
ਪਟਿਆਲਾ, 30 ਜੁਲਾਈ (ਹਿੰ.ਸ.)| ਪਟਿਆਲਾ ਦੇ ਦੀਪ ਨਗਰ ਵਿੱਚ ਸੀਵਰ ਦੀ ਸਫਾਈ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਦੇ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਂਚ ਦੇ ਹੁਕਮ ਜਾਰੀ ਕੀਤੇ ਹਨ।
ਡਿਪਟੀ ਕਮਿਸ਼ਨਰ ਨੇ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਅਤੇ ਸੀਨੀਅਰ ਆਈਏਐਸ ਅਧਿਕਾਰੀ ਸੋਨਮ ਨੂੰ ਵਿਸਥਾਰਤ ਤੱਥ-ਖੋਜ ਜਾਂਚ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਕੁਤਾਹੀ ਸਾਹਮਣੇ ਆਉਣ 'ਤੇ ਜ਼ਿੰਮੇਵਾਰ ਅਧਿਕਾਰੀਆਂ ਜਾਂ ਕਰਮਚਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ।
ਡਾ. ਹਿਮਾਂਸ਼ੂ ਅਗਰਵਾਲ ਨੇ ਹਦਾਇਤ ਕੀਤੀ ਹੈ ਕਿ ਜਾਂਚ ਰਿਪੋਰਟ ਦੋ ਹਫ਼ਤਿਆਂ ਦੇ ਅੰਦਰ ਜਮ੍ਹਾਂ ਕਰਵਾਈ ਜਾਵੇ, ਤਾਂ ਜੋ ਜਾਂਚ ਵਿੱਚ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਢੁਕਵੀਂ ਕਾਰਵਾਈ ਕੀਤੀ ਜਾ ਸਕੇ।
ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਹੈ ਕਿ ਮਾਮਲੇ ਦੀ ਨਿਰਪੱਖ ਅਤੇ ਵਿਸਥਾਰਪੂਰਵਕ ਜਾਂਚ ਕਰਵਾਈ ਜਾਵੇਗੀ ਅਤੇ ਰਿਪੋਰਟ ਦੇ ਆਧਾਰ 'ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH