ਪੰਜਾਬ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਲੁਧਿਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਲੋਹਾਰਾ ਵਿੱਚ 5 ਕਰੋੜ ਦੀ ਲਾਗਤ ਨਾਲ ਬਣੇ ‘ਵਰਧਮਾਨ ਬਲਾਕ’ ਦਾ ਕੀਤਾ ਉਦਘਾਟਨ ਲੁਧਿਆਣਾ, 27 ਜੁਲਾਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ, ਆਧੁਨਿਕ ਸਿੱਖਿਆ ਢਾਂਚਾ ਤਿਆਰ ਕਰਨ
ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ।


ਲੁਧਿਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਲੋਹਾਰਾ ਵਿੱਚ 5 ਕਰੋੜ ਦੀ ਲਾਗਤ ਨਾਲ ਬਣੇ ‘ਵਰਧਮਾਨ ਬਲਾਕ’ ਦਾ ਕੀਤਾ ਉਦਘਾਟਨ

ਲੁਧਿਆਣਾ, 27 ਜੁਲਾਈ (ਹਿੰ.ਸ.)|

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ, ਆਧੁਨਿਕ ਸਿੱਖਿਆ ਢਾਂਚਾ ਤਿਆਰ ਕਰਨ ਅਤੇ ਅਧਿਆਪਕਾਂ ਦੀ ਸਮਰੱਥਾ ਵਧਾਉਣ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਸਦਕਾ ਪੰਜਾਬ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰਿਆ ਹੈ।

ਮੁੱਖ ਮੰਤਰੀ ਅੱਜ ਲੁਧਿਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ, ਲੋਹਾਰਾ ਵਿਖੇ ਵਰਧਮਾਨ ਟੈਕਸਟਾਈਲ ਗਰੁੱਪ ਦੇ ਸਹਿਯੋਗ ਨਾਲ ਤਿਆਰ ਕੀਤੇ ਗਏ ਨਵੇਂ ‘ਵਰਧਮਾਨ ਬਲਾਕ’ ਦਾ ਉਦਘਾਟਨ ਕਰਨ ਪਹੁੰਚੇ ਸਨ। ਇਸ ਨਵੇਂ ਬਲਾਕ ਦੀ ਉਸਾਰੀ ’ਤੇ ਕਰੀਬ 5 ਕਰੋੜ ਰੁਪਏ ਦੀ ਲਾਗਤ ਆਈ ਹੈ, ਜਿਸ ਦਾ ਸਾਰਾ ਖਰਚਾ ਵਰਧਮਾਨ ਟੈਕਸਟਾਈਲ ਗਰੁੱਪ ਵੱਲੋਂ ਕੀਤਾ ਗਿਆ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਿਆ ਹੀ ਉਹ ਸਭ ਤੋਂ ਵੱਡਾ ਹਥਿਆਰ ਹੈ, ਜਿਸ ਰਾਹੀਂ ਗਰੀਬੀ ਨੂੰ ਖਤਮ ਕੀਤਾ ਜਾ ਸਕਦਾ ਹੈ ਅਤੇ ਸਮਾਜ ਵਿੱਚ ਵੱਡੀ ਤਬਦੀਲੀ ਲਿਆਂਦੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਦੇ ਬੱਚਿਆਂ ਨੂੰ ਬਰਾਬਰ ਦੇ ਮੌਕੇ ਅਤੇ ਉੱਚ ਪੱਧਰੀ ਸਿੱਖਿਆ ਮੁਹੱਈਆ ਕਰਵਾਉਣਾ ਹੈ।

ਉਨ੍ਹਾਂ ਕਿਹਾ ਕਿ ਨੀਟ, ਜੇ.ਈ.ਈ. ਅਤੇ ਪੰਜਾਬ ਰਾਜ ਟੇਲੈਂਟ ਸਰਚ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਫਲਤਾ ਸੂਬਾ ਸਰਕਾਰ ਵੱਲੋਂ ਕੀਤੇ ਗਏ ਸਿੱਖਿਆ ਸੁਧਾਰਾਂ ਦਾ ਸਪੱਸ਼ਟ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ, ਸਮਾਰਟ ਕਲਾਸਰੂਮ, ਨਵੇਂ ਸਿੱਖਿਆ ਸਾਧਨ ਅਤੇ ਬਿਹਤਰ ਮਾਹੌਲ ਮੁਹੱਈਆ ਕਰਵਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਵਰਧਮਾਨ ਟੈਕਸਟਾਈਲ ਗਰੁੱਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਰੁੱਪ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਹਾਰਾ ਤੋਂ ਇਲਾਵਾ ਗਿਆਸਪੁਰਾ, ਕਾਸਾਬਾਦ, ਲਾਡੋਵਾਲ, ਸੇਖੇਵਾਲ ਸਮੇਤ ਹੋਰ ਕਈ ਸਰਕਾਰੀ ਸਕੂਲਾਂ ਵਿੱਚ ਵੀ ਇਮਾਰਤਾਂ ਦੀ ਉਸਾਰੀ ਕਰਵਾਈ ਗਈ ਹੈ।

ਉਨ੍ਹਾਂ ਕਿਹਾ ਕਿ ਨਵੇਂ ਬਣੇ ਵਰਧਮਾਨ ਬਲਾਕ ਵਿੱਚ ਵਿਦਿਆਰਥੀਆਂ ਲਈ ਫਰਨੀਚਰ ਸਮੇਤ 18 ਕਲਾਸਰੂਮ ਅਤੇ ਅਧਿਆਪਕਾਂ ਲਈ 3 ਕਮਰੇ ਬਣਾਏ ਗਏ ਹਨ। ਇਹ ਸਹੂਲਤ ਵਿਦਿਆਰਥੀਆਂ ਨੂੰ ਵਧੀਆ ਸਿੱਖਿਆਕ ਮਾਹੌਲ ਪ੍ਰਦਾਨ ਕਰਨ ਵਿੱਚ ਸਹਾਇਕ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਦੇ ਖੇਤਰ ਵਿੱਚ ਵੱਡੀ ਤਰੱਕੀ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਨੇ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਵਰਗੇ ਸੂਬਿਆਂ ਨੂੰ ਪਿੱਛੇ ਛੱਡਦਿਆਂ ਸਕੂਲੀ ਸਿੱਖਿਆ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਅਧਿਆਪਕਾਂ ਦੀ ਸਿਖਲਾਈ, ਆਧੁਨਿਕ ਅਧਿਆਪਨ ਤਰੀਕਿਆਂ ਅਤੇ ਸਮਾਰਟ ਕਲਾਸਰੂਮਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਲਗਭਗ 3 ਲੱਖ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਜ਼ਿਲ੍ਹੇ ਵਿੱਚ 16 ਸਕੂਲਜ਼ ਆਫ ਐਮੀਨੈਂਸ, 11 ਸਕੂਲਜ਼ ਆਫ ਬ੍ਰਿਲਿਅੰਸ ਅਤੇ 35 ਸਕੂਲਜ਼ ਆਫ ਹੈਪੀਨੈੱਸ ਚੱਲ ਰਹੇ ਹਨ। ਇਸ ਤੋਂ ਇਲਾਵਾ ਮਿਲਰਗੰਜ ਅਤੇ ਡਿਵੀਜ਼ਨ ਨੰਬਰ-3 ਲੁਧਿਆਣਾ ਵਿਖੇ ਦੋ ਹੋਰ ਸਕੂਲ ਆਫ ਐਮੀਨੈਂਸ ਵੀ ਤਿਆਰ ਹੋ ਚੁੱਕੇ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਜ਼ਿਲ੍ਹੇ ਦੇ 146 ਵਿਦਿਆਰਥੀਆਂ ਨੇ ਨੀਟ, 33 ਨੇ ਜੇ.ਈ.ਈ. ਮੇਨ, 9 ਨੇ ਜੇ.ਈ.ਈ. ਐਡਵਾਂਸਡ ਅਤੇ 47 ਵਿਦਿਆਰਥੀਆਂ ਨੇ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ ਪਾਸ ਕੀਤੀ ਹੈ।

ਉਨ੍ਹਾਂ ਕਿਹਾ ਕਿ ਸਿੱਖਿਆ ਉਹ ਚਾਨਣ ਹੈ ਜੋ ਸਮਾਜ ਨੂੰ ਅੱਗੇ ਵਧਾਉਂਦਾ ਹੈ ਅਤੇ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਦੇ ਯੋਗ ਬਣਾਉਂਦਾ ਹੈ। ਪੰਜਾਬ ਸਰਕਾਰ ਭਵਿੱਖ ਵਿੱਚ ਵੀ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੰਦੀ ਰਹੇਗੀ। ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀ, ਸਕੂਲ ਸਟਾਫ, ਵਿਦਿਆਰਥੀ ਅਤੇ ਵਰਧਮਾਨ ਟੈਕਸਟਾਈਲ ਗਰੁੱਪ ਦੇ ਨੁਮਾਇੰਦੇ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande