ਬਰਨਾਲਾ ’ਚ ਪੁਲਿਸ ਲਾਠੀਚਾਰਜ ਮਾਮਲੇ ’ਚ ਕਾਂਗਰਸ ਸੰਸਦ ਮੈਂਬਰਾਂ ਨੇ ਐਨਸੀਐਸਸੀ ਤੋਂ ਜਾਂਚ ਦੀ ਕੀਤੀ ਮੰਗ
ਨਵੀਂ ਦਿੱਲੀ, 28 ਜੁਲਾਈ (ਹਿੰ.ਸ.)| ਬਰਨਾਲਾ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਤ ਸਫਾਈ ਕਰਮਚਾਰੀਆਂ ’ਤੇ ਪੁਲਿਸ ਵੱਲੋਂ ਕੀਤੀ ਗਈ ਕਥਿਤ ਜ਼ਿਆਦਤੀ ਦੇ ਮਾਮਲੇ ਵਿੱਚ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (ਐਨਸੀਐਸਸੀ) ਕੋਲ ਪਹੁੰਚ ਕੀਤੀ ਹੈ। ਕਾਂਗਰਸ ਦੇ ਇੱਕ ਵਫ਼ਦ ਨੇ ਐਨ
ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮੰਗ ਪੱਤਰ ਦਿੰਦੇ ਹੋਏ।


ਨਵੀਂ ਦਿੱਲੀ, 28 ਜੁਲਾਈ (ਹਿੰ.ਸ.)| ਬਰਨਾਲਾ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਤ ਸਫਾਈ ਕਰਮਚਾਰੀਆਂ ’ਤੇ ਪੁਲਿਸ ਵੱਲੋਂ ਕੀਤੀ ਗਈ ਕਥਿਤ ਜ਼ਿਆਦਤੀ ਦੇ ਮਾਮਲੇ ਵਿੱਚ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (ਐਨਸੀਐਸਸੀ) ਕੋਲ ਪਹੁੰਚ ਕੀਤੀ ਹੈ। ਕਾਂਗਰਸ ਦੇ ਇੱਕ ਵਫ਼ਦ ਨੇ ਐਨਸੀਐਸਸੀ ਦੇ ਚੇਅਰਮੈਨ ਕਿਸ਼ੋਰ ਮਕਵਾਣਾ ਦੇ ਨਾਂ ਮੰਗ ਪੱਤਰ ਸੌਂਪ ਕੇ ਮਾਮਲੇ ਦੀ ਤੁਰੰਤ ਜਾਂਚ ਅਤੇ ਦਖ਼ਲ ਦੀ ਮੰਗ ਕੀਤੀ ਹੈ।

ਕਾਂਗਰਸ ਵਫ਼ਦ ਨੇ ਦੋਸ਼ ਲਗਾਇਆ ਕਿ ਆਪਣੇ ਹੱਕਾਂ ਅਤੇ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ’ਤੇ ਪੁਲਿਸ ਵੱਲੋਂ ਬੇਹੱਦ ਬਲ ਦੀ ਵਰਤੋਂ ਕੀਤੀ ਗਈ, ਜਿਸ ਵਿੱਚ ਲਾਠੀਚਾਰਜ ਵੀ ਸ਼ਾਮਲ ਸੀ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਇਸ ਕਾਰਵਾਈ ਵਿੱਚ ਕਈ ਕਰਮਚਾਰੀ ਜ਼ਖ਼ਮੀ ਹੋਏ ਹਨ।

ਮੰਗ ਪੱਤਰ ਵਿੱਚ ਕਿਹਾ ਗਿਆ ਕਿ ਪ੍ਰਦਰਸ਼ਨਕਾਰੀਆਂ ਦੀਆਂ ਸ਼ਿਕਾਇਤਾਂ ਸੁਣਨ ਦੀ ਬਜਾਏ ਪ੍ਰਸ਼ਾਸਨ ਅਤੇ ਪੁਲਿਸ ਨੇ ਤਾਕਤ ਦਾ ਇਸਤੇਮਾਲ ਕੀਤਾ। ਕਾਂਗਰਸ ਸੰਸਦ ਮੈਂਬਰਾਂ ਨੇ ਐਨਸੀਐਸਸੀ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੰਵਿਧਾਨਕ ਅਧਿਕਾਰਾਂ ਤਹਿਤ ਮਾਮਲੇ ਦੀ ਜਾਂਚ ਕਰੇ, ਪੰਜਾਬ ਸਰਕਾਰ ਅਤੇ ਬਰਨਾਲਾ ਜ਼ਿਲ੍ਹਾ ਪ੍ਰਸ਼ਾਸਨ ਤੋਂ ਰਿਪੋਰਟ ਤਲਬ ਕਰੇ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਯਕੀਨੀ ਬਣਾਏ।

ਇਸ ਵਫ਼ਦ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਡਾ. ਅਮਰ ਸਿੰਘ, ਡਾ. ਧਰਮਵੀਰ ਗਾਂਧੀ ਅਤੇ ਗੁਰਜੀਤ ਸਿੰਘ ਔਜਲਾ ਸ਼ਾਮਲ ਸਨ।

ਰਾਜਾ ਵੜਿੰਗ ਨੇ ਇਸ ਘਟਨਾ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਗ੍ਰਹਿ ਵਿਭਾਗ ਦੇ ਅਧੀਨ ਆਉਂਦਾ ਹੈ ਅਤੇ ਗ੍ਰਹਿ ਵਿਭਾਗ ਮੁੱਖ ਮੰਤਰੀ ਕੋਲ ਹੈ, ਇਸ ਲਈ ਇਸ ਮਾਮਲੇ ਵਿੱਚ ਮੁੱਖ ਮੰਤਰੀ ਦੀ ਜਵਾਬਦੇਹੀ ਬਣਦੀ ਹੈ।

ਵੜਿੰਗ ਨੇ ਸਫਾਈ ਕਰਮਚਾਰੀਆਂ ਨੂੰ “ਰੱਬ ਦੇ ਬੰਦੇ” ਦੱਸਦਿਆਂ ਕਿਹਾ ਕਿ ਇਹ ਲੋਕ ਸਮਾਜ ਅਤੇ ਸ਼ਹਿਰਾਂ ਦੀ ਸਫਾਈ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਇਨ੍ਹਾਂ ਕਰਮਚਾਰੀਆਂ ਨਾਲ ਸਰਕਾਰ ਨੇ ਸਖ਼ਤੀ ਵਾਲਾ ਰਵੱਈਆ ਅਪਣਾਇਆ ਹੈ।

ਕਾਂਗਰਸ ਆਗੂਆਂ ਨੇ ਕਿਹਾ ਕਿ ਇਹ ਮਾਮਲਾ ਅਨੁਸੂਚਿਤ ਜਾਤੀ ਭਾਈਚਾਰੇ ਦੇ ਸੰਵਿਧਾਨਕ ਹੱਕਾਂ, ਸਨਮਾਨ ਅਤੇ ਸੁਰੱਖਿਆ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਅਧਿਕਾਰੀਆਂ ਦੀ ਪਛਾਣ ਕੀਤੀ ਜਾਵੇ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।

ਵੜਿੰਗ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਕਾਂਗਰਸ ਇਸ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਲੈ ਕੇ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਸਫਾਈ ਕਰਮਚਾਰੀਆਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕਾਨੂੰਨੀ ਕਦਮ ਚੁੱਕੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande