
ਫਾਜ਼ਿਲਕਾ, 29 ਜੁਲਾਈ (ਹਿੰ.ਸ.)| ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਥੇਹਕਲੰਦਰ ਵਿੱਚ ਲਗਭਗ 1 ਕਰੋੜ 12 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਨਹਿਰੀ ਖਾਲਿਆਂ ਅਤੇ 12 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਥਾਪਰ ਮਾਡਲ ਅਤੇ ਛੱਪੜ ਦੇ ਨਵੀਨੀਕਰਨ ਕਾਰਜ ਲੋਕ ਅਰਪਿਤ ਕੀਤੇ। ਇਸ ਤੋਂ ਇਲਾਵਾ ਉਨ੍ਹਾਂ 6 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇੰਟਰਲਾਕ ਟਾਈਲਾਂ ਵਾਲੀ ਸੜਕ ਦਾ ਨੀਂਹ ਪੱਥਰ ਵੀ ਰੱਖਿਆ।
ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਵਿੱਚ ਬਿਨਾਂ ਕਿਸੇ ਭੇਦਭਾਵ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਕੋਈ ਵੀ ਪਿੰਡ ਵਿਕਾਸ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਨਵੀਨੀਕਰਨ, ਗਲੀਆਂ-ਨਾਲੀਆਂ ਨੂੰ ਪੱਕਾ ਕਰਨ, ਖੇਡ ਸਟੇਡੀਅਮ, ਵਾਲੀਬਾਲ ਗਰਾਊਂਡ, ਛੱਪੜਾਂ ਦੇ ਆਧੁਨਿਕੀਕਰਨ ਅਤੇ ਨਵੀਨੀਕਰਨ ਦੇ ਨਾਲ-ਨਾਲ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ।
ਵਿਧਾਇਕ ਸਵਨਾ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣੇ ਪਿੰਡ ਵਿੱਚ ਹੋਰ ਵਿਕਾਸ ਕਾਰਜ ਕਰਵਾਉਣਾ ਚਾਹੁੰਦੇ ਹਨ ਤਾਂ ਬਿਨਾਂ ਝਿਜਕ ਉਨ੍ਹਾਂ ਨੂੰ ਆਪਣੀਆਂ ਲੋੜਾਂ ਤੋਂ ਜਾਣੂ ਕਰਵਾਉਣ, ਤਾਂ ਜੋ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਹੋਰ ਵਿਕਾਸ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾ ਸਕਣ।
ਹਿੰਦੂਸਥਾਨ ਸਮਾਚਾਰ / GURSHARAN SINGH