
ਬਰਨਾਲਾ, 28 ਜੁਲਾਈ (ਹਿੰ.ਸ.)| ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਆਪਣੇ ਗ੍ਰਹਿ ਜ਼ਿਲ੍ਹੇ ਬਰਨਾਲਾ ਵਿੱਚ ਆਮਦ ਮੌਕੇ ਭਾਜਪਾ ਵੱਲੋਂ ਇੱਕ ਵੱਡੀ ਮਹਾਂਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਰੈਲੀ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਨਵੇਂ ਨਿਯੁਕਤ ਬਰਨਾਲਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਨਵਾਂ ਜ਼ਿਲ੍ਹਾ ਪ੍ਰਧਾਨ ਸਾਰੇ ਵਰਕਰਾਂ ਨੂੰ ਨਾਲ ਲੈ ਕੇ ਮਿਹਨਤ ਕਰੇਗਾ ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਬਰਨਾਲਾ ਜ਼ਿਲ੍ਹੇ ਦੀਆਂ ਤਿੰਨੋਂ ਵਿਧਾਨ ਸਭਾ ਸੀਟਾਂ ਭਾਜਪਾ ਦੀ ਝੋਲੀ ਵਿੱਚ ਪਾਈਆਂ ਜਾ ਸਕਣ।
ਬਰਨਾਲਾ ਵਾਸੀਆਂ ਨਾਲ ਭਾਵਨਾਤਮਕ ਜੁੜਾਅ ਜ਼ਾਹਰ ਕਰਦਿਆਂ ਢਿੱਲੋਂ ਨੇ ਕਿਹਾ ਕਿ ਬਰਨਾਲਾ ਉਨ੍ਹਾਂ ਦਾ ਆਪਣਾ ਸ਼ਹਿਰ ਹੈ ਅਤੇ ਇੱਥੋਂ ਦੇ ਲੋਕ ਉਨ੍ਹਾਂ ਦੇ ਪਰਿਵਾਰ ਵਾਂਗ ਹਨ। ਉਨ੍ਹਾਂ ਕਿਹਾ ਕਿ ਭਾਜਪਾ ਹਾਈਕਮਾਂਡ ਵੱਲੋਂ ਪੰਜਾਬ ਦੀ ਜ਼ਿੰਮੇਵਾਰੀ ਦੇਣਾ ਬਰਨਾਲਾ ਵਾਸੀਆਂ ਦੇ ਸਨਮਾਨ ਦਾ ਪ੍ਰਤੀਕ ਹੈ ਅਤੇ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣਾ ਉਨ੍ਹਾਂ ਦਾ ਟੀਚਾ ਹੈ।
ਕੇਵਲ ਸਿੰਘ ਢਿੱਲੋਂ ਨੇ ਆਪਣੇ ਪਿਛਲੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਰਨਾਲਾ ਨੂੰ ਜ਼ਿਲ੍ਹਾ ਬਣਾਉਣ, ਡੀਸੀ ਕੰਪਲੈਕਸ, ਓਵਰਬ੍ਰਿਜ, ਅੰਡਰਬ੍ਰਿਜ, ਸੀਵਰੇਜ ਪਲਾਂਟ ਅਤੇ ਸੜਕਾਂ ਦੇ ਵਿਕਾਸ ਲਈ ਕੰਮ ਕੀਤੇ ਗਏ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਪੁਰਾਣੇ ਪ੍ਰੋਜੈਕਟਾਂ ’ਤੇ ਨੀਂਹ ਪੱਥਰ ਰੱਖ ਕੇ ਸਿਹਰਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ।
ਢਿੱਲੋਂ ਨੇ ਧਨੌਲਾ ਕਾਲਜ, ਠੀਕਰੀਵਾਲਾ ਨਰਸਿੰਗ ਕਾਲਜ ਅਤੇ ਮਸਤੂਆਣਾ ਸਾਹਿਬ ਮੈਡੀਕਲ ਕਾਲਜ ਦੇ ਮੁੱਦੇ ਚੁੱਕਦਿਆਂ ਸਰਕਾਰ ਤੋਂ ਸਵਾਲ ਕੀਤੇ। ਉਨ੍ਹਾਂ ਹੰਡਿਆਇਆ ਮਲਟੀ-ਸਪੈਸ਼ਲਿਟੀ ਹਸਪਤਾਲ ਪ੍ਰੋਜੈਕਟ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਬਣਨ ’ਤੇ ਇਸ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ।
ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸੂਬੇ ਵਿੱਚ ਗੈਂਗਸਟਰਵਾਦ, ਲੁੱਟਾਂ-ਖੋਹਾਂ ਅਤੇ ਅਮਨ-ਕਾਨੂੰਨ ਦੀ ਸਥਿਤੀ ਖਰਾਬ ਹੋਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਹੱਕਾਂ ਲਈ ਸੰਘਰਸ਼ ਕਰ ਰਹੇ ਵੱਖ-ਵੱਖ ਵਰਗਾਂ ਦੇ ਕਰਮਚਾਰੀਆਂ ’ਤੇ ਲਾਠੀਚਾਰਜ ਕੀਤੇ ਜਾ ਰਹੇ ਹਨ।
ਕੇਂਦਰ ਸਰਕਾਰ ਦੀਆਂ ਉਪਲਬਧੀਆਂ ਗਿਣਾਉਂਦਿਆਂ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਫੰਡ ਜਾਰੀ ਕੀਤੇ ਹਨ।
ਉਨ੍ਹਾਂ ਵਰਕਰਾਂ ਨੂੰ 2027 ਦੀਆਂ ਚੋਣਾਂ ਲਈ ਤਿਆਰ ਰਹਿਣ ਦੀ ਅਪੀਲ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਅਗਲੀ ਸਰਕਾਰ ਭਾਜਪਾ ਦੀ ਬਣੇਗੀ। ਇਸ ਮੌਕੇ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਵਪਾਰਕ ਸੰਸਥਾਵਾਂ ਵੱਲੋਂ ਕੇਵਲ ਸਿੰਘ ਢਿੱਲੋਂ ਦਾ ਸਨਮਾਨ ਵੀ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ / GURSHARAN SINGH