
ਚੰਡੀਗੜ੍ਹ, 26 ਜੁਲਾਈ (ਹਿੰ.ਸ.)| ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਅੱਤਵਾਦੀ ਨੈੱਟਵਰਕ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਦੀ ਸਰਪ੍ਰਸਤੀ ਹੇਠ ਅਤੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਨਾਲ ਜੁੜੇ ਇੱਕ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਜਲੰਧਰ ਅਤੇ ਜਲੰਧਰ ਦਿਹਾਤੀ ਪੁਲਿਸ ਦੀ ਸਾਂਝੀ ਟੀਮ ਨੇ ਜਲੰਧਰ ਤੋਂ ਇਸ ਮਾਡਿਊਲ ਦੇ ਇੱਕ ਮੁੱਖ ਦਹਿਸ਼ਤਗਰਦ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ਵਿੱਚ ਵਿਸਫੋਟਕ ਸਮੱਗਰੀ ਬਰਾਮਦ ਹੋਈ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਆਪਣੇ ਹੈਂਡਲਰਾਂ ਦੇ ਇਸ਼ਾਰਿਆਂ 'ਤੇ ਕੰਮ ਕਰ ਰਿਹਾ ਸੀ। ਉਸ ਦੇ ਕਬਜ਼ੇ ਵਿੱਚੋਂ 1.3 ਕਿਲੋਗ੍ਰਾਮ ਉੱਚ ਸਮਰੱਥਾ ਵਾਲੇ ਵਿਸਫੋਟਕ ਨਾਲ ਤਿਆਰ ਕੀਤਾ ਗਿਆ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ ਬਰਾਮਦ ਕੀਤਾ ਗਿਆ ਹੈ। ਇਸ ਆਈਈਡੀ ਵਿੱਚ ਲੋਹੇ ਦੇ ਛਰਰੇ ਅਤੇ ਬਾਲ ਬੇਅਰਿੰਗ ਵੀ ਭਰੇ ਹੋਏ ਸਨ। ਪੁਲਿਸ ਦਾ ਕਹਿਣਾ ਹੈ ਕਿ ਇਸ ਦੀ ਬਣਤਰ ਅਤੇ ਸਮਰੱਥਾ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਵਿੱਚ ਕਿਸੇ ਵੱਡੇ ਅਤੇ ਘਾਤਕ ਅੱਤਵਾਦੀ ਹਮਲੇ ਦੀ ਸਾਜ਼ਿਸ਼ ਰਚੀ ਜਾ ਰਹੀ ਸੀ। ਸਮੇਂ ਸਿਰ ਕੀਤੀ ਗਈ ਇਸ ਕਾਰਵਾਈ ਨਾਲ ਰਾਜ ਦੀ ਅਮਨ-ਸ਼ਾਂਤੀ ਭੰਗ ਕਰਨ ਦੀ ਵੱਡੀ ਸਾਜ਼ਿਸ਼ ਨਾਕਾਮ ਹੋ ਗਈ ਅਤੇ ਕਈ ਬੇਕਸੂਰ ਲੋਕਾਂ ਦੀਆਂ ਜਾਨਾਂ ਬਚ ਗਈਆਂ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਲੰਧਰ ਦਿਹਾਤੀ ਦੇ ਥਾਣਾ ਪਤਾਰਾ ਵਿੱਚ ਭਾਰਤੀ ਨਿਆਂ ਸੰਹਿਤਾ, ਵਿਸਫੋਟਕ ਪਦਾਰਥ ਐਕਟ ਅਤੇ ਅਸਲਾ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦਾ ਮੁੱਖ ਮਕਸਦ ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫ਼ਾਸ਼ ਕਰਨਾ ਹੈ। ਜਾਂਚ ਏਜੰਸੀਆਂ ਇਹ ਪਤਾ ਲਗਾਉਣ ਵਿੱਚ ਜੁਟੀਆਂ ਹਨ ਕਿ ਇਸ ਸਾਜ਼ਿਸ਼ ਦੇ ਪਿੱਛੇ ਵਿਦੇਸ਼ਾਂ ਵਿੱਚ ਬੈਠੇ ਕਿਹੜੇ ਹੈਂਡਲਰ ਸਰਗਰਮ ਸਨ, ਮੁਲਜ਼ਮ ਨੂੰ ਸਥਾਨਕ ਪੱਧਰ 'ਤੇ ਕਿਸ ਨੇ ਮਦਦ ਜਾਂ ਲੌਜਿਸਟਿਕ ਸਹਾਇਤਾ ਮੁਹੱਈਆ ਕਰਵਾਈ ਅਤੇ ਵਿਸਫੋਟਕ ਸਮੱਗਰੀ ਕਿੱਥੋਂ ਲਿਆਂਦੀ ਗਈ ਅਤੇ ਇਸ ਨੂੰ ਕਿੱਥੇ ਵਰਤਣ ਦੀ ਯੋਜਨਾ ਸੀ।
ਹਿੰਦੂਸਥਾਨ ਸਮਾਚਾਰ / GURSHARAN SINGH