
ਲੁਧਿਆਣਾ, 29 ਜੁਲਾਈ (ਹਿੰ.ਸ.)| ਪਾਇਲ ਪੁਲਿਸ ਨੇ ਯੂਥ ਕਾਂਗਰਸ ਹਲਕਾ ਪਾਇਲ ਦੇ ਪ੍ਰਧਾਨ ਗੁਰਨਾਜ ਸਿੰਘ ਜੀਰਖ ਅਤੇ ਉਸ ਦੇ ਦੋ ਅਣਪਛਾਤੇ ਸਾਥੀਆਂ ਖ਼ਿਲਾਫ਼ ਇੱਕ ਨੌਜਵਾਨ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਘਟਨਾ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਸ਼ਿਕਾਇਤਕਰਤਾ ਕਿਰਨਜੀਤ ਸਿੰਘ ਵਾਸੀ ਪਿੰਡ ਜੀਰਖ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਮੰਗਲਵਾਰ ਨੂੰ ਸੁਆ ਪੁਲੀ ਘਲੌਟੀ ਵੱਲ ਸੈਰ ਕਰਨ ਜਾ ਰਿਹਾ ਸੀ। ਇਸ ਦੌਰਾਨ ਗੁਰਨਾਜ ਸਿੰਘ ਜੀਰਖ ਆਪਣੇ ਦੋ ਸਾਥੀਆਂ ਨਾਲ ਮੋਟਰਸਾਈਕਲ 'ਤੇ ਉੱਥੇ ਪਹੁੰਚਿਆ।
ਸ਼ਿਕਾਇਤ ਅਨੁਸਾਰ ਤਿੰਨਾਂ ਨੇ ਉਸ ਨੂੰ ਰਸਤੇ ਵਿੱਚ ਰੋਕ ਕੇ ਹੇਠਾਂ ਸੁੱਟ ਦਿੱਤਾ ਅਤੇ ਉਸ ਨਾਲ ਕੁੱਟਮਾਰ ਕੀਤੀ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਜ਼ਖ਼ਮੀ ਕਿਰਨਜੀਤ ਸਿੰਘ ਨੂੰ ਪਹਿਲਾਂ ਸਿਵਲ ਹਸਪਤਾਲ ਮਲੌਦ ਲਿਜਾਇਆ ਗਿਆ, ਜਿੱਥੋਂ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ।
ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ 'ਤੇ ਗੁਰਨਾਜ ਸਿੰਘ ਜੀਰਖ ਅਤੇ ਉਸ ਦੇ ਦੋ ਅਣਪਛਾਤੇ ਸਾਥੀਆਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਐਫ਼ਆਈਆਰ ਦਰਜ ਕਰ ਲਈ ਹੈ। ਜਾਂਚ ਅਧਿਕਾਰੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਦੀ ਮੈਡੀਕਲ ਰਿਪੋਰਟ ਅਤੇ ਡਾਕਟਰਾਂ ਦੀ ਅੰਤਿਮ ਰਾਏ ਆਉਣੀ ਬਾਕੀ ਹੈ। ਲੋੜ ਪੈਣ 'ਤੇ ਮਾਮਲੇ ਵਿੱਚ ਹੋਰ ਧਾਰਾਵਾਂ ਵੀ ਸ਼ਾਮਲ ਕੀਤੀਆਂ ਜਾਣਗੀਆਂ। ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਘਟਨਾ 'ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਰਗਟ ਸਿੰਘ ਸਿਆੜ ਨੇ ਕਿਹਾ ਕਿ ਜੇਕਰ ਕਿਸੇ ਨੇ ਵੀ ਕਾਨੂੰਨ ਆਪਣੇ ਹੱਥ ਵਿੱਚ ਲਿਆ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਦੇ ਕੁਝ ਆਗੂ ਇਲਾਕੇ ਵਿੱਚ ਗੁੰਡਾਗਰਦੀ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH