
ਲੁਧਿਆਣਾ, 28 ਜੁਲਾਈ (ਹਿੰ.ਸ.)| ਲੁਧਿਆਣਾ ਦੇ ਥਾਣਾ ਦੇਹਲੋਂ ਅਧੀਨ ਪੈਂਦੇ ਪਿੰਡ ਪੱਦੀ ਵਿੱਚ ਸਥਿਤ ਬਾਹਰਲਾ ਗੁਰਦੁਆਰਾ ਸਾਹਿਬ ਵਿੱਚ ਮੀਰੀ-ਪੀਰੀ ਦਿਵਸ ਦੇ ਸਮਾਗਮ ਦੌਰਾਨ ਦੋ ਨਿਹੰਗ ਸਿੰਘਾਂ ਵਿਚਾਲੇ ਹੋਇਆ ਵਿਵਾਦ ਖੂਨੀ ਰੂਪ ਧਾਰ ਗਿਆ। ਝਗੜੇ ਦੌਰਾਨ ਇੱਕ ਨਿਹੰਗ ਸਿੰਘ ਨੇ ਦੂਜੇ ਦੀ ਗਰਦਨ 'ਤੇ ਦਸਤੀ ਕਿਰਪਾਨ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੋਨੂ ਵਜੋਂ ਹੋਈ ਹੈ, ਜਦਕਿ ਮੁਲਜ਼ਮ ਦੀ ਪਛਾਣ ਸੋਹਣ ਸਿੰਘ ਵਾਸੀ ਰਤੀਆ, ਜ਼ਿਲ੍ਹਾ ਫਤਿਹਾਬਾਦ (ਹਰਿਆਣਾ) ਵਜੋਂ ਹੋਈ ਹੈ।ਗੁਰਦੁਆਰਾ ਸਾਹਿਬ ਦੇ ਗ੍ਰੰਥੀ ਜਸਵੀਰ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ 26 ਜੁਲਾਈ ਨੂੰ ਮੀਰੀ-ਪੀਰੀ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਸਨ। ਇਸ ਮੌਕੇ ਪਿੰਡ ਅਤੇ ਬਾਹਰੋਂ ਵੱਡੀ ਗਿਣਤੀ ਵਿੱਚ ਸੰਗਤ ਅਤੇ ਦਲ ਪੰਥ ਦੇ ਨਿਹੰਗ ਸਿੰਘ ਸਮਾਗਮ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਦੱਸਿਆ ਕਿ ਐਤਵਾਰ ਰਾਤ ਕਰੀਬ 9 ਵਜੇ ਸੋਨੂ ਉੱਚੀ ਆਵਾਜ਼ ਵਿੱਚ ਗਾਲਾਂ ਕੱਢਦਾ ਹੋਇਆ ਲੰਗਰ ਹਾਲ ਵੱਲ ਜਾ ਰਿਹਾ ਸੀ। ਰੌਲਾ ਸੁਣ ਕੇ ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਦੇਖਿਆ ਕਿ ਸੋਹਣ ਸਿੰਘ ਨੇ ਗੁੱਸੇ ਵਿੱਚ ਆ ਕੇ ਸੋਨੂ ਦੀ ਗਰਦਨ 'ਤੇ ਆਪਣੀ ਕਿਰਪਾਨ ਨਾਲ ਜ਼ੋਰਦਾਰ ਵਾਰ ਕਰ ਦਿੱਤਾ।ਹਮਲੇ ਵਿੱਚ ਸੋਨੂ ਦੀ ਗਰਦਨ 'ਤੇ ਡੂੰਘਾ ਜ਼ਖ਼ਮ ਲੱਗਿਆ ਅਤੇ ਉਹ ਖੂਨ ਨਾਲ ਲੱਥਪੱਥ ਹੋ ਕੇ ਡਿੱਗ ਪਿਆ। ਉਸ ਨੂੰ ਤੁਰੰਤ ਇਲਾਜ ਲਈ ਦੋਰਾਹਾ ਦੇ ਸਿੱਧੂ ਹਸਪਤਾਲ ਲਿਜਾਇਆ ਗਿਆ, ਸੋਮਵਾਰ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਦੇਹਲੋਂ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਗ੍ਰੰਥੀ ਜਸਵੀਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਸੋਹਣ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਇੰਸਪੈਕਟਰ ਵਿਜੈ ਕੁਮਾਰ ਨੂੰ ਸੌਂਪੀ ਗਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH