
ਪਟਿਆਲਾ, 26 ਜੁਲਾਈ (ਹਿੰ.ਸ.)| ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਵਿਕਾਸ ਨਗਰ (ਸਿਉਣਾ ਚੌਂਕ ਨੇੜੇ) ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ 100 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਹੋਣ ਨਾਲ ਹੁਣ ਪੰਜਾਬ ਵਿੱਚ ਇਨ੍ਹਾਂ ਦੀ ਕੁੱਲ ਗਿਣਤੀ 1,090 ਹੋ ਗਈ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਟੀਚਾ ਹਰ ਨਾਗਰਿਕ ਨੂੰ ਘਰ ਦੇ ਨੇੜੇ ਹੀ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਕਰਵਾਉਣਾ ਹੈ। ਇਸੇ ਉਦੇਸ਼ ਨਾਲ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਇਲਾਜ ਲਈ ਲੰਬੀਆਂ ਦੂਰੀਆਂ ਨਾ ਤੈਅ ਕਰਣੀਆਂ ਪੈਣ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹਰ ਆਮ ਆਦਮੀ ਕਲੀਨਿਕ ਵਿੱਚ ਯੋਗ ਐਮਬੀਬੀਐਸ ਡਾਕਟਰ, ਸਿਖਲਾਈ ਪ੍ਰਾਪਤ ਨਰਸਿੰਗ ਸਟਾਫ ਅਤੇ ਹੋਰ ਲੋੜੀਂਦਾ ਸਟਾਫ ਤਾਇਨਾਤ ਹੈ। ਇੱਥੇ ਮਰੀਜ਼ਾਂ ਨੂੰ ਡਾਕਟਰੀ ਸਲਾਹ, ਸਿਹਤ ਜਾਂਚ, ਲੋੜੀਂਦੀਆਂ ਦਵਾਈਆਂ ਅਤੇ ਵੱਖ-ਵੱਖ ਡਾਇਗਨੋਸਟਿਕ ਟੈਸਟਾਂ ਸਮੇਤ ਪ੍ਰਾਇਮਰੀ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਪ੍ਰਾਇਮਰੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਹਰ ਮਹੀਨੇ 42 ਹਜ਼ਾਰ ਤੋਂ ਵੱਧ ਗਰਭਵਤੀ ਔਰਤਾਂ ਨੂੰ ਇਨ੍ਹਾਂ ਕਲੀਨਿਕਾਂ ਰਾਹੀਂ ਗਰਭ ਅਵਸਥਾ ਦੌਰਾਨ ਲੋੜੀਂਦੀਆਂ ਜਾਂਚਾਂ, ਸਲਾਹ ਅਤੇ ਦੇਖਭਾਲ ਮਿਲ ਰਹੀ ਹੈ। ਇਸ ਤੋਂ ਇਲਾਵਾ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਗੈਰ-ਸੰਚਾਰੀ ਬਿਮਾਰੀਆਂ ਨਾਲ ਪੀੜਤ 1.25 ਲੱਖ ਤੋਂ ਵੱਧ ਮਰੀਜ਼ਾਂ ਨੂੰ ਨਿਯਮਤ ਇਲਾਜ, ਦਵਾਈਆਂ ਅਤੇ ਫਾਲੋ-ਅਪ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਗੁਣਵੱਤਾ ਭਰੀਆਂ ਅਤੇ ਆਧੁਨਿਕ ਸਿਹਤ ਸੇਵਾਵਾਂ ਹਰ ਵਰਗ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਨਾਲ ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਚ ਰਹੇ ਹਨ, ਜਦਕਿ ਸਰਕਾਰੀ ਸਿਹਤ ਸੇਵਾਵਾਂ 'ਤੇ ਲੋਕਾਂ ਦਾ ਭਰੋਸਾ ਵੀ ਵਧਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਲੋੜ ਅਨੁਸਾਰ ਭਵਿੱਖ ਵਿੱਚ ਹੋਰ ਸਿਹਤ ਸਹੂਲਤਾਂ ਦਾ ਵੀ ਵਿਸਥਾਰ ਕੀਤਾ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਨੁਪ੍ਰਿਤਾ ਜੌਹਲ, ਐਮਸੀ ਜਸਬੀਰ ਗਾਂਧੀ, ਦੇਵਿੰਦਰ ਕੌਰ, ਸਿਵਲ ਸਰਜਨ ਡਾ. ਸ਼ੈਲੀ ਜੇਟਲੀ, ਐਸਐਮਓ ਡਾ. ਪਰਨੀਤ ਕੌਰ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਸਥਾਨਕ ਲੋਕ ਵੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH