
ਚੰਡੀਗੜ੍ਹ, 26 ਜੁਲਾਈ (ਹਿੰ.ਸ.)| ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ 'ਤੇ ਚੱਲ ਰਿਹਾ ਵਿਰੋਧ ਪ੍ਰਦਰਸ਼ਨ ਭਾਵੇਂ ਖਤਮ ਹੋ ਗਿਆ ਹੈ, ਪਰ ਹੁਣ ਇਸੇ ਮੁੱਦੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਪੰਜਾਬ ਸਮੇਤ ਦੇਸ਼ ਦੇ ਕਈ ਆਗੂ ਹੁਣ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਤੋਂ ਸਵਾਲ ਪੁੱਛ ਰਹੇ ਹਨ ਕਿ ਪੰਜਾਬ ਵਿੱਚ ਪ੍ਰਦਰਸ਼ਨ ਕਦੋਂ ਕੀਤਾ ਜਾਵੇਗਾ ਅਤੇ ਸੂਬੇ ਦੇ ਸਿੱਖਿਆ ਮੰਤਰੀ ਦਾ ਅਸਤੀਫ਼ਾ ਕਦੋਂ ਮੰਗਿਆ ਜਾਵੇਗਾ।
ਇਸ ਮਾਮਲੇ ਵਿੱਚ ਬਾਲੀਵੁੱਡ ਅਦਾਕਾਰਾ ਸ਼ਵੇਤਾ ਤਿਵਾਰੀ ਨੇ ਵੀ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਸੀਜੇਪੀ ਦੇ ਸੰਸਥਾਪਕ ਅਭਿਜੀਤ ਦੀਪਕੇ ਦੀ ਇੱਕ ਵੀਡੀਓ ਸਾਂਝੀ ਕੀਤੀ। ਇਸ ਨਾਲ ਉਨ੍ਹਾਂ ਲਿਖਿਆ ਕਿ, ਹੁਣ ਪੰਜਾਬ ਦੇ ਸਿੱਖਿਆ ਮੰਤਰੀ ਕਦੋਂ ਅਸਤੀਫ਼ਾ ਦੇ ਰਹੇ ਹਨ ਅਤੇ 'ਕਾਕਰੋਚ ਜਨਤਾ ਪਾਰਟੀ' ਉੱਥੇ ਕਦੋਂ ਵਿਰੋਧ ਪ੍ਰਦਰਸ਼ਨ ਕਰੇਗੀ।
ਦੂਜੇ ਪਾਸੇ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਵੀਡੀਓ ਜਾਰੀ ਕਰਕੇ ਇਨ੍ਹਾਂ ਸਵਾਲਾਂ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੇਪਰ ਲੀਕ ਦਾ ਕੋਈ ਮਾਮਲਾ ਨਹੀਂ ਹੈ। ਉਨ੍ਹਾਂ ਦੇ ਅਨੁਸਾਰ ਫਾਰਮੇਸੀ ਪ੍ਰੀਖਿਆ ਵਿੱਚ ਪੇਪਰ ਲੀਕ ਨਹੀਂ ਹੋਇਆ, ਸਗੋਂ ਨਕਲ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਨੂੰ ਸਰਕਾਰ ਨੇ ਖੁਦ ਬੇਨਕਾਬ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਵਿਭਾਗ ਉਨ੍ਹਾਂ ਦੇ ਅਧੀਨ ਵੀ ਨਹੀਂ ਆਉਂਦਾ। ਹਰਜੋਤ ਸਿੰਘ ਬੈਂਸ ਨੇ ਦੁਹਰਾਇਆ ਕਿ ਜੇਕਰ ਉਨ੍ਹਾਂ ਦੇ ਅਸਤੀਫ਼ੇ ਨਾਲ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਆਉਂਦਾ ਹੈ ਤਾਂ ਉਹ ਇਸ ਲਈ ਹਮੇਸ਼ਾ ਤਿਆਰ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH