
ਫ਼ਰੀਦਕੋਟ, 28 ਜੁਲਾਈ (ਹਿੰ.ਸ.)| ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫ਼ਰੀਦਕੋਟ ਵੱਲੋਂ ਕਰਵਾਈ ਗਈ ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਵਿੱਚ ਸਾਹਮਣੇ ਆਏ ਕਥਿਤ ਹਾਈਟੈਕ ਨਕਲ ਮਾਮਲੇ ਨੇ ਪੰਜਾਬ ਦੀ ਸਿਆਸਤ ਗਰਮਾ ਦਿੱਤੀ ਹੈ। ਵਿਰੋਧੀ ਪਾਰਟੀਆਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ’ਤੇ ਲਗਾਤਾਰ ਸਵਾਲ ਉਠਾਏ ਜਾ ਰਹੇ ਹਨ।ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਅਤੇ ਵਿਦਿਆਰਥੀ ਜਥੇਬੰਦੀ ਐਸਓਆਈ ਵੱਲੋਂ ਯੂਨੀਵਰਸਿਟੀ ਦੇ ਮੁੱਖ ਗੇਟ ’ਤੇ ਪ੍ਰਦਰਸ਼ਨ ਕਰਨ ਤੋਂ ਬਾਅਦ ਹੁਣ ਕਾਂਗਰਸ ਨੇ ਵੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਕਾਂਗਰਸ ਪਾਰਟੀ ਨੇ 29 ਜੁਲਾਈ (ਬੁੱਧਵਾਰ) ਨੂੰ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਬਾਹਰ ਵਿਸ਼ਾਲ ਧਰਨਾ ਦੇਣ ਦਾ ਐਲਾਨ ਕੀਤਾ ਹੈ।ਫ਼ਰੀਦਕੋਟ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਕੁਸ਼ਲਦੀਪ ਸਿੰਘ ਕਿਕੀ ਢਿੱਲੋਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਧਰਨੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਸਮੇਤ ਕਾਂਗਰਸ ਦੇ ਕਈ ਸੀਨੀਅਰ ਆਗੂ ਸ਼ਾਮਲ ਹੋਣਗੇ। ਕਿਕੀ ਢਿੱਲੋਂ ਨੇ ਪੰਜਾਬ ਸਰਕਾਰ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਪ੍ਰਸ਼ਾਸਨ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਇਸਨੂੰ ਸਿਰਫ਼ ਨਕਲ ਦਾ ਮਾਮਲਾ ਦੱਸ ਕੇ ਖ਼ਤਮ ਕਰਨਾ ਚਾਹੁੰਦੀ ਹੈ, ਜਦਕਿ ਇਸ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।ਉਨ੍ਹਾਂ ਮੰਗ ਕੀਤੀ ਕਿ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਅਤੇ ਸੱਤਾਧਾਰੀ ਪਾਰਟੀ ਨਾਲ ਜੁੜੇ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਭਰਤੀ ਪ੍ਰਕਿਰਿਆਵਾਂ ਵਿੱਚ ਪਾਰਦਰਸ਼ਤਾ ਬਣੀ ਰਹੇ।ਕਾਂਗਰਸੀ ਆਗੂ ਨੇ ਆਮ ਆਦਮੀ ਪਾਰਟੀ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਲੀ ਵਿੱਚ ਨੀਟ ਵਿਵਾਦ ਨੂੰ ਲੈ ਕੇ ਵਿਰੋਧ ਕੀਤਾ ਗਿਆ ਸੀ, ਪਰ ਪੰਜਾਬ ਵਿੱਚ ਹੋ ਰਹੇ ਪੇਪਰ ਲੀਕ ਅਤੇ ਨਕਲ ਦੇ ਮਾਮਲਿਆਂ ’ਤੇ ਚੁੱਪ ਧਾਰੀ ਹੋਈ ਹੈ। ਕਾਂਗਰਸ ਨੇ ਸਪੱਸ਼ਟ ਕੀਤਾ ਹੈ ਕਿ ਉਹ ਬੀਐਫਯੂਐਚਐਸ ਮਾਮਲੇ ਵਿੱਚ ਨਿਰਪੱਖ ਜਾਂਚ, ਦੋਸ਼ੀਆਂ ਖ਼ਿਲਾਫ਼ ਕਾਰਵਾਈ ਅਤੇ ਭਵਿੱਖ ਦੀਆਂ ਸਾਰੀਆਂ ਭਰਤੀ ਪ੍ਰਕਿਰਿਆਵਾਂ ਵਿੱਚ ਪੂਰੀ ਪਾਰਦਰਸ਼ਤਾ ਦੀ ਮੰਗ ਨੂੰ ਲੈ ਕੇ ਸੰਘਰਸ਼ ਜਾਰੀ ਰੱਖੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH