
ਫਤਹਿਗੜ੍ਹ ਸਾਹਿਬ, 29 ਜੁਲਾਈ (ਹਿੰ.ਸ.)| ਫਤਹਿਗੜ੍ਹ ਸਾਹਿਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੰਡੀ ਗੋਬਿੰਦਗੜ੍ਹ ਵਿੱਚ ਵੱਡੇ ਪੱਧਰ 'ਤੇ ਕੋਰਡਨ ਐਂਡ ਸਰਚ ਆਪ੍ਰੇਸ਼ਨ ਚਲਾਇਆ। ਜ਼ਿਲ੍ਹਾ ਪੁਲਿਸ ਮੁਖੀ (ਐੱਸਐੱਸਪੀ) ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਛਾਪੇਮਾਰੀ ਕਰਕੇ 70 ਤੋਂ ਵੱਧ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ। ਇਸ ਦੌਰਾਨ ਕੁਝ ਸ਼ੱਕੀ ਸਮੱਗਰੀ ਵੀ ਬਰਾਮਦ ਹੋਈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।
ਐੱਸਐੱਸਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਨਸ਼ਾ ਤਸਕਰਾਂ, ਅਪਰਾਧਿਕ ਅਨਸਰਾਂ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਹੈ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਇੱਕੋ ਸਮੇਂ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਅਤੇ ਸ਼ੱਕੀ ਵਿਅਕਤੀਆਂ ਤੇ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ।
ਉਨ੍ਹਾਂ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਤਹਿਗੜ੍ਹ ਸਾਹਿਬ ਪੁਲਿਸ ਹੁਣ ਤੱਕ 4,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜਦਕਿ 12 ਤੋਂ ਵੱਧ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਬੁਲਡੋਜ਼ਰ ਕਾਰਵਾਈ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਐੱਸਐੱਸਪੀ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਵਿੱਚ ਪਿਛਲੇ ਕੁਝ ਸਮੇਂ ਤੋਂ ਨਸ਼ਾ ਤਸਕਰੀ ਨੂੰ ਲੈ ਕੇ ਚਿੰਤਾ ਵਧ ਰਹੀ ਸੀ। ਖੇਤਰ ਵਿੱਚ ਹੋਈਆਂ ਕੁਝ ਸ਼ੱਕੀ ਮੌਤਾਂ ਤੋਂ ਬਾਅਦ ਪੁਲਿਸ ਨੇ ਵਿਸ਼ੇਸ਼ ਰਣਨੀਤੀ ਤਿਆਰ ਕਰਕੇ ਐਂਟੀ ਨਾਰਕੋਟਿਕਸ ਸਪੈਸ਼ਲ ਟਾਸਕ ਫੋਰਸ ਦਾ ਗਠਨ ਕੀਤਾ, ਜੋ ਲਗਾਤਾਰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਦਾ ਉਦੇਸ਼ ਸਿਰਫ਼ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨਾ ਹੀ ਨਹੀਂ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾ ਕੇ ਸਮਾਜ ਵਿੱਚ ਸੁਰੱਖਿਅਤ ਅਤੇ ਨਸ਼ਾ-ਮੁਕਤ ਮਾਹੌਲ ਸਿਰਜਣਾ ਵੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਨਸ਼ਾ ਤਸਕਰੀ ਜਾਂ ਕਿਸੇ ਹੋਰ ਅਪਰਾਧਿਕ ਗਤੀਵਿਧੀ ਬਾਰੇ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
ਹਿੰਦੂਸਥਾਨ ਸਮਾਚਾਰ / GURSHARAN SINGH