
ਘਨੌਰ, 29 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਨੇ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਲਿਫ਼ਟ ਸਿਸਟਮ ਆਧਾਰਿਤ ਨਹਿਰੀ ਸਿੰਚਾਈ ਪ੍ਰਾਜੈਕਟ ਲੋਕ ਅਰਪਿਤ ਕਰ ਦਿੱਤੇ। ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ ਪਿੰਡ ਕੋਲ੍ਹੇਮਾਜਰਾ ਵਿਖੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।
ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਘਨੌਰ ਖੇਤਰ ਦੇ ਕਿਸਾਨਾਂ ਦੀ ਆਜ਼ਾਦੀ ਤੋਂ ਪਹਿਲਾਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਪਹਿਲੀ ਵਾਰ ਲਿਫ਼ਟ ਸਿਸਟਮ ਰਾਹੀਂ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਧਰਤੀ ਹੇਠਲੇ ਪਾਣੀ ਦੀ ਸੰਭਾਲ ਹੋਵੇਗੀ ਅਤੇ ਕਿਸਾਨਾਂ ਦੀ ਸਿੰਚਾਈ ਲਾਗਤ ਵਿੱਚ ਵੀ ਕਮੀ ਆਵੇਗੀ।
ਮੰਤਰੀ ਨੇ ਦੱਸਿਆ ਕਿ 22.23 ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਲਿਫ਼ਟਿੰਗ ਸਿਸਟਮ ਰਾਹੀਂ 36.39 ਕਿਲੋਮੀਟਰ ਲੰਬੀ ਜ਼ਮੀਨਦੋਜ਼ ਪਾਈਪ ਲਾਈਨ ਵਿਛਾਈ ਗਈ ਹੈ, ਜਿਸ ਨਾਲ 38 ਪਿੰਡਾਂ ਦੇ 15,129 ਏਕੜ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲੇਗਾ। ਇਸ ਤੋਂ ਇਲਾਵਾ 4.50 ਕਰੋੜ ਰੁਪਏ ਦੀ ਲਾਗਤ ਨਾਲ ਘੜਾਮ ਰਜਬਾਹੇ ਦੇ 2.44 ਕਿਲੋਮੀਟਰ ਹਿੱਸੇ ਨੂੰ ਪੱਕਾ ਕੀਤਾ ਗਿਆ ਹੈ, ਜਿਸ ਨਾਲ ਹੋਰ 4 ਪਿੰਡਾਂ ਦੇ 1,803 ਏਕੜ ਰਕਬੇ ਨੂੰ ਸਿੰਚਾਈ ਦਾ ਲਾਭ ਮਿਲੇਗਾ। ਇਸ ਤਰ੍ਹਾਂ ਕੁੱਲ 16,932 ਏਕੜ ਰਕਬਾ ਨਹਿਰੀ ਪਾਣੀ ਹੇਠ ਆਵੇਗਾ।
ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਤੋਂ ਬਚਾਅ ਲਈ ਸੂਬੇ ਭਰ ਵਿੱਚ 450 ਕਰੋੜ ਰੁਪਏ ਖਰਚ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਕੱਲੇ ਘਨੌਰ ਹਲਕੇ ਵਿੱਚ ਘੱਗਰ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ਕਰਨ ਅਤੇ ਹੜ੍ਹਾਂ ਤੋਂ ਸੁਰੱਖਿਆ ਲਈ 13 ਕਰੋੜ ਰੁਪਏ ਦੇ ਕੰਮ ਕਰਵਾਏ ਗਏ ਹਨ।
ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਹਲਕੇ ਵਿੱਚ ਰਿਕਾਰਡ ਵਿਕਾਸ ਕਾਰਜ ਕਰਵਾਏ ਹਨ। ਉਨ੍ਹਾਂ ਕਿਹਾ ਕਿ ਲਿਫ਼ਟ ਸਿਸਟਮ ਸ਼ੁਰੂ ਹੋਣ ਨਾਲ ਕਿਸਾਨਾਂ ਨੂੰ ਨਿਯਮਤ ਨਹਿਰੀ ਪਾਣੀ ਮਿਲੇਗਾ, ਭੂ-ਜਲ ਦੀ ਬਚਤ ਹੋਵੇਗੀ ਅਤੇ ਖੇਤੀ ਦੀ ਲਾਗਤ ਵੀ ਘਟੇਗੀ। ਇਸ ਮੌਕੇ ਇਲਾਕੇ ਦੇ ਕਿਸਾਨਾਂ ਨੇ ਪੰਜਾਬ ਸਰਕਾਰ, ਜਲ ਸਰੋਤ ਮੰਤਰੀ ਅਤੇ ਵਿਧਾਇਕ ਗੁਰਲਾਲ ਘਨੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਾਲਾਂ ਪੁਰਾਣੀ ਮੰਗ ਨੂੰ ਮੌਜੂਦਾ ਸਰਕਾਰ ਨੇ ਪੂਰਾ ਕੀਤਾ ਹੈ, ਜਿਸ ਨਾਲ ਹੁਣ ਉਨ੍ਹਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੀ ਨਿਯਮਤ ਸਹੂਲਤ ਮਿਲੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH