਬ ਦੇ 384, ਹੁਸ਼ਿਆਰਪੁਰ ਦੇ 333 ਅਤੇ ਹੋਰ ਜ਼ਿਲ੍ਹਿਆਂ ਦੇ ਸੈਂਕੜੇ ਪਰਿਵਾਰ ਵੀ ਇਸ ਸਹਾਇਤਾ ਰਾਸ਼ੀ ਦੇ ਦਾਇਰੇ ਵਿੱਚ ਆਉਣਗੇ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਯੋਗ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਲਈ ₹51,000 ਦੀ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ। ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਦਾ ਸਥਾਈ ਨਿਵਾਸੀ ਹੋਣਾ ਚਾਹੀਦਾ ਹੈ, ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਹੋਣਾ ਚਾਹੀਦਾ ਹੈ ਅਤੇ ਸਾਲਾਨਾ ਆਮਦਨ ₹32,790 ਤੋਂ ਘੱਟ ਹੋਣੀ ਚਾਹੀਦੀ ਹੈ। ਇੱਕ ਪਰਿਵਾਰ ਦੀਆਂ ਵੱਧ ਤੋਂ ਵੱਧ ਦੋ ਧੀਆਂ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ।
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਾਰਦਰਸ਼ੀ ਢੰਗ ਨਾਲ ਲੋਕ-ਹਿਤੈਸ਼ੀ ਯੋਜਨਾਵਾਂ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਅਤੇ ਸੂਬੇ ਵਿੱਚ ਸਮਾਜਿਕ ਨਿਆਂ ਨੂੰ ਹੋਰ ਮਜ਼ਬੂਤ ਕਰਨਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH