
ਮੋਗਾ, 28 ਜੁਲਾਈ (ਹਿੰ.ਸ.)| ਮੋਗਾ ਪੁਲਿਸ ਨੇ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਦੇ ਮਾਮਲੇ ਵਿੱਚ ਅਣਪਛਾਤੇ ਫਾਰਚੂਨਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਪੱਤੀ ਮੋਹਰੀ, ਪਿੰਡ ਮੀਨੀਆਂ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਪਿਤਾ ਸੁਖਮੰਦਰ ਸਿੰਘ ਪਿਛਲੇ ਕਰੀਬ 15 ਸਾਲਾਂ ਤੋਂ ਬੱਧਨੀ ਕਲਾਂ ਵਿਖੇ ਇੱਕ ਸੈਨਿਟਰੀ ਦੀ ਦੁਕਾਨ 'ਤੇ ਕੰਮ ਕਰਦੇ ਸਨ। 23 ਜੁਲਾਈ ਦੀ ਰਾਤ ਕਰੀਬ 8:30 ਵਜੇ ਉਹ ਰੋਜ਼ਾਨਾ ਦੀ ਤਰ੍ਹਾਂ ਕੰਮ ਮੁਕਾ ਕੇ ਆਪਣੇ ਬਜਾਜ ਸੀਟੀ-100 ਮੋਟਰਸਾਈਕਲ 'ਤੇ ਘਰ ਵਾਪਸ ਆ ਰਹੇ ਸਨ।
ਜਦੋਂ ਉਹ ਪਿੰਡ ਲੋਪੋ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਆ ਰਹੀ ਚਿੱਟੇ ਰੰਗ ਦੀ ਇੱਕ ਫਾਰਚੂਨਰ ਕਾਰ ਅਚਾਨਕ ਗਲਤ ਦਿਸ਼ਾ ਵਿੱਚ ਆ ਗਈ ਅਤੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਸੁਖਮੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਜ਼ਖ਼ਮੀ ਨੂੰ ਪਹਿਲਾਂ ਸਥਾਨਕ ਹਸਪਤਾਲ ਵਿੱਚ ਇਲਾਜ ਲਈ ਲਿਜਾਇਆ ਗਿਆ, ਪਰ ਹਾਲਤ ਨਾਜ਼ੁਕ ਹੋਣ ਕਾਰਨ ਬਾਅਦ ਵਿੱਚ ਡੀਐਮਸੀ ਹਸਪਤਾਲ, ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਉੱਥੇ ਪੰਜ ਦਿਨ ਬਾਅਦ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਥਾਣਾ ਬੱਧਨੀ ਕਲਾਂ ਪੁਲਿਸ ਨੇ ਹਰਪ੍ਰੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਫਾਰਚੂਨਰ ਚਾਲਕ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਅਤੇ ਹੋਰ ਸਬੂਤਾਂ ਦੀ ਮਦਦ ਨਾਲ ਫਰਾਰ ਚਾਲਕ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ। ਮਾਮਲੇ ਦੀ ਅਗਲੀ ਜਾਂਚ ਏਐਸਆਈ ਕਮਲਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH