
ਚੰਡੀਗੜ੍ਹ, 26 ਜੁਲਾਈ (ਹਿੰ.ਸ.)| ਕੈਨੇਡਾ ਦੇ ਟੋਰਾਂਟੋ ਸ਼ਹਿਰ ਵਿੱਚ ਇੱਕ ਪੰਜਾਬੀ ਲੜਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਮਾਮਲੇ ਵਿੱਚ ਟੋਰਾਂਟੋ ਪੁਲਿਸ ਨੇ 37 ਸਾਲਾ ਸ਼ਰਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਖ਼ਿਲਾਫ਼ ਪਹਿਲੀ ਡਿਗਰੀ ਕਤਲ (ਫਸਟ ਡਿਗਰੀ ਮਰਡਰ) ਅਤੇ ਅਦਾਲਤ ਵੱਲੋਂ ਲਗਾਈਆਂ ਸ਼ਰਤਾਂ ਦੀ ਉਲੰਘਣਾ ਕਰਨ ਦੇ ਦੋਸ਼ ਲਗਾਏ ਗਏ ਹਨ।ਪੁਲਿਸ ਮੁਤਾਬਕ ਇਹ ਘਟਨਾ 24 ਜੁਲਾਈ ਸਵੇਰੇ ਕਰੀਬ 7:23 ਵਜੇ ਵਾਪਰੀ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਵਾਰਦਾਤ ਤੋਂ ਪਹਿਲਾਂ 26 ਸਾਲਾ ਨਵਨੀਤ ਕੌਰ ਅਤੇ ਮੁਲਜ਼ਮ ਵਿਚਾਲੇ ਕੁਝ ਸਮੇਂ ਤੱਕ ਗੱਲਬਾਤ ਹੋਈ ਸੀ। ਇਸ ਤੋਂ ਬਾਅਦ ਮੁਲਜ਼ਮ ਨੇ ਨਵਨੀਤ ਕੌਰ 'ਤੇ ਗੋਲੀ ਚਲਾ ਦਿੱਤੀ।ਗੋਲੀ ਲੱਗਣ ਤੋਂ ਬਾਅਦ ਮੌਕੇ 'ਤੇ ਪਹੁੰਚੀਆਂ ਐਮਰਜੈਂਸੀ ਸੇਵਾਵਾਂ ਦੀ ਟੀਮ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਸੀ। ਜਾਂਚ ਦੌਰਾਨ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਮ੍ਰਿਤਕਾ ਦੀ ਪਛਾਣ ਟੋਰਾਂਟੋ ਵਾਸੀ 26 ਸਾਲਾ ਨਵਨੀਤ ਕੌਰ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕਾ ਦੀ ਤਸਵੀਰ ਵੀ ਜਾਰੀ ਕੀਤੀ ਹੈ।ਗ੍ਰਿਫ਼ਤਾਰ ਕੀਤਾ ਗਿਆ ਸ਼ਰਨਜੀਤ ਸਿੰਘ ਬ੍ਰੈਂਪਟਨ ਦਾ ਰਹਿਣ ਵਾਲਾ ਹੈ। ਉਸ ਨੂੰ 25 ਜੁਲਾਈ 2026 ਨੂੰ ਓਨਟਾਰੀਓ ਕੋਰਟ ਆਫ਼ ਜਸਟਿਸ ਵਿੱਚ ਪੇਸ਼ ਕੀਤਾ ਗਿਆ।ਟੋਰਾਂਟੋ ਪੁਲਿਸ ਅਨੁਸਾਰ, ਇਹ ਸਾਲ 2026 ਦੌਰਾਨ ਸ਼ਹਿਰ ਵਿੱਚ ਦਰਜ ਕੀਤਾ ਗਿਆ 22ਵਾਂ ਕਤਲ ਦਾ ਮਾਮਲਾ ਹੈ। ਪੁਲਿਸ ਹੱਤਿਆ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਇਸ ਮਾਮਲੇ ਸਬੰਧੀ ਕਿਸੇ ਕੋਲ ਕੋਈ ਜਾਣਕਾਰੀ ਹੋਵੇ ਤਾਂ ਉਹ ਪੁਲਿਸ ਜਾਂ ਕ੍ਰਾਈਮ ਸਟਾਪਰਜ਼ ਨਾਲ ਸੰਪਰਕ ਕਰਨ।
ਹਿੰਦੂਸਥਾਨ ਸਮਾਚਾਰ / GURSHARAN SINGH