
ਲਾਲੜੂ , 26 ਜੁਲਾਈ (ਹਿੰ.ਸ.)| ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਪਿੰਡ ਹੰਡੇਸਰਾ ਵਿਖੇ ਜਾਗਰੂਕਤਾ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਡੇਰਾਬੱਸੀ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਵਿਧਾਇਕ ਰੰਧਾਵਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ, ਸਿੱਖਿਆ ਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦੀ ਸਾਂਝੀ ਭੂਮਿਕਾ ਅਤੇ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕ, ਪ੍ਰਸ਼ਾਸਨ ਅਤੇ ਸਮਾਜ ਮਿਲ ਕੇ ਇਸ ਮੁਹਿੰਮ ਨੂੰ ਜਨ ਅੰਦੋਲਨ ਦਾ ਰੂਪ ਦੇਣਗੇ ਤਾਂ ਹੀ ਨਸ਼ਿਆਂ ਦੀ ਬੁਰਾਈ ਦਾ ਪ੍ਰਭਾਵਸ਼ਾਲੀ ਢੰਗ ਨਾਲ ਖਾਤਮਾ ਕੀਤਾ ਜਾ ਸਕੇਗਾ।
ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ, ਰੁਜ਼ਗਾਰ, ਸਿੱਖਿਆ ਅਤੇ ਹੋਰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਇਸ ਮੁਹਿੰਮ ਨਾਲ ਜੁੜ ਕੇ ਨਸ਼ਾ-ਮੁਕਤ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਹਲਕਾ ਕੋਆਰਡੀਨੇਟਰ ਸੁਮਿਤ ਅਤੇ ਉਨ੍ਹਾਂ ਦੀ ਟੀਮ, ਸਰਕਲ ਹੰਡੇਸਰਾ ਦੇ ਪੰਚ-ਸਰਪੰਚ, ਬਲਾਕ ਪ੍ਰਧਾਨ, ਵੱਖ-ਵੱਖ ਪਿੰਡਾਂ ਦੇ ਪਹਿਰੇਦਾਰ, ਪਾਰਟੀ ਆਗੂ, ਐਸ.ਡੀ.ਐਮ. ਡੇਰਾਬੱਸੀ ਅਮਿਤ ਕੁਮਾਰ, ਬੀ.ਡੀ.ਪੀ.ਓ. ਡੇਰਾਬੱਸੀ, ਐਸ.ਐਚ.ਓ. ਹੰਡੇਸਰਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH