
ਪਟਿਆਲਾ, 27 ਜੁਲਾਈ (ਹਿੰ.ਸ.)| ਪਟਿਆਲਾ ਦੇ ਰਾਜਪੁਰਾ ਰੋਡ ਸਥਿਤ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ 28 ਜੁਲਾਈ ਨੂੰ ਸ਼ਾਮ 6:30 ਵਜੇ ਕਰਵਾਏ ਜਾ ਰਹੇ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਸ਼ਿਵ ਦੇ ਨਾਮ’ ਦੇ ਸੱਦਾ ਪੱਤਰ ਨੂੰ ਸਰਕਟ ਹਾਊਸ ਵਿਖੇ ਰਸਮੀ ਤੌਰ 'ਤੇ ਜਾਰੀ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ, ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਬਲਤੇਜ ਸਿੰਘ ਪੰਨੂ, ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਵਿਜੈ ਸ਼ਰਮਾ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਮੇਅਰ ਕੁੰਦਨ ਗੋਗੀਆ, ਹਰਪਾਲ ਸਿੰਘ ਵਿਰਕ ਅਤੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
ਦੀਪਕ ਬਾਲੀ ਅਤੇ ਵਿਜੈ ਸ਼ਰਮਾ ਨੇ ਦੱਸਿਆ ਕਿ ‘ਇੱਕ ਸ਼ਾਮ ਸ਼ਿਵ ਦੇ ਨਾਮ’ ਸਿਰਫ਼ ਧਾਰਮਿਕ ਸਮਾਗਮ ਨਹੀਂ, ਸਗੋਂ ਭਗਵਾਨ ਸ਼ਿਵ ਪ੍ਰਤੀ ਸ਼ਰਧਾ, ਸਮਾਜਿਕ ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ ਹੋਵੇਗਾ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ। ਦੇਸ਼ ਦੇ ਪ੍ਰਸਿੱਧ ਭਜਨ ਗਾਇਕ ਭਗਵਾਨ ਸ਼ਿਵ ਦੀ ਮਹਿਮਾ ਦਾ ਗੁਣਗਾਨ ਕਰਨਗੇ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ।
ਇਸ ਤੋਂ ਬਾਅਦ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਵੀ ਕੀਤੀ ਗਈ। ਮੀਟਿੰਗ ਦੌਰਾਨ ਸੁਰੱਖਿਆ, ਟ੍ਰੈਫਿਕ ਪ੍ਰਬੰਧ, ਪਾਰਕਿੰਗ, ਸਫ਼ਾਈ, ਬਿਜਲੀ ਸਪਲਾਈ, ਪੀਣ ਵਾਲੇ ਪਾਣੀ, ਮੈਡੀਕਲ ਸਹੂਲਤਾਂ ਅਤੇ ਫਾਇਰ ਸੇਫਟੀ ਸਮੇਤ ਹੋਰ ਪ੍ਰਬੰਧਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਐਸਪੀ ਸਿਟੀ ਪਲਵਿੰਦਰ ਸਿੰਘ ਚੀਮਾ, ਐਸਡੀਐਮ ਅਤੇ ਹੋਰ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨੇ ਸ਼ਮੂਲੀਅਤ ਕਰਦਿਆਂ ਸਮਾਗਮ ਨੂੰ ਸੁਚਾਰੂ, ਸੁਰੱਖਿਅਤ ਅਤੇ ਸ਼ਾਨਦਾਰ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਅਤੇ ਸ਼ਰਧਾਲੂਆਂ ਨੂੰ ਬਿਹਤਰੀਨ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ।
ਹਿੰਦੂਸਥਾਨ ਸਮਾਚਾਰ / GURSHARAN SINGH