
ਅੰਮ੍ਰਿਤਸਰ, 29 ਜੁਲਾਈ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਉਦੋਨੰਗਲ, ਸ਼ਹੀਦ ਮਲਕੀਤ ਸਿੰਘ ਨਗਰ, ਧਰਦਿਉ ਸਰਦਾਰਾਂ ਅਤੇ ਦਿਆਲਗੜ੍ਹ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਹੈ, ਜੋ ਪਿੰਡਾਂ ਦੀਆਂ ਸੱਥਾਂ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕਟਵਾਉਣ ਦੀ ਬਜਾਏ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਉਨ੍ਹਾਂ ਦੇ ਘਰ-ਦੁਆਰ ਨੇੜੇ ਹੀ ਕਰਨਾ ਹੈ।ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨਾਲ ਸਿੱਧਾ ਸੰਵਾਦ ਕਰਨ ਨਾਲ ਜਿੱਥੇ ਜ਼ਮੀਨੀ ਪੱਧਰ 'ਤੇ ਸਮੱਸਿਆਵਾਂ ਦੀ ਸਹੀ ਜਾਣਕਾਰੀ ਮਿਲਦੀ ਹੈ, ਉੱਥੇ ਹੀ ਉਨ੍ਹਾਂ ਦੇ ਪ੍ਰਭਾਵਸ਼ਾਲੀ ਹੱਲ ਅਤੇ ਲੋਕਾਂ ਦੀ ਰਾਏ ਤੋਂ ਵੀ ਜਾਣੂ ਹੋਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਵੱਲੋਂ ਉਠਾਏ ਗਏ ਹਰ ਜਾਇਜ਼ ਮਸਲੇ ਦਾ ਸਮੇਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ।ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਸਮੇਤ ਪੂਰੇ ਪੰਜਾਬ ਵਿੱਚ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਨੀਤੀਆਂ ਤੋਂ ਸੰਤੁਸ਼ਟ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਵਿਸ਼ਵਾਸ ਨਾਲ ਆਪਣਾ ਸਹਿਯੋਗ ਦੇਣਗੇ।ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਲੋਕਾਂ ਦੇ ਮੁੱਦਿਆਂ 'ਤੇ ਬੋਲਣ ਲਈ ਕੋਈ ਠੋਸ ਏਜੰਡਾ ਨਹੀਂ ਬਚਿਆ ਅਤੇ ਉਹ ਆਪਸੀ ਖਿੱਚੋਤਾਣ ਵਿੱਚ ਹੀ ਉਲਝੀਆਂ ਹੋਈਆਂ ਹਨ। ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਆਉਣ ਵਾਲੇ ਸਮੇਂ ਵਿੱਚ ਵੀ ਪੂਰੀ ਵਚਨਬੱਧਤਾ ਨਾਲ ਜਾਰੀ ਰੱਖਿਆ ਜਾਵੇਗਾ ਤਾਂ ਜੋ ਸੂਬੇ ਦੇ ਹਰ ਵਰਗ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ। ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪਾਰਟੀ ਵਰਕਰਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH