
ਅੰਮ੍ਰਿਤਸਰ, 28 ਜੁਲਾਈ (ਹਿੰ.ਸ.)| ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨਐਚਆਰਸੀ) ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ, ਦੇਸ਼ ਦੀ ਖੁਸ਼ਹਾਲੀ ਅਤੇ ਆਪਸੀ ਭਾਈਚਾਰੇ ਲਈ ਅਰਦਾਸ ਕੀਤੀ।ਸਭ ਤੋਂ ਪਹਿਲਾਂ ਪ੍ਰਿਯੰਕ ਕਾਨੂੰਨਗੋ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਦਰਸ਼ਨ ਕੀਤੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਉਪਰੰਤ ਉਨ੍ਹਾਂ ਨੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਸਮਾਜ ਵਿੱਚ ਸ਼ਾਂਤੀ, ਸਦਭਾਵਨਾ ਅਤੇ ਸਰਬ ਕਲਿਆਣ ਲਈ ਅਰਦਾਸ ਕੀਤੀ।ਬਾਅਦ ਵਿੱਚ ਪ੍ਰਿਯੰਕ ਕਾਨੂੰਨਗੋ ਸ੍ਰੀ ਵਾਲਮੀਕਿ ਤੀਰਥ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਵਾਲਮੀਕਿ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ।ਉਨ੍ਹਾਂ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਾਈਚਾਰੇ ਵੱਲੋਂ ਉਠਾਏ ਗਏ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਵਿਚਾਰ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH