
ਅੰਮ੍ਰਿਤਸਰ, 28 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ‘ਨੈਸ਼ਨਲ ਡੀ-ਵਾਰਮਿੰਗ ਡੇ’ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੱਲਵੀ ਸ਼ਰਮਾ ਨੇ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸਹਾਇਕ ਸਿਵਲ ਸਰਜਨ ਡਾ. ਨਰੇਸ਼ ਕੁਮਾਰ ਨੇ ਦੱਸਿਆ ਕਿ 10 ਅਗਸਤ 2026 ਨੂੰ ਜ਼ਿਲ੍ਹੇ ਭਰ ਵਿੱਚ 1 ਤੋਂ 19 ਸਾਲ ਤੱਕ ਦੇ ਕਰੀਬ 7.29 ਲੱਖ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਐਲਬੈਂਡਾਜ਼ੋਲ ਦੀ ਗੋਲੀ ਖੁਆਈ ਜਾਵੇਗੀ। ਇਸ ਮੁਹਿੰਮ ਵਿੱਚ ਸਰਕਾਰੀ, ਗੈਰ-ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਨਾਲ-ਨਾਲ ਆਂਗਣਵਾੜੀ ਕੇਂਦਰਾਂ ਨਾਲ ਜੁੜੇ ਬੱਚਿਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ 17 ਅਗਸਤ ਨੂੰ ਮੋਪ-ਅੱਪ ਰਾਊਂਡ ਕਰਵਾਇਆ ਜਾਵੇਗਾ, ਜਿਸ ਦੌਰਾਨ 10 ਅਗਸਤ ਨੂੰ ਕਿਸੇ ਕਾਰਨ ਦਵਾਈ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਗੋਲੀ ਦਿੱਤੀ ਜਾਵੇਗੀ।
ਡਾ. ਨਰੇਸ਼ ਕੁਮਾਰ ਨੇ ਕਿਹਾ ਕਿ ਪੇਟ ਦੇ ਕੀੜੇ ਬੱਚਿਆਂ ਵਿੱਚ ਅਨੀਮੀਆ, ਕੁਪੋਸ਼ਣ, ਕਮਜ਼ੋਰੀ ਅਤੇ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਰੁਕਾਵਟ ਦਾ ਕਾਰਨ ਬਣ ਸਕਦੇ ਹਨ। ਇਸ ਲਈ ਹਰ ਯੋਗ ਬੱਚੇ ਨੂੰ ਇਹ ਦਵਾਈ ਦੇਣਾ ਬਹੁਤ ਜ਼ਰੂਰੀ ਹੈ। ਵਧੀਕ ਡਿਪਟੀ ਕਮਿਸ਼ਨਰ ਪੱਲਵੀ ਸ਼ਰਮਾ ਨੇ ਸਾਰੇ ਵਿਭਾਗਾਂ, ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਮਾਪਿਆਂ ਨੂੰ ਇਸ ਜਨ-ਸਿਹਤ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ 1 ਤੋਂ 19 ਸਾਲ ਤੱਕ ਦਾ ਕੋਈ ਵੀ ਯੋਗ ਬੱਚਾ ਦਵਾਈ ਤੋਂ ਵਾਂਝਾ ਨਾ ਰਹੇ।
ਮੀਟਿੰਗ ਵਿੱਚ ਸਕੂਲ ਹੈਲਥ ਨੋਡਲ ਅਫ਼ਸਰ ਡਾ. ਨੇਹਾ ਅਗਰਵਾਲ, ਜ਼ਿਲ੍ਹਾ ਐਮਈਆਈਓ ਅਮਰਦੀਪ ਸਿੰਘ, ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਅਰਬਨ ਮੈਡੀਕਲ ਅਫ਼ਸਰ, ਆਰਬੀਐੱਸਕੇ ਟੀਮਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH