
ਡੇਰਾ ਬਾਬਾ ਨਾਨਕ, 28 ਜੁਲਾਈ (ਹਿੰ.ਸ.)| ਡੇਰਾ ਬਾਬਾ ਨਾਨਕ ਵਿਖੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ ਸਮਾਜ ਦੇ ਮਹੱਤਵਪੂਰਨ ਵਰਗ ਨਾਲ ਜੁੜੇ ਹੁੰਦੇ ਹਨ ਅਤੇ ਉਨ੍ਹਾਂ ਦੀ ਭੂਮਿਕਾ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ ਅਤੇ ਪੋਸ਼ਣ ਸੰਭਾਲ ਵਿੱਚ ਅਹਿਮ ਹੁੰਦੀ ਹੈ।
ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਰਹਿਤ ਢੰਗ ਨਾਲ ਸਰਕਾਰੀ ਨੌਕਰੀਆਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਭਰਤੀ ਪ੍ਰਕਿਰਿਆ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰ ਯੋਗ ਉਮੀਦਵਾਰ ਨੂੰ ਉਸ ਦੀ ਮਿਹਨਤ ਅਤੇ ਯੋਗਤਾ ਦੇ ਆਧਾਰ ’ਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਇਸ ਨਾਲ ਨੌਜਵਾਨਾਂ ਦਾ ਭਵਿੱਖ ਮਜ਼ਬੂਤ ਹੋਣ ਦੇ ਨਾਲ-ਨਾਲ ਸੂਬੇ ਦੇ ਵਿਕਾਸ ਨੂੰ ਵੀ ਨਵੀਂ ਦਿਸ਼ਾ ਮਿਲੇਗੀ।
ਵਿਧਾਇਕ ਨੇ ਕਿਹਾ ਕਿ ਆਂਗਣਵਾੜੀ ਕੇਂਦਰ ਬੱਚਿਆਂ ਦੀ ਮੁੱਢਲੀ ਸਿੱਖਿਆ, ਸਿਹਤ ਅਤੇ ਪੋਸ਼ਣ ਨਾਲ ਜੁੜੀਆਂ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ। ਉਨ੍ਹਾਂ ਨਵ-ਨਿਯੁਕਤ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਤਾਂ ਜੋ ਲਾਭਪਾਤਰੀਆਂ ਨੂੰ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।
ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਹੋਰ ਪਤਵੰਤਿਆਂ ਨੇ ਵੀ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਹਿੰਦੂਸਥਾਨ ਸਮਾਚਾਰ / GURSHARAN SINGH