
ਚੰਡੀਗੜ੍ਹ, 03 ਜੁਲਾਈ (ਹਿੰ.ਸ.)| ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਸਾਂਸਦ ਸੰਦੀਪ ਪਾਠਕ ਖ਼ਿਲਾਫ਼ ਪੰਜਾਬ ਵਿੱਚ ਐਫਆਈਆਰ ਦਰਜ ਹੋਈ ਹੈ ਜਾਂ ਨਹੀਂ, ਇਸ ਮਾਮਲੇ ਦੀ ਸੁਣਵਾਈ ਸ਼ੁੱਕਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਅਦਾਲਤ ਵਿੱਚ ਜਵਾਬ ਦਾਖ਼ਲ ਨਹੀਂ ਕੀਤਾ ਜਾ ਸਕਿਆ ਅਤੇ ਸਰਕਾਰ ਨੇ ਇੱਕ ਵਾਰ ਫਿਰ ਸਮਾਂ ਮੰਗਿਆ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ।ਸੰਦੀਪ ਪਾਠਕ ਦੇ ਵਕੀਲ ਅਰਜੁਨ ਸ਼ਯੋਰਨ ਨੇ ਦੱਸਿਆ ਕਿ ਸਰਕਾਰ ਵੱਲੋਂ ਜਿਸ ਵਕੀਲ ਨੂੰ ਪੇਸ਼ ਹੋਣਾ ਸੀ ਉਹ ਅਦਾਲਤ ਵਿੱਚ ਹਾਜ਼ਰ ਨਹੀਂ ਹੋਏ। ਇਸ ਕਾਰਨ ਸਰਕਾਰ ਨੇ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਮੰਗਿਆ, ਜਿਸ ‘ਤੇ ਹਾਈਕੋਰਟ ਨੇ ਅਗਲੀ ਸੁਣਵਾਈ 17 ਅਕਤੂਬਰ ਤੱਕ ਟਾਲ ਦਿੱਤੀ।ਵਕੀਲ ਅਰਜੁਨ ਸ਼ਯੋਰਨ ਮੁਤਾਬਕ ਇਹ ਮਾਮਲਾ ਪਿਛਲੇ ਦੋ ਮਹੀਨਿਆਂ ਤੋਂ ਹਾਈਕੋਰਟ ਵਿੱਚ ਚੱਲ ਰਿਹਾ ਹੈ ਪਰ ਹੁਣ ਤੱਕ ਪੰਜਾਬ ਸਰਕਾਰ ਇਹ ਸਪਸ਼ਟ ਨਹੀਂ ਕਰ ਸਕੀ ਕਿ ਸੰਦੀਪ ਪਾਠਕ ਖ਼ਿਲਾਫ਼ ਐਫਆਈਆਰ ਦਰਜ ਹੈ ਜਾਂ ਨਹੀਂ।ਜਿਕਰਯੋਗ ਹੈ ਕਿ ਪਹਿਲਾਂ ਸੰਦੀਪ ਪਾਠਕ ਖ਼ਿਲਾਫ਼ ਐਫਆਈਆਰ ਦਰਜ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਦਿੱਲੀ ਤੱਕ ਛਾਪੇਮਾਰੀ ਵੀ ਕੀਤੀ ਗਈ ਸੀ, ਹਾਲਾਂਕਿ ਉਹ ਉਸ ਸਮੇਂ ਗ੍ਰਿਫ਼ਤਾਰ ਨਹੀਂ ਹੋ ਸਕੇ।ਸੰਦੀਪ ਪਾਠਕ ਨੇ 8 ਮਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਦੋਸ਼ ਲਗਾਇਆ ਸੀ ਕਿ ਪੁਲਿਸ ਉਨ੍ਹਾਂ ਖ਼ਿਲਾਫ਼ ਦਰਜ ਐਫਆਈਆਰ ਦੀ ਜਾਣਕਾਰੀ ਨਹੀਂ ਦੇ ਰਹੀ। ਉਨ੍ਹਾਂ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਉਸ ਵੇਲੇ ਉਨ੍ਹਾਂ ਖ਼ਿਲਾਫ਼ ਕਿਸੇ ਵੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਸੀ।
ਹਿੰਦੂਸਥਾਨ ਸਮਾਚਾਰ / GURSHARAN SINGH